ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਪੱਤਰ ਪ੍ਰੇਰਕ
ਯਮੁਨਾਨਗਰ, 23 ਦਸੰਬਰ
ਇਥੇ ਅਨਾਜ ਮੰਡੀ ਜਗਾਧਰੀ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਸਾਂਝਾ ਕਿਸਾਨ ਮੋਰਚਾ ਦੇ ਬੈਨਰ ਹੇਠ ਇੱਕਠੇ ਹੋਏ ਕਿਸਾਨਾਂ ਨੇ ਅਨਾਜ ਮੰਡੀ ਦੇ ਗੇਟ ਅੱਗੇ ਪੁਰਾਣੀ ਹਾਈਵੇਅ ’ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਡੀਸੀ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ। ਸਾਂਝੇ ਮੋਰਚੇ ਵਿੱਚ ਕਿਸਾਨ, ਕੁੱਲ ਹਿੰਦ ਕਿਸਾਨ ਸਭਾ ਦੇ ਸਕੱਤਰ ਮਹੀਪਾਲ, ਸੂਬਾ ਪ੍ਰਧਾਨ ਗੁਰਭਜਨ ਸਿੰਘ ਪੰਜਗਰਾਈਂ, ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਗੁੱਜਰ ਨੇ ਕਿਹਾ ਕਿ ਦੇਸ਼ ਭਰ ਵਿੱਚ ਲਗਾਤਾਰ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਸਬੰਧੀ ਜ਼ਿਲ੍ਹੇ ਭਰ ਦੇ ਕਿਸਾਨ ਵੀ ਇਕੱਠੇ ਹੋਏ, ਕਿਸਾਨਾਂ ਨੇ ਦਾਣਾ ਮੰਡੀ ਵਿੱਚ ਸਵੇਰ ਤੋਂ ਦੁਪਹਿਰ ਤੱਕ ਧਰਨਾ ਦਿੱਤਾ। ਧਰਨੇ ਤੋਂ ਬਾਅਦ ਕਿਸਾਨ ਨਾਅਰੇਬਾਜ਼ੀ ਕਰਦਿਆਂ ਮਿਨੀ ਸਕੱਤਰੇਤ ਦੇ ਸਾਹਮਣੇ ਸ਼ਹਿਰ ਵਿੱਚੋਂ ਲੰਘਦੇ ਪੁਰਾਣੇ ਮੁੱਖ ਮਾਰਗ ’ਤੇ ਪੁੱਜੇ ਅਤੇ ਸੜਕ ਦੇ ਵਿਚਕਾਰ ਬੈਠ ਕੇ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਮਿਨੀ ਸਕੱਤਰੇਤ ਪੁੱਜ ਕੇ ਕਿਸਨਾਂ ਨੇ ਡੀਸੀ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਿਆ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਕੇਂਦਰ ਸਰਕਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣੀ ਹੈ। ਕਿਸਾਨਾਂ ਦਾ ਕਹਿਣਾ ਸੀ ਕਿ ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਨਹੀਂ ਛੱਡੀ ਜਾਣੀ ਚਾਹੀਦੀ, ਕਿਸਾਨਾਂ ’ਤੇ ਕਤਲ ਦੀ ਕੋਸ਼ਿਸ਼ ਸਮੇਤ ਕਈ ਝੂਠੇ ਕੇਸ ਦਰਜ ਹਨ, ਜੋ ਕਿ ਖਾਰਜ ਕੀਤੇ ਜਾਣੇ ਚਾਹੀਦੇ ਹਨ। ਕਿਸਾਨਾਂ ਨੇ ਗੌਤਮ ਬੁੱਧ ਨਗਰ ਦੀ ਲੁਕਸਰ ਜੇਲ੍ਹ ਵਿੱਚ ਬੰਦ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ ਵੀ ਕੀਤੀ।