For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ 6 ਨੂੰ ‘ਦਿੱਲੀ ਚੱਲੋ’ ਦਾ ਸੱਦਾ

07:05 AM Mar 04, 2024 IST
ਕਿਸਾਨਾਂ ਵੱਲੋਂ 6 ਨੂੰ ‘ਦਿੱਲੀ ਚੱਲੋ’ ਦਾ ਸੱਦਾ
ਕਿਸਾਨ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਹਾਜ਼ਰ ਸੰਗਤ।
Advertisement

ਰਮਨਦੀਪ ਸਿੰਘ
ਚਾਉਕੇ, 3 ਮਾਰਚ
ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕੇਂਦਰ ਸਰਕਾਰ ’ਤੇ ਕਿਸਾਨੀ ਮੰਗਾਂ ਮਨਵਾਉਣ ਦਾ ਦਬਾਅ ਪਾਉਣ ਲਈ ਅੱਜ 10 ਮਾਰਚ ਨੂੰ ਦੇਸ਼ ਵਿੱਚ ਚਾਰ ਘੰਟੇ ‘ਰੇਲ ਰੋਕੋ’ ਦਾ ਐਲਾਨ ਕੀਤਾ ਅਤੇ ਦੇਸ਼ ਦੇ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨਾਂ ਲਈ 6 ਮਾਰਚ ਨੂੰ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਦਰਸ਼ਨ ਵਾਲੀਆਂ ਥਾਵਾਂ ’ਤੇ ਕਿਸਾਨਾਂ ਦਾ ਅੰੰਦੋਲਨ ਤੇਜ਼ ਕੀਤਾ ਜਾਵੇਗਾ ਅਤੇ ਇਹ ਅੰਦੋਲਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਉਹ ਪੰਜਾਬ-ਹਰਿਆਣਾ ਹੱਦ ’ਤੇ ਖਨੌਰੀ ਬਾਰਡਰ ਉੱਤੇ 21 ਫਰਵਰੀ ਨੂੰ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਜੱਦੀ ਪਿੰਡ ਬੱਲ੍ਹੋ ਵਿੱਚ ਉਸ ਨੂੰ ਸ਼ਰਧਾਂਜਲੀ ਦੇਣ ਮੌਕੇ ਸੰਬੋਧਨ ਕਰ ਰਹੇ ਸਨ।
ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਸਬੰਧੀ ਸਮਾਗਮ ਪਿੰਡ ਬੱਲ੍ਹੋ ਦੀ ਅਨਾਜ ਮੰਡੀ ਵਿੱਚ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ੁਭਕਰਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਦੋਂ ਤੱਕ ਕਿਸਾਨੀ ਰਹੇਗੀ ਉਦੋਂ ਤੱਕ ਖਨੌਰੀ ਬਾਰਡਰ ਦੇ ਸ਼ਹੀਦ ਸ਼ੁਭਕਰਨ ਸਿੰਘ ਦਾ ਨਾਂ ਸ਼ਹੀਦਾਂ ਦੀ ਪਹਿਲੀ ਕਤਾਰ ਵਿੱਚ ਆਉਂਦਾ ਰਹੇਗਾ। ਉਨ੍ਹਾਂ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜਨ ਦਾ ਪ੍ਰਣ ਕੀਤਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਦੀਆਂ ਰੋਕਾਂ ਤੇ ਮੀਡੀਆ ਦੇ ਇੱਕ ਹਿੱਸੇ ਵੱਲੋਂ ਬਦਨਾਮ ਕਰਨ ਦੇ ਬਾਵਜੂਦ ਕਿਸਾਨ ਅੰਦੋਲਨ ਕੌਮਾਂਤਰੀ ਪੱਧਰ ’ਤੇ ਪਹੁੰਚ ਗਿਆ ਹੈ।
ਉਨ੍ਹਾਂ ਐਲਾਨ ਕੀਤਾ ਕਿ 6 ਮਾਰਚ ਨੂੰ ਪੰਜਾਬ ਤੇ ਹਰਿਆਣਾ ਨੂੰ ਛੱਡ ਕੇ ਦੇਸ਼ ਦੇ ਬਾਕੀ ਹਿੱਸਿਆਂ ਤੋਂ ਲੋਕ ਪੈਦਲ, ਬੱਸਾਂ ਅਤੇ ਰੇਲ ਗੱਡੀਆਂ ਰਾਹੀਂ ਕੌਮੀ ਰਾਜਧਾਨੀ ਦਿੱਲੀ ਪਹੁੰਚਣਗੇ ਜਦੋਂਕਿ ਖਨੌਰੀ ਅਤੇ ਸ਼ੰਭੂ ਬਾਰਡਰਾਂ ’ਤੇ ਅੰਦੋਲਨ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 10 ਮਾਰਚ ਨੂੰ 12 ਵਜੇ ਤੋਂ 4 ਵਜੇ ਤੱਕ ਰੇਲਾਂ ਰੋਕੀਆਂ ਜਾਣਗੀਆਂ। ਪੰਧੇਰ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਕਿਸਾਨਾਂ ਦੀਆਂ ਮੰਗਾਂ ਦੀ ਹਮਾਇਤ ਵਿੱਚ ਇੱਕ ਮਤਾ ਪਾਸ ਕਰਨਾ ਚਾਹੀਦਾ ਹੈ ਅਤੇ ਹਰੇਕ ਪਿੰਡ ਤੋਂ ਇੱਕ ਟਰੈਕਟਰ-ਟਰਾਲੀਆਂ ਵਿਰੋਧ ਪ੍ਰਦਰਸ਼ਨ ਵਾਲੀਆਂ ਥਾਵਾਂ ’ਤੇ ਪਹੁੰਚਣੀਆਂ ਚਾਹੀਦੀਆਂ ਹਨ। ਇਸ ਮੌਕੇ ਤਿਹਾੜ ਜੇਲ੍ਹ ਵਿਚ ਬੰਦ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ ਵੱਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਆਰਥਿਕ ਸਹਾਇਤਾ ਦਿੱਤੀ ਗਈ।
ਉਨ੍ਹਾਂ ਵੱਲੋਂ ਖਨੌਰੀ ਬਾਰਡਰ ’ਤੇ ਟਰੈਕਟਰਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਦਾ ਵੀ ਐਲਾਨ ਕੀਤਾ। ਇਸ ਦੌਰਾਨ ਦੋਵੇਂ ਫਰੰਟਾਂ ਵੱਲੋਂ ਚਾਰ ਮਤੇ ਪਾਸ ਕੀਤੇ ਗਏ।

Advertisement

ਸ਼ਰਧਾਂਜਲੀ ਸਮਾਗਮ ਦੌਰਾਨ ਸਟੇਜ ਉਤੇ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਸਿਰੋਪਾ ਦਿੰਦੇ ਹੋਏ ਕਿਸਾਨ ਆਗੂ।

ਪਹਿਲਾ, ਪੰਜਾਬ ਸਰਕਾਰ ਖਨੌਰੀ ਬਾਰਡਰ ’ਤੇ ਗੋਲੀ ਚਲਾਉਣ ਦਾ ਹੁਕਮ ਦੇਣ ਵਾਲੇ ਅਧਿਕਾਰੀਆਂ ਦੀ ਤਫ਼ਤੀਸ਼ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਸੁੱਟੇ, ਦੂਜਾ, ਦੋਵੇਂ ਹੱਦਾਂ ’ਤੇ ਕਿਸਾਨਾਂ ਨੂੰ ਜ਼ਖ਼ਮੀ ਕਰਨ ਅਤੇ ਮਸ਼ੀਨਰੀ ਦੀ ਭੰਨ-ਤੋੜ ਕਰਨ ਸਬੰਧੀ ਵੱਖਰੀ ਐੱਫਆਈਆਰ ਦਰਜ ਕੀਤੀ ਜਾਵੇ, ਤੀਜਾ, ਪੰਜਾਬ ਵਿੱਚ ਗੜੇ ਪੈਣ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਚੌਥਾ ਕਿਸਾਨੀ ਮੰਗਾਂ ਮਨਵਾਉਣ ਲਈ ਪੂਰੇ ਦੇਸ਼ ਦੀਆਂ ਕਿਸਾਨ-ਮਜ਼ਦੂਰ ਜਥੇਬੰਦੀਆਂ ਦੀ ਏਕਤਾ ਲਈ ਯਤਨ ਤੇਜ਼ ਕੀਤੇ ਜਾਣ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਪ੍ਰਧਾਨ ਸੁਰਜੀਤ ਸਿੰਘ ਫੂਲ, ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ ਧਨੇਰ) ਦੇ ਮਨਜੀਤ ਸਿੰਘ ਧਨੇਰ, ਗੁਰਨਾਮ ਸਿੰਘ ਚੜੂਨੀ, ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਵਿਧਾਇਕ ਬਲਕਾਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਸਿਕੰਦਰ ਸਿੰਘ ਮਲੂਕਾ, ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪਰਮਿੰਦਰ ਸਿੰਘ, ਅਵਤਾਰ ਸਿੰਘ ਟੋਫੀ, ਲੱਖਾ ਸਿਧਾਣਾ, ਭਾਨਾ ਸਿੱਧੂ ਆਦਿ ਹਾਜ਼ਰ ਸਨ। ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਕਾਕਾ ਸਿੰਘ ਕੋਟੜਾ ਨੇ ਸ਼ੁਭਕਰਨ ਦੀ ਅੰਤਿਮ ਅਰਦਾਸ ਮੌਕੇ ਪੁੱਜੇ ਲੋਕਾਂ ਦਾ ਧੰਨਵਾਦ ਕੀਤਾ।

Advertisement
Author Image

Advertisement
Advertisement
×