ਕਿਸਾਨਾਂ ਨੇ ਢਾਬੀ ਗੁੱਜਰਾਂ ਬਾਰਡਰ ’ਤੇ 4 ਨੂੰ ਮਹਾਪੰਚਾਇਤ ਸੱਦੀ
ਸਰਬਜੀਤ ਭੰਗੂ/ਗੁਰਨਾਮ ਚੌਹਾਨ/ਪੀਟੀਆਈ
ਪਟਿਆਲਾ/ਪਾਤੜਾਂ, 28 ਦਸੰਬਰ
ਕਿਸਾਨੀ ਮੰਗਾਂ ਦੀ ਪੂਰਤੀ ਅਤੇ 70 ਸਾਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ 33 ਦਿਨਾਂ ਤੋਂ ਜਾਰੀ ਮਰਨ ਵਰਤ ਕਰ ਕੇ ਗੰਭੀਰ ਬਣੇ ਹਾਲਾਤ ਦੇ ਮੱਦੇਨਜ਼ਰ ਕਿਸਾਨਾਂ ਨੇ 4 ਜਨਵਰੀ ਨੂੰ ਢਾਬੀ ਗੁੱਜਰਾਂ ਬਾਰਡਰ ’ਤੇ ਮਹਾ ਕਿਸਾਨ ਪੰਚਾਇਤ ਸੱਦ ਲਈ ਹੈ। ਇਸ ਦਿਨ ਦੇਸ਼ ਭਰ ਦੇ ਲੱਖਾਂ ਕਿਸਾਨਾਂ ਦਾ ਇਕੱਠ ਕਰਨ ਦਾ ਪ੍ਰੋਗਰਾਮ ਹੈ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਨੇ 30 ਦਸੰਬਰ ਨੂੰ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਸੀ। ਇਹ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੈ। ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸੂਬਾਈ ਪ੍ਰਧਾਨ ਸੁਰਜੀਤ ਸਿੰਘ ਫੂਲ ਅਤੇ ਕਿਸਾਨ ਯੂਨੀਅਨ ਆਜ਼ਾਦ ਦੇ ਸੂਬਾਈ ਆਗੂ ਮਨਜੀਤ ਸਿੰਘ ਨਿਆਲ ਨੇ ਕਿਹਾ ਕਿ ਇਸ ਇਕੱਠ ਵਿੱਚ ਨਾ ਸਿਰਫ਼ ਪੰਜਾਬ, ਬਲਕਿ ਦੇਸ਼ ਭਰ ਦੇ ਕਿਸਾਨਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਹੋਣ ਵਾਲੇ ਵਿਸ਼ਾਲ ਇਕੱਠ ਨੂੰ ਜਗਜੀਤ ਸਿੰਘ ਡੱਲੇਵਾਲ ਵੀ ਸੰਬੋਧਨ ਕਰਨਗੇ। ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ, ‘‘4 ਜਨਵਰੀ ਨੂੰ ਢਾਬੀ ਗੁੱਜਰਾਂ ’ਤੇ ਇਕ ਵੱਡੀ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ।’’