ਕਿਸਾਨਾਂ ਨੇ ਖੇਤੀ ਮੰਡੀ ਨੀਤੀ ਦਾ ਖਰੜਾ ਫੂਕ ਕੇ ਲੋਹੜੀ ਮਨਾਈ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਜਨਵਰੀ
ਲੋਹੜੀ ਦੇ ਤਿਉਹਾਰ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਦੇ ਸੈਂਕੜੇ ਪਿੰਡਾਂ ਵਿੱਚ ਕਿਸਾਨਾਂ ਮਜ਼ਦੂਰਾਂ ਤੇ ਔਰਤਾਂ ਨੇ ਕੇਂਦਰ ਵੱਲੋਂ ਲਿਆਂਦੀ ਨਵੀਂ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਦਾ ਵਿਰੋਧ ਕਰਦਿਆਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਦੀ ਅਗਵਾਈ ਵਿੱਚ ਇਸ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਖਰੜਾ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਵਾਪਿਸ ਲਏ, ਖੇਤੀ ਕਾਨੂੰਨਾਂ ਨੂੰ ਦੁਬਾਰਾ ਅਸਿੱਧੇ ਰੂਪ ਵਿੱਚ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਹ ਸਿੱਧਾ ਸਿੱਧਾ ਖੇਤੀ ਜਿਣਸਾਂ ਦੀ ਖਰੀਦ ਅਤੇ ਭੰਡਾਰਨ ਨੂੰ ਪੂਰੇ ਤਰੀਕੇ ਨਾਲ ਕਾਰਪੋਰੇਟ ਘਰਾਣਿਆਂ ਦੇ ਹੱਥੀਂ ਦੇਣ ਵਾਲੀ ਨੀਤੀ ਹੈ,ਜਿਸ ਨਾਲ ਆਉਂਦੇ ਸਮੇਂ ਵਿੱਚ ਕੱਚਾ ਮਾਲ ਤੋਂ ਲੈ ਕੇ ਪੱਕਾ ਮਾਲ ਤਿਆਰ ਕਰਨ ਅਤੇ ਪ੍ਰਚੂਨ ਵਪਾਰ ਤੱਕ ਤੇ ਕਾਰਪੋਰੇਟ ਦਾ ਕਬਜ਼ਾ ਹੋਵੇਗਾ ਅਤੇ ਕਿਸਾਨਾਂ ਦੀਆਂ ਫਸਲਾਂ ਕੌਡੀਆਂ ਦੇ ਭਾਅ ਖਰੀਦੀਆਂ ਜਾਣਗੀਆਂ। ਇਸਦੇ ਚਲਦੇ ਸਰਕਾਰੀ ਮੰਡੀ ਬੰਦ ਹੋਵੇਗੀ ਅਤੇ ਸਭ ਤੋਂ ਪਹਿਲਾਂ ਖੇਤੀ ਮੰਡੀ ਤੋਂ ਰੋਟੀ ਰੋਜ਼ੀ ਕਮਾ ਰਹੇ ਮਜਦੂਰ ਦਾ ਰੁਜਗਾਰ ਖੁੱਸ ਜਾਵੇਗਾ।
ਕਾਹਨੂੰਵਾਨ (ਵਰਿੰਦਰਜੀਤ ਸਿੰਘ ਜਾਗੋਵਾਲ): ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਵੱਖ ਵੱਖ ਕਿਸਾਨ ਯੂਨੀਅਨਾਂ ਵੱਲੋਂ ਮੰਡੀ ਖਰੜੇ ਦੀਆਂ ਕਾਪੀਆਂ ਸਥਾਨਕ ਕਸਬੇ ਤੋਂ ਇਲਾਵਾ ਵੱਖ ਵੱਖ ਥਾਵਾਂ ਉੱਤੇ ਸਾੜੀਆਂ ਗਈਆਂ। ਮਾਝਾ ਸੰਘਰਸ਼ ਕਮੇਟੀ ਵੱਲੋਂ ਸਥਾਨ ਕਸਬੇ ਵਿੱਚ ਪ੍ਰਧਾਨ ਬਲਵਿੰਦਰ ਸਿੰਘ ਰਾਜੂ ਔਲਖ ਦੀ ਅਗਵਾਈ ਵਿੱਚ ਅਤੇ ਇੱਥੋਂ ਨੇੜਲੇ ਪੁਲ ਸਠਿਆਲੀ ਵਿਖੇ ਕਿਸਾਨ ਮਜਦੂਰ ਯੂਨੀਅਨ ਪੰਜਾਬ ਵੱਲੋਂ ਬਲਾਕ ਪ੍ਰਧਾਨ ਸੁਖਵੰਤ ਸਿੰਘ ਸਠਿਆਲੀ ਦੀ ਅਗਵਾਈ ਵਿੱਚ ਮੰਡੀ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਤੋਂ ਇਲਾਵਾ ਹਰਚੋਵਾਲ ਅਤੇ ਭੈਣੀ ਮੀਆਂ ਖਾਂ ਵਿਖੇ ਵੀ ਕਿਸਾਨਾਂ ਵੱਲੋਂ ਖਰੜੇ ਦੀਆਂ ਕਾਪੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।
ਤਰਨ ਤਾਰਨ (ਗੁਰਬਖਸ਼ਪੁਰੀ): ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਿਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਲੋਹੜੀ ਦੇ ਤਿਉਹਾਰ ਮੌਕੇ ਕੇਂਦਰ ਸਰਕਾਰ ਦੇ ਨਵੇਂ ਖੇਤੀ ਖਰੜੇ ਖਿਲਾਫ਼ ਜ਼ਿਲ੍ਹੇ ਅੰਦਰ ਤਹਿਸੀਲ ਪੱਧਰ ’ਤੇ ਐਸਡੀਐਮ ਦਫਤਰਾਂ ਸਾਹਮਣੇ ਰੋਸ ਵਿਖਾਵੇ ਕਰਕੇ ਖੇਤੀ ਖਰੜੇ ਦੀਆਂ ਕਾਪੀਆਂ ਸਾੜੀਆਂ|
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਲੋਹੜੀ ਦੇ ਤਿਉਹਾਰ ਮੌਕੇ ਅੱੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮਾਸਟਰ ਸ਼ਿੰਗਾਰਾ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਇਕਬਾਲ ਸਿੰਘ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਮੰਡੀਆਂ ਨੂੰ ਖਤਮ ਕਰਨ ਵਾਲੇ ਖੇਤੀ ਮੰਡੀਕਰਨ ਖਰੜੇ ਨੂੰ ਫ਼ੂਕ ਕੇ ਦੁੱਲੇ ਭੱਟੀ ਨੂੰ ਸਲਾਮੀ ਦਿੱਤੀ ਗਈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਅੱਡਾ ਬੁੱਲ੍ਹੋਵਾਲ ’ਚ ਰੋਸ ਮਾਰਚ ਕੱਢਿਆ ’ਤੇ ਬਸ ਸਟੈਂਡ ਪਹੁੰਚ ਕੇ ਖਰੜੇ ਦੀਆਂ ਕਾਪੀਆਂ ਫ਼ੂਕੀਆਂ। ਉਕਤ ਆਗੂਆਂ ਨੇ ਕਿਹਾ ਕਿ ਸਰਕਾਰ ਦਾ ਇਹ ਖਰੜਾ ਦੇਸ਼ ਦੀ ਆਰਥਿਕਤਾ ਤੇ ਕਿਸਾਨਾਂ ਲਈ ਤਬਾਹਕੁਨ ਹੈ। ਕਿਸਾਨ ਆਗੂ ਪਰਮਜੀਤ ਸਿੰਘ ਨੇ ਕਿਹਾ ਕਿ ਇਹ ਖਰੜਾ ਸਰਕਾਰੀ ਮੰਡੀਆਂ ਦੇ ਨਿੱਜੀਕਰਨ ਅਤੇ ਅੰਬਾਨੀਆਂ ਅਡਾਨੀਆਂ ਨੂੰ ਦੇਣ ਵੱਲ ਉਠਾਇਆ ਗਿਆ ਕਦਮ ਹੈ। ਇਸੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਦੇ ਖੇਤੀ ਮਾਰਕੀਟਿੰਗ ਸਬੰਧੀ ਖਰੜੇ ਦੇ ਵਿਰੋਧ ’ਚ ਮੋਰਚੇ ਦੇ ਆਗੂ ਹਰਬੰਸ ਸਿੰਘ ਸੰਘਾ ਦੀ ਅਗਵਾਈ ਹੇਠ ਅੱਜ ਇੱਥੇ ਐਸ.ਡੀ.ਐਮ ਦਫ਼ਤਰ ਅੱਗੇ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ।
ਭੋਗਪੁਰ (ਬਲਵਿੰਦਰ ਸਿੰਘ ਭੰਗੂ): ਕਿਸਾਨ ਜਥੇਬੰਦੀਆਂ ਦੇ ਆਗੂਆਂ ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਹਰਸਲਿੰਦਰ ਸਿੰਘ ਢਿੱਲੋਂ ਗੁਰਦੀਪ ਸਿੰਘ ਚੱਕ ਝੱਡੂ, ਅਮਰਜੀਤ ਸਿੰਘ ਚੌਲਾਂਗ ਅਤੇ ਰਣਜੀਤ ਸਿੰਘ ਰਾਣਾ ਦੀ ਅਗਵਾਈ ਵਿੱਚ ਕਿਸਾਨਾਂ ਨੇ ਦਾਣਾ ਮੰਡੀ ਵਿੱਚ ਸਥਿਤ ਸਬ ਤਹਿਸੀਲ ਭੋਗਪੁਰ ਦੇ ਸਾਹਮਣੇ ਮੰਡੀਕਰਨ ਡਰਾਫਟ ਦੀਆਂ ਕਾਪੀਆਂ ਸਾੜੀਆਂ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਸ਼ਾਹਕੋਟ (ਗੁਰਮੀਤ ਸਿੰਘ ਖੋਸਲਾ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਇੱਥੋਂ ਦੇ ਤਹਿਸੀਲ ਕੰਪਲੈਕਸ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਵਰਕਰਾਂ ਨੇ ਸੰਯੁਕਤ ਰੂਪ ’ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਰੈਲੀ ਕਰ ਕੇ ਮੰਡੀਕਰਨ ਡਰਾਫਟ ਦੀਆਂ ਕਾਪੀਆਂ ਸਾੜੀਆਂ। ਕਿਸਾਨ ਆਗੂ ਜਥੇਦਾਰ ਰਣਜੀਤ ਸਿੰਘ, ਮੇਜਰ ਸਿੰਘ ਬਾਜਵਾ, ਬਲਦੇਵ ਸਿੰਘ, ਸੁਰਿੰਦਰਪਾਲ ਸਿੰਘ, ਮਨਜੀਤ ਮਲਸੀਆਂ ਅਤੇ ਗੁਰਚਰਨ ਸਿੰਘ ਚਾਹਲ ਨੇ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ 26 ਜਨਵਰੀ ਨੂੰ ਤਹਿਸੀਲ ਅੰਦਰ ਟ੍ਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ।
ਤਲਵਾੜਾ (ਦੀਪਕ ਠਾਕੁਰ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਖ਼ੇਤਰ ਦੀਆਂ ਕਿਸਾਨ ਜਥੇਬੰਦੀਆਂ ਨੇ ਐੱਸਡੀਐੱਮ ਦਫ਼ਤਰ ਮੁਕੇਰੀਆਂ ਵਿੱਚ ਮੰਡੀਕਰਨ ਦੇ ਖਰੜੇ ਦੀਆਂ ਕਾਪੀਆਂ ਫੂਕ ਕੇ ਲੋਹੜੀ ਮਨਾਈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜਮਹੂਰੀ ਕਿਸਾਨ ਸਭਾ ਤੋਂ ਸਵਰਨ ਸਿੰਘ ਅਤੇ ਅਮਜਰੀਤ ਕਾਨੂੰਗੋ, ਦੋਆਬਾ ਸੰਘਰਸ਼ ਕਮੇਟੀ ਤੋਂ ਅਵਤਾਰ ਸਿੰਘ ਬੌਬੀ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੋਂ ਡਾ ਜਤਿੰਦਰ ਕਾਲਰਾ, ਪੰਜਾਬ ਕਿਸਾਨ ਸਭਾ ਤੋਂ ਅਸ਼ੋਕ ਮਹਾਜਨ ਤੇ ਸ਼ਾਮ ਸਿੰਘ, ਆਲ ਇੰਡਿਆ ਕਿਸਾਨ ਸਭਾ ਤੋਂ ਰਘੁਵੀਰ ਸਿੰਘ ਅਤੇ ਧਿਆਨ ਸਿੰਘ ਨੇ ਕੇਂਦਰ ਸਰਕਾਰ ’ਤੇ ਨਵੀਂ ਖੇਤੀ ਨੀਤੀ ਨੂੰ ਟੇਢੇ ਢੰਗ ਨਾਲ ਲਾਗੂ ਕਰਵਾਉਣ ਦੇ ਦੋਸ਼ ਲਗਾਏ।
ਦਸੂਹਾ (ਭਗਵਾਨ ਦਾਸ ਸੰਦਲ): ਇੱਥੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਸਥਾਨਕ ਇਕਾਈ ਵੱਲੋਂ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਉਪ ਮੰਡਲ ਮੈਜਿਸਟ੍ਰੇਟ ਦਫਤਰ ਮੂਹਰੇ ਖੇਤੀ ਮੰਡੀਕਰਨ ਖਰੜੇ ਦੀਆਂ ਕਾਪੀਆਂ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਕੇ ਰੋਸ ਜ਼ਾਹਰ ਕੀਤਾ। ਆਗੂਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬਿਆਂ ਨੂੰ ਭੇਜੇ ਖੇਤੀ ਮੰਡੀਕਰਨ ਖਰੜੇ ਦੇ ਵਿਰੋਧ ਵਿੱਚ ਜਥੇਬੰਦੀ ਦੇ ਕਾਰਕੁਨਾਂ ਵੱਲੋਂ ਐੱਸ.ਕੇ.ਐੱਮ. ਦੇ ਸੱਦੇ ’ਤੇ ਤਹਿਸੀਲ, ਉਪ ਮੰਡਲ ਅਤੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਗਏ ਹਨ।
ਫਿਲੌਰ (ਸਰਬਜੀਤ ਗਿੱਲ): ਇੱਥੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਖੇਤੀ ਮੰਡੀਕਰਨ ਦੇ ਖਰੜੇ ਦੀਆਂ ਕਾਪੀਆਂ ਸਾੜ ਕੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ। ਆਗੂਆਂ ਕਿਹਾ ਕਿ ਇਹ ਖਰੜਾ ਪਹਿਲਾਂ ਰੱਦ ਕਰਵਾਏ ਤਿੰਨ ਕਾਲੇ ਕਾਨੂੰਨਾਂ ਨੂੰ ਹੀ ਰੂਪਮਾਨ ਕਰਦਾ ਹੈ। ਆਗੂਆਂ ਨੇ ਕਿਹਾ ਕਿ ਅਜਿਹਾ ਕਾਨੂੰਨ ਲਾਗੂ ਹੋਣ ਨਾਲ ਕਾਰਪੋਰੇਟ ਸੈਕਟਰ ਦਾ ਖੇਤੀ ’ਤੇ ਕਬਜ਼ਾ ਕਰਨ ਦਾ ਰਾਹ ਪੱਧਰਾ ਹੋ ਜਾਵੇਗਾ। ਅੱਜ ਦੇ ਰੋਸ ਐਕਸ਼ਨ ਦੀ ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਬੀਕੇਯੂ ਕਾਦੀਆਂ, ਬੀਕੇਯੂ ਰਾਜੇਵਾਲ ਦੇ ਆਗੂਆਂ ਨੇ ਅਗਵਾਈ ਕੀਤੀ।
ਗੁਰਦਾਸਪੁਰ (ਜਤਿੰਦਰ ਬੈਂਸ): ਸੰਯੁਕਤ ਕਿਸਾਨ ਮੋਰਚਾ (ਭਾਰਤ) ਦੇ ਫੈਸਲੇ ਮੁਤਾਬਕ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਤਹਿਸੀਲ ਗੁਰਦਾਸਪੁਰ ਵੱਲੋਂ ਅੱਜ ਵੱਖ-ਵੱਖ ਜਥੇਬੰਦੀਆਂ ਦੇ ਕਿਸਾਨਾਂ ਨੇ ਗੁਰੂ ਨਾਨਕ ਪਾਰਕ ਵਿੱਚ ਇਕੱਤਰ ਹੋ ਕੇ ਸ਼ਹਿਰ ਵਿੱਚ ਮਾਰਚ ਕਰਨ ਉਪਰੰਤ ਡਾਕਖਾਨਾ ਚੌਕ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਮੰਡੀਕਰਨ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ। ਰੋਸ ਮਾਰਚ ਦੀ ਪ੍ਰਧਾਨਗੀ ਮੱਖਣ ਸਿੰਘ ਕੁਹਾੜ,ਗੁਰਮੁਖ ਸਿੰਘ ਖਹਿਰਾ, ਤਰਲੋਕ ਸਿੰਘ ਬਹਿਰਾਮਪੁਰ, ਮੰਗਤ ਸਿੰਘ ਜੀਵਨ ਚੱਕ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਗੁਰਦੀਪ ਸਿੰਘ ਮੁਸਤਫਾਬਾਦ ਨੇ ਸਾਂਝੇ ਤੌਰ ’ਤੇ ਕੀਤੀ।
ਦੀਨਾਨਗਰ (ਸਰਬਜੀਤ ਸਾਗਰ): ਕਿਸਾਨਾਂ ਵੱਲੋਂ ਅੱਜ ਲੋਹੜੀ ਮੌਕੇ ਕੌਮੀ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜ ਕੇ ਮੋਦੀ ਸਰਕਾਰ ਖ਼ਿਲਾਫ਼ ਰੋਸ ਜਤਾਇਆ ਗਿਆ। ਇਸ ਦੌਰਾਨ ਕਿਸਾਨਾਂ ਨੇ ਖਰੜੇ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਇਸਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਅਤੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਆਏ ਦਿਨ ਲਏ ਜਾ ਰਹੇ ਕਿਸਾਨ ਵਿਰੋਧੀ ਫ਼ੈਸਲਿਆਂ ਦੀ ਨਿੰਦਾ ਕੀਤੀ।
ਪਠਾਨਕੋਟ (ਐਨਪੀ ਧਵਨ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਖੇਤੀਬਾੜੀ ਮਾਰਕੀਟਿੰਗ ਤੇ ਰਾਸ਼ਟਰੀ ਨੀਤੀ ਦੇ ਖਰੜੇ ਦੀਆਂ ਕਾਪੀਆਂ ਡੀਸੀ ਦਫਤਰ ਦੇ ਸਾਹਮਣੇ ਸਾੜੀਆਂ ਗਈਆਂ। ਇਸ ਐਕਸ਼ਨ ਦੀ ਅਗਵਾਈ ਦੁਆਬਾ ਸੰਘਰਸ਼ ਕਮੇਟੀ ਦੇ ਮੇਹਰ ਸਿੰਘ, ਦਲਜੀਤ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਕੇਵਲ ਕਾਲੀਆ, ਪਰਸ਼ੋਤਮ ਕੁਮਾਰ, ਬੀਕੇਯੂ ਏਕਤਾ ਉਗਰਾਹਾਂ ਦੇ ਰਜਿੰਦਰ ਸਿੰਘ ਗੋਲਡੀ, ਜਮਹੂਰੀ ਕਿਸਾਨ ਸਭਾ ਦੇ ਬਲਦੇਵ ਰਾਜ ਭੋਆ ਤੇ ਬਲਬੀਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਪਰਮਜੀਤ, ਜਗਦੀਸ਼ ਰਤਨਗੜ੍ਹ, ਬੀਕੇਯੂ ਰਾਜੇਵਾਲ ਦੇ ਕੇਵਲ ਸਿੰਘ ਕੰਗ, ਕੁੱਲ ਹਿੰਦ ਕਿਸਾਨ ਸਭਾ ਦੇ ਇਕਬਾਲ ਸਿੰਘ ਤੇ ਅਮਰੀਕ ਸਿੰਘ ਨੇ ਕੀਤੀ।
ਜੰਡਿਆਲਾ ਗੁਰੂ (ਸਿਮਰਤਪਾਲ ਸਿੰਘ ਬੇਦੀ): ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਚਾਟੀਵਿੰਡ ਅਤੇ ਵੱਖ-ਵੱਖ ਪਿੰਡਾਂ ਵਿੱਚ ਅੱਜ ਲੋਹੜੀ ਮੌਕੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਖਰੜੇ ਦੀਆਂ ਕਾਪੀਆਂ ਸਾੜ ਕੇ ਵਿਰੋਧ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਚਾਟੀਵਿੰਡ, ਮੰਗਲ ਸਿੰਘ ਰਾਮਪੁਰਾ, ਸਰਪੰਚ ਸੰਦੀਪ ਸਿੰਘ ਮਿੱਠਾ ਨੇ ਸੰਬੋਧਨ ਕੀਤਾ।
ਅਜਨਾਲਾ (ਸੁਖਦੇਵ ਸੁੱਖ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜਮੂਹਰੀ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਧਨਵੰਤ ਸਿੰਘ ਖਤਰਾਏ ਕਲਾਂ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਸੰਯੁਕਤ ਭਲਾਈ ਕਿਸਾਨ ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਬਾਠ ਦੀ ਅਗਵਾਈ ਵਿੱਚ ਕਿਸਾਨਾਂ ਨੇ ਕੌਮੀ ਖੇਤੀ ਮੰਡੀਕਰਨ ਨੀਤੀ ਦੀਆਂ ਕਾਪੀਆਂ ਅਜਨਾਲਾ ਦੇ ਮੁੱਖ ਚੌਕ ਵਿੱਚ ਫੂਕੀਆਂ ਗਈਆਂ।
ਧਾਰੀਵਾਲ (ਸੁੱਚਾ ਸਿੰਘ ਪਸਨਾਵਾਲ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਬੁਰਜ ਸਾਹਿਬ ਧਾਰੀਵਾਲ ਦੇ ਪ੍ਰਧਾਨ ਹਰਚਰਨ ਸਿੰਘ ਨੇ ਦੱਸਿਆ ਕਿ ਜ਼ੋਨ ਬੁਰਜ ਸਾਹਿਬ ਅਧੀਨ ਪੈਂਦੇ ਬੱਬਰੀ ਨੰਗਲ, ਖਾਨਮਲੱਕ ਆਦਿ ਵੱਖ ਵੱਖ ਪਿੰਡਾਂ ਵਿੱਚ ਇਕਾਈਆਂ ਦੇ ਆਗੂਆਂ ਵੱਲੋਂ ਅੱਜ ਲੋਹੜੀ ਦੇ ਤਿਉਹਾਰ ਮੌਕੇ ਨਵੇਂ ਖੇਤੀ ਮੰਡੀਕਰਨ ਸਬੰਧੀ ਨੀਤੀ ਖਰੜੇ ਦੀਆਂ ਕਾਪੀਆਂ ਸਾੜੀਆਂ ਗਈਆਂ। ਜ਼ੋਨ ਪ੍ਰਧਾਨ ਹਰਚਰਨ ਸਿੰਘ ਨੇ ਖਰੜੇ ਦੀ ਸਖਤ ਨਿਖੇਧੀ ਕੀਤੀ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਵਿਖਾਵੇ
ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਵੱਖ ਵੱਖ ਜਥੇਬੰਦੀਆਂ ਵੱਲੋਂ ਅੱਜ ਲੋਹੜੀ ਵਾਲੇ ਦਿਨ ਵੱਖ ਵੱਖ ਥਾਵਾਂ ’ਤੇ ਕੇਂਦਰ ਸਰਕਾਰ ਖਿਲਾਫ ਰੋਸ ਵਿਖਾਵਾ ਕੀਤਾ ਗਿਆ ਅਤੇ ਖੇਤੀ ਬਿਲਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ। ਕਿਸਾਨਾਂ ਨੇ ਮੋਦੀ ਸਰਕਾਰ ਨੂੰ ਤਾੜਨਾ ਕੀਤੀ ਕਿ ਜੇਕਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕੋਈ ਨੁਕਸਾਨ ਹੋਇਆ ਤਾਂ ਭਾਜਪਾ ਆਗੂਆਂ ਨੂੰ ਪਿੰਡਾਂ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਅੱਜ ਇਥੇ ਪੁਤਲੀ ਘਰ ਵਿਖੇ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਾਰਕੁਨ ਇਕੱਠੇ ਹੋਏ ਅਤੇ ਉਹਨਾਂ ਨੇ ਦੁਬਾਰਾ ਲਾਗੂ ਕੀਤੇ ਜਾ ਰਹੇ ਖੇਤੀ ਕਾਨੂੰਨ ਨੂੰ ਰੱਦ ਕਰਾਉਣ ਵਾਸਤੇ ਖੇਤੀ ਬਿਲਾਂ ਦੀਆਂ ਕਾਪੀਆਂ ਸਾੜ ਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ। ਪੁਤਲੀ ਘਰ ਤੋਂ ਇਲਾਵਾ ਅਟਾਰੀ, ਚੋਗਾਵਾਂ, ਮੋਦੇ ਤੇ ਹੋਰ ਥਾਵਾਂ ਤੇ ਵੀ ਕਿਸਾਨ ਕਾਰਕੁਨਾਂ ਨੇ ਖੇਤੀ ਬਿਲਾਂ ਦੀਆਂ ਕਾਪੀਆਂ ਸਾੜ ਕੇ ਰੋਸ ਵਿਖਾਵੇ ਕੀਤੇ।