ਕਿਸਾਨਾਂ ਨੇ ਰੋਸ ਵਜੋਂ ਕਾਲਾ ਦਿਨ ਮਨਾਇਆ
ਨਿੱਜੀ ਪੱਤਰ ਪ੍ਰੇਰਕ
ਬਠਿੰਡਾ, 23 ਫਰਵਰੀ
ਖਨੌਰੀ ਬਾਰਡਰ ’ਤੇ ਨੌਜਵਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਕਾਰਨ ਹੋਈ ਮੌਤ ਖ਼ਿਲਾਫ਼ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਕਾਲਾ ਦਿਨ ਮਨਾਇਆ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਅੱਜ ਬਠਿੰਡਾ ਸ਼ਹਿਰ, ਰਾਮਪੁਰਾ, ਮੌੜ ਮੰਡੀ ਅਤੇ ਤਲਵੰਡੀ ਸਾਬੋ ਵਿਚ ਰੋਸ ਮੁਜ਼ਾਹਰੇ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਹਰਿਆਣਾ ਦੇ ਡੀਜੀਪੀ ਸ਼ਤਰੂਜੀਤ ਕਪੂਰ ਦੇ ਪੁਤਲੇ ਫੂਕੇ ਗਏ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਅਤੇ ਜਥੇਬੰਦੀ ਦੀ ਆਗੂ ਹਰਿੰਦਰ ਕੌਰ ਬਿੰਦੂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਸਾਰੀਆਂ ਮੰਨੀਆਂ ਹੋਈਆਂ ਅਤੇ ਹੋਰ ਭਖ਼ਦੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ, ਭਾਰਤ ਡਬਲਿਊਟੀਓ ਤੋਂ ਬਾਹਰ ਆਵੇ, ਲਾਈਆਂ ਰੋਕਾਂ ਪਾਸੇ ਕਰਕੇ ਕਿਸਾਨਾਂ ਨੂੰ ਧਰਨਾ ਲਾਉਣ ਦੀ ਇਜਾਜ਼ਤ ਦਿੱਤੀ ਜਾਵੇ, ਕਿਸਾਨਾਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕਰਨ ਵਾਲੇ ਤੇ ਹੋਰ ਜਬਰ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ।
ਮੋਗਾ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇਥੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਸਾਫੂਵਾਲਾ, ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਹਰਿਆਣਾ ਪੁਲੀਸ ਦੀ ਗੋਲੀ ਨਾਲ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਰੋਸ ਵਜੋਂ ਕਾਲਾ ਦਿਵਸ ਮਨਾਇਆ ਗਿਆ। ਇਥੇ ਪ੍ਰਧਾਨ ਮੰਤਰੀ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕੇ ਗਏ।
ਬਾਘਾ ਪੁਰਾਣਾ (ਪੱਤਰ ਪ੍ਰੇਰਕ): ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਤਹਿਸੀਲ ਕੰਪਲੈਕਸ ਬਾਘਾਪੁਰਾਣਾ ਅੱਗੇ ਕਾਲੇ ਦਿਨ ਮਨਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਨੇ ਕਿਹਾ ਕਿ ਹਰਿਆਣਾ ਦੀਆਂ ਸਰਹੱਦਾਂ ਉੱਪਰ ਕਿਸਾਨਾਂ ਨੂੰ ਰੋਕ ਕੇ ਜੋ ਅੱਤਿਆਚਾਰ ਕੀਤਾ ਗਿਆ ਹੈ ਉਹ ਨਿੰਦਣਯੋਗ ਹੈ ਅਤੇ ਬਰਦਾਸ਼ਤ ਤੋਂ ਬਾਹਰ ਹੈ। ਜੇਕਰ ਹਕੂਮਤ ਨੇ ਇਸੇ ਤਰ੍ਹਾਂ ਹੀ ਕਿਸਾਨਾਂ ਨਾਲ ਧੱਕਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਮਾਨਸਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਮਾਨਸਾ ਜ਼ਿਲ੍ਹੇ ’ਚ ਕੇਂਦਰੀ ਗ੍ਰਹਿ ਅਮਿਤ ਸ਼ਾਹ, ਮਨੋਹਰ ਲਾਲ ਖੱਟਰ ਅਤੇ ਅਨਿਲ ਵਿੱਜ ਦੀ ਅਰਥੀ ਫੂਕਕੇ ਕਾਲਾ ਦਿਵਸ ਮਨਾਇਆ ਗਿਆ।
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਨਿਹਾਲ ਸਿੰਘ ਵਾਲਾ ਅਤੇ ਮਧੇਕੇ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਵੱਲੋਂ ਪੁਤਲੇ ਫੂਕੇ ਕੇ ਅੱਜ ਕਾਲਾ ਦਿਵਸ ਮਨਾਇਆ ਗਿਆ।
ਕੋਟਕਪੂਰਾ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਸਥਾਨਕ ਬੱਤੀਆਂ ਵਾਲੇ ਚੌਂਕ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕੇ ਗਏ।
ਲੰਬੀ/ਡੱਬਵਾਲੀ (ਪੱਤਰ ਪ੍ਰੇਰਕ): ਇਥੇ ਹੱਦ ’ਤੇ ਦਿੱਲੀ ਕੂਚ ਲਈ ਡਟੇ ਕਿਸਾਨਾਂ ਵੱਲੋਂ ਅੱਜ ਡੂਮਵਾਲੀ ਧਰਨੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਗ੍ਰਹਿ ਮੰਤਰੀ ਅਨਿਲ ਵਿੱਜ ਦੇ ਪੁਤਲੇ ਫੂਕ ਮੁਹਾਜ਼ਾਰਾ ਕੀਤਾ। ਇਸੇ ਤਰ੍ਹਾਂ ਮੰਡੀ ਕਿੱਲਿਆਂਵਾਲੀ ਵਿਚ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਗੁਰੂ ਹਰਸਹਾਏ (ਪੱਤਰ ਪ੍ਰੇਰਕ): ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸ਼ੁਭਕਰਨ ਸਿੰਘ ਦੀ ਮੌਤ ਖ਼ਿਲਾਫ਼ ਕਾਲਾ ਦਿਨ ਮਨਾਉਂਦਿਆਂ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।