ਕਿਸਾਨਾਂ ਵੱਲੋਂ ਡੀਐੱਸਪੀ ਦਫ਼ਤਰ ਅੱਗੇ ਪੱਕਾ ਮੋਰਚਾ ਜਾਰੀ
ਪੱਤਰ ਪ੍ਰੇਰਕ
ਮਾਨਸਾ, 15 ਜਨਵਰੀ
ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਦੇ ਅਬਾਦਕਾਰ ਕਿਸਾਨਾਂ ਦੀ ਜ਼ਮੀਨ ਬਚਾਉਣ ਦੀ ਲੜਾਈ ਨੂੰ ਲੈਕੇ ਡੀਐਸਪੀ ਦਫ਼ਤਰ ਬੁਢਲਾਡਾ ਦੇ ਅੱਗੇ ਲੱਗਿਆ ਪੱਕਾ ਮੋਰਚਾ ਅੱਜ 10ਵੇਂ ਦਿਨ ਵੀ ਜਾਰੀ ਰਿਹਾ। ਮੋਰਚੇ ਦੌਰਾਨ ਸੰਘਣੀ ਧੁੰਦ ਅਤੇ ਠੰਡ ਦੌਰਾਨ ਕਿਸਾਨਾਂ ਅਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਰੰਗਰੇਟਾ ਦਲ ਦੇ ਆਗੂ ਵੀ ਧਰਨੇ ਵਿੱਚ ਹਾਜ਼ਰ ਰਹੇ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਸਰਕਾਰ ਉੱਤੇ ਤੰਜ ਕੱਸਦਿਆਂ ਕਿਹਾ ਕਿ ਕਿਸਾਨਾਂ ਉੱਤੇ ਹਮਲਾ ਕਰਨ ਵਾਲੀ ਦੋਸ਼ੀ ਧਿਰ ਨੂੰ ਹਲਕਾ ਵਿਧਾਇਕ ਅਤੇ ‘ਆਪ’ ਸਰਕਾਰ ਦੀ ਖੁੱਲ੍ਹੀ ਸ਼ਹਿ ਹੈ।
ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ ਉੱਤੇ ਜਬਰ ਕਰਨਾ ਬੰਦ ਨਾ ਕੀਤਾ ਅਤੇ ਕੁਲਰੀਆਂ ਦੇ ਅਬਾਦਕਾਰ ਕਿਸਾਨਾਂ ਉੱਤੇ ਹਮਲਾ ਕਰਨ ਵਾਲੀ ਦੋਸ਼ੀ ਧਿਰ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ 19 ਜਨਵਰੀ ਨੂੰ ਭਗਵੰਤ ਮਾਨ ਦੇ ਬਰਨਾਲਾ ਦੌਰੇ ਦਾ ਕਾਲੀਆਂ ਝੰਡੀਆਂ ਲੈ ਕੇ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾਵੇਗਾ।