ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਨਵੰਬਰ
ਕਿਸਾਨਾਂ ਵੱੱਲੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਜ਼ਿਲ੍ਹਾ ਸੰਗਰੂਰ ’ਚ ਹੁਣ ਤੱਕ ਕਰੀਬ 700 ਥਾਵਾਂ ’ਤੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਕਿਸਾਨ ਜਥੇਬੰਦੀਆਂ ਪਿਛਲੇ ਲੰਮੇ ਸਮੇਂ ਤੋਂ ਝੋਨੇ ਦੀ ਪਰਾਲੀ ਦੇ ਹੱਲ ਲਈ ਸਰਕਾਰਾਂ ਕੋਲੋਂ ਮਦਦ ਦੀ ਮੰਗ ਕਰ ਰਹੀਆਂ ਹਨ ਪਰ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜੇ ਬਗੈਰ ਜ਼ਮੀਨ ਵਿਚ ਵਾਹ ਕੇ ਕਣਕ ਜਾਂ ਹੋਰ ਫਸਲਾਂ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਵਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਵਾਸਤੇ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ , ਵੱਡੇ ਪੱਧਰ ’ਤੇ ਇਸ਼ਤਿਹਾਰਬਾਜ਼ੀ ਵੀ ਕੀਤੀ ਗਈ ਅਤੇ ਕਿਸਾਨ ਕੈਂਪਾਂ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਸਾੜੇ ਬਗੈਰ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਗਿਆ ਪਰ ਇਸ ਸਭ ਯਤਨਾਂ ਦੇ ਬਾਵਜੂਦ ਪਰਨਾਲਾ ਉਥੇ ਦਾ ਉਥੇ ਹੀ ਹੈ। ਬਾਅਦ ਦੁਪਹਿਰ ਸੂਰਜ ਦੀ ਰੌਸ਼ਨੀ ਉਪਰ ਪਰਾਲੀ ਦਾ ਕਾਲਾ ਧੂੰਆਂ ਭਾਰੂ ਪੈ ਜਾਂਦਾ ਹੈ ਅਤੇ ਚਿੱਟਾ ਦਿਨ ਧੂੰਏਂ ਦੀ ਲਪੇਟ ਵਿਚ ਆ ਕੇ ਮੱਧਮ ਪੈ ਜਾਂਦਾ ਹੈ। ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਤੇ ਕਈ ਥਾਵਾਂ ’ਤੇ ਹਾਦਸੇ ਵੀ ਵਾਪਰ ਚੁੱਕੇ ਹਨ।
ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਚੌਕਸੀ ਵਧਾਉਣ ਦੇ ਨਿਰਦੇਸ਼
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰਸ਼ਾਸਨ ਤੇ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਪਿੰਡ ਤੱਕ ਪਹੁੰਚ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਠੋਸ ਅਤੇ ਯੋਜਨਾਬੱਧ ਢੰਗ ਨਾਲ ਉਪਰਾਲੇ ਕੀਤੇ ਜਾਣ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਚੌਕਸੀ ਹੋਰ ਤੇਜ਼ ਕੀਤੀ ਜਾਵੇ।