ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦੇ ਘਰਾਂ ਤੇ ਟੌਲ ਪਲਾਜ਼ਿਆਂ ਅੱਗੇ ਧਰਨੇ ਜਾਰੀ
ਆਤਿਸ਼ ਗੁਪਤਾ
ਚੰਡੀਗੜ੍ਹ, 21 ਫਰਵਰੀ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰ ਕਿਸਾਨੀ ਮੰਗਾਂ ਮਨਵਾਉਣ ਲਈ ਸੂਬੇ ਵਿੱਚ 20 ਭਾਜਪਾ ਆਗੂਆਂ ਦੇ ਘਰਾਂ, 37 ਟੌਲ ਪਲਾਜ਼ਿਆਂ ਅਤੇ ਹੁਸ਼ਿਆਰਪੁਰ ਤੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਸ਼ੁਰੂ ਕੀਤੇ ਗਏ ਧਰਨੇ ਅੱਜ ਦੂਜੇ ਦਿਨ ਵੀ ਜਾਰੀ ਰਹੇ। ਇਸ ਦੌਰਾਨ ਵੱਡੀ ਗਿਣਤੀ ਕਿਸਾਨ ਬੀਬੀਆਂ, ਨੌਜਵਾਨਾਂ ਤੇ ਬਜ਼ੁਰਗਾਂ ਨੇ ਧਰਨਿਆਂ ਵਿੱਚ ਸ਼ਮੂਲੀਅਤ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਪੰਜਾਬ-ਹਰਿਆਣਾ ਦੀਆਂ ਹੱਦਾਂ ’ਤੇ ਕਿਸਾਨਾਂ ’ਤੇ ਢਾਹੇ ਜਾ ਰਹੇ ਜਬਰ ਦੀ ਨਿਖੇਧੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਮੋਰਚੇ ਵੱਲੋਂ ਭਲਕੇ 22 ਫਰਵਰੀ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕਰ ਕੇ ਅੰਦੋਲਨ ਦੀ ਅਗਲੀ ਰੂਪ ਰੇਖਾ ਉਲੀਕੀ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਖਨੌਰੀ ਵਿੱਚ ਕਿਸਾਨੀ ਘੋਲ ਦੌਰਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ਲਈ ਭਾਜਪਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ , ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਬਲਦੇਵ ਸਿੰਘ ਨਿਹਾਲਗੜ੍ਹ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀਨੰਗਲ, ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਰੁਲਦੂ ਸਿੰਘ ਮਾਨਸਾ, ਪ੍ਰੇਮ ਸਿੰਘ ਭੰਗੂ, ਕੰਵਲਪ੍ਰੀਤ ਸਿੰਘ ਪੰਨੂ ਤੇ ਹੋਰਾਂ ਨੇ ਸੰਬੋਧਨ ਕੀਤਾ।
ਕੈਪਟਨ ਦੇ ਮਹਿਲ ਅੱਗੇ ਧਰਨਾ ਪੰਜਵੇਂ ਦਿਨ ਵੀ ਜਾਰੀ
ਪਟਿਆਲਾ (ਖੇਤਰੀ ਪ੍ਰਤੀਨਿਧ): ਇੱਥੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਨਿਊ ਮੋਤੀ ਬਾਗ ਪੈਲੇਸ’ ਦੇ ਅੱਗੇ ਸ਼ੁਰੂ ਕੀਤਾ ਗਿਆ ਦਿਨ ਰਾਤ ਦਾ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ। ਇਹ ਧਰਨਾ ਕਿਸਾਨੀ ਮੰਗਾਂ ਦੀ ਪੂਰਤੀ ਲਈ ਦਿੱਲੀ ਜਾਂਦੇ ਕਿਸਾਨਾਂ ’ਤੇ ਪੰਜਾਬ ਹਰਿਆਣਾ ਦੀ ਹੱਦ ’ਤੇ ਤਸ਼ੱਦਦ ਢਾਹੁਣ ਖ਼ਿਲਾਫ਼ ਦਿੱਤਾ ਜਾ ਰਿਹਾ ਹੈ। ਧਰਨੇ ਨੂੰ ਜਗਤਾਰ ਕਾਲ਼ਾਝਾੜ, ਦਰਬਾਰਾ ਸਿੰਘ ਛਾਜਲਾ, ਮਾਸਟਰ ਬਲਰਾਜ ਜੋਸ਼ੀ, ਗੋਬਿੰਦਰ ਮੰਗਵਾਲ, ਸੁਖਵਿੰਦਰ ਬਾਰਨ, ਜਗਮੇਲ ਗਾਜੇਵਾਸ, ਭਰਭੂਰ ਗਾਜੇਵਾਸ ਨੇ ਸੰਬੋਧਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਵਾਅਦੇ ਮੁਤਾਬਿਕ ਕੇਂਦਰ ਸਰਕਾਰ ਸਾਰੀਆਂ 23 ਫਸਲਾਂ ’ਤੇ ਐੱਮਐੱਸਪੀ ਯਕੀਨੀ ਬਣਾਵੇ।
ਭਾਜਪਾ ਆਗੂ ਅਰਵਿੰਦ ਖੰਨਾ ਦੀ ਰਿਹਾਇਸ਼ ਅੱਗੇ ਡਟੇ ਰਹੇ ਕਿਸਾਨ
ਸੰਗਰੂਰ (ਿਨੱਜੀ ਪੱਤਰ ਪ੍ਰੇਰਕ): ਕਿਸਾਨ ਜਥੇਬੰਦੀਆਂ ਵੱਲੋਂ ਇੱਥੇ ਭਾਜਪਾ ਦੇ ਸੂਬਾ ਆਗੂ ਅਰਵਿੰਦ ਖੰਨਾ ਦੀ ਰਿਹਾਇਸ਼ ਅੱਗੇ ਤਿੰਨ ਰੋਜ਼ਾ ਪੱਕੇ ਮੋਰਚੇ ਦੇ ਦੂਜੇ ਦਿਨ ਵੀ ਕਿਸਾਨਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਬੁਲਾਰਿਆਂ ਨੇ ਕੇਂਦਰ ਅਤੇ ਹਰਿਆਣਾ ਸਰਕਾਰ ਨੂੰ ਤਾਨਾਸ਼ਾਹ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਸਰਕਾਰਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਦੇਸ਼ ਦੇ ਅੰਨਦਾਤੇ ਉਪਰ ਕੀਤੇ ਜਾ ਰਹੇ ਜਬਰ ਦਾ ਖਮਿਆਜ਼ਾ ਭੁਗਤਣਾ ਪਵੇਗਾ। ਇਸ ਦੌਰਾਨ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਹਰਦੇਵ ਸਿੰਘ ਬਖਸ਼ੀਵਾਲਾ, ਬੀਕੇਯੂ ਡਕੌਂਦਾ (ਬੁਰਜਗਿੱਲ) ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਹੋਰ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਮਿਹਨਤਕਸ਼ ਲੋਕਾਂ ਨੂੰ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ।