ਕਿਸਾਨਾਂ ਵੱਲੋਂ ਥਾਣੇ ਅੱਗੇ ਲਾਇਆ ਧਰਨਾ ਜਾਰੀ
ਰਮੇਸ਼ ਭਾਰਦਵਾਜ
ਲਹਿਰਾਗਾਗਾ, 30 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਥਾਣਾ ਲਹਿਰਾਗਾਗਾ ਅੱਗੇ ਸਹੁਰੇ ਪਰਿਵਾਰ ਤੋਂ ਪੀੜਤ ਲੜਕੀ ਨੂੰ ਇਨਸਾਫ ਦਿਵਾਉਣ ਲਈ ਲਾਇਆ ਪੱਕਾ ਮੋਰਚਾ 7ਵੇਂ ਦਿਨ ਵੀ ਜਾਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਹਾ ਕਿ ਗੁਰਪ੍ਰੀਤ ਕੌਰ ਵਾਸੀ ਲਹਿਲ ਖੁਰਦ ਨੂੰ ਸਹੁਰੇ ਪਰਿਵਾਰ ਤੋਂ ਇਨਸਾਫ ਦਿਵਾਉਣ ਲਈ ਮੋਰਚਾ ਲਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਲੜਕੀ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਮੌਕੇ ਭੂਰਾ ਸਿੰਘ ਭੁਟਾਲ ਕਲਾਂ ਕਤਲ ਮਾਮਲੇ ਦੇ ਸਾਰੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਹਿਰਾਸਤ ਵਿੱਚ ਲੈ ਕੇ ਜੇਲ੍ਹ ਭੇਜਿਆ ਜਾਵੇ। ਇਸ ਮੌਕੇ ਬਲਾਕ ਆਗੂ ਬਹਾਦਰ ਸਿੰਘ ਭੁਟਾਲ ਖੁਰਦ, ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ, ਰਾਮ ਸਿੰਘ ਨੰਗਲਾ ਤੇ ਹਰਜਿੰਦਰ ਸਿੰਘ ਨੰਗਲਾ ਆਦਿ ਹਾਜ਼ਰ ਸਨ। ਦੂਜੇ ਪਾਸੇ ਉਪ ਪੁਲੀਸ ਕਪਤਾਨ ਦੀਪਇੰਦਰ ਸਿੰਘ ਜੇਜੀ ਨੇ ਬਾਕੀ ਰਹਿੰਦੇ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਅਤੇ ਦੂਜੇ ਕੇਸ ਦੀ ਮੁਕੰਮਲ ਜਾਂਚ ਸ਼ੁਰੂ ਕਰ ਦਿੱਤੀ ਹੈ।