ਚੱਕ ਬਾਹਮਣੀਆਂ ਟੌਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ ਜਾਰੀ
ਪੱਤਰ ਪ੍ਰੇਰਕ
ਸ਼ਾਹਕੋਟ, 25 ਜੂਨ
ਕਿਸਾਨਾਂ ਵੱਲੋਂ ਚੱਕ ਬਾਹਮਣੀਆਂ ਟੌਲ ਪਲਾਜ਼ਾ ’ਤੇ ਕੌਮੀ ਮਾਰਗ ਉੱਪਰ ਰਾਹਗੀਰਾਂ ਲਈ ਲੋੜੀਂਦੀਆਂ ਸਹੂਲਤਾਂ ਲਈ ਲਗਾਇਆ ਧਰਨਾ ਅੱਜ 24ਵੇਂ ਦਿਨ ਵੀ ਜਾਰੀ ਰਿਹਾ। ਜਾਣਕਾਰੀ ਅਨੁਸਾਰ ਇਸ ਧਰਨੇ ਦੇ ਕੱਲ੍ਹ ਉਸ ਵੇਲੇ ਸਮਾਪਤ ਹੋਣ ਦੇ ਆਸਾਰ ਬਣ ਗਏ ਸਨ, ਜਦੋਂ ਯੂਨੀਅਨ ਆਗੂਆਂ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਟੌਲ ਅਧਿਕਾਰੀਆਂ ਨਾਲ ਹੋਈ ਮੀਟਿੰਗ ’ਚ 25 ਜੂਨ ਨੂੰ ਜਲੰਧਰ ’ਚ ਹਾਈਵੇਅ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਫੈਸਲਾ ਹੋ ਗਿਆ। ਪਰ ਅੱਜ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਵੱਲੋਂ ਯੂਨੀਅਨ ਆਗੂਆਂ ਨਾਲ ਮੀਟਿੰਗ ਨਾ ਕਰਕੇ ਪ੍ਰਸ਼ਾਸਨ ਵੱਲੋਂ ਚੱਲ ਰਹੇ ਰੇੜਕੇ ਨੂੰ ਖਤਮ ਕਰਵਾਉਣ ਦੇ ਯਤਨਾਂ ਨੂੰ ਬੂਰ ਨਾ ਪੈ ਸਕਿਆ। ਅੱਜ ਧਰਨੇ ਦੇ 24ਵੇਂ ਦਿਨ ਬੀਕੇਯੂ ਏਕਤਾ (ਉਗਰਾਹਾਂ) ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ ਤੇ ਸਕੱਤਰ ਗੁਰਚਰਨ ਸਿੰਘ ਚਾਹਲ, ਬੀਕੇਯੂ (ਤੋਤੇਵਾਲ) ਦੇ ਸੂਬਾ ਪ੍ਰਧਾਨ ਸੁੱਖ ਗਿੱਲ ਅਤੇ ਟਰੱਕ ਯੂਨੀਅਨ ਧਰਮਕੋਟ ਦੇ ਪ੍ਰਧਾਨ ਸਤਵੀਰ ਸਿੰਘ ਸੱਤੀ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਰਾਸ਼ਟਰੀ ਹਾਈਵੇਅ ਦੇ ਅਧਿਕਾਰੀਆਂ ਵੱਲੋਂ ਮੀਟਿੰਗ ਮੁੱਕਤਨਾ ਇਹ ਸਾਬਤ ਕਰਦਾ ਹੈ ਕਿ ਉਹ ਰਾਹਗੀਰਾਂ ਨੂੰ ਬਣਦੀਆਂ ਸਹੂਲਤਾਂ ਦੇਣਾ ਹੀ ਨਹੀਂ ਚਾਹੁੰਦੇ। ਮੀਟਿੰਗ ਨਾ ਹੋਣ ਬਾਰੇ ਐੱਸਡੀਐੱਮ ਰਿਸ਼ਭ ਬਾਂਸਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਟੌਲ ਕੰਪਨੀ ਦੇ ਮੈਨੇਜਰ ਸੋਨੂੰ ਤੋਮਰ ਨੇ ਕਿਹਾ ਕਿ ਉਨ੍ਹਾਂ ਦੀ ਅੱਜ ਹੋਣ ਵਾਲੀ ਮੀਟਿੰਗ ’ਚ ਕੋਈ ਭੂਮਿਕਾ ਨਹੀਂ ਸੀ। ਇਸ ਤੋਂ ਪਹਿਲਾਂ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਲਖਵਿੰਦਰ ਸਿੰਘ, ਰਾਜਪਾਲ ਸਿੰਘ, ਚਮਕੌਰ ਸਿੰਘ, ਬਲਕਾਰ ਸਿੰਘ, ਗੁਰਦੇਵ ਸਿੰਘ ਮਲਸੀਆਂ, ਮਨਜੀਤ ਸਾਬੀ, ਰਣਯੋਧ ਸਿੰਘ ਤੇ ਰਣਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ।