ਭਾਜਪਾ ਆਗੂਆਂ ਦੇ ਘਰਾਂ ਅੱਗੇ ਕਿਸਾਨਾਂ ਦੇ ਧਰਨੇ ਜਾਰੀ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਫਰਵਰੀ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰਨਾਂ ਕਿਸਾਨੀ ਮੰਗਾਂ ਲਈ ਦਿੱਲੀ ਕੂਚ ਕਰਨ ਵਾਲੇ ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਤਸ਼ੱਦਦ ਕਰਨ ਖ਼ਿਲਾਫ਼ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਅੱਜ ਦੂਜੇ ਦਿਨ ਵੀ ਜਾਰੀ ਰਹੇ। ਕਿਸਾਨਾਂ ਵੱਲੋਂ 13 ਜ਼ਿਲ੍ਹਿਆਂ ਵਿੱਚ 22 ਟੌਲ ਪਲਾਜ਼ੇ ਵੀ ਅੱਜ ਪਰਚੀ ਮੁਕਤ ਕਰਵਾਏ ਗਏ। ਅੱਜ ਵੱਡੀ ਗਿਣਤੀ ਵਿੱਚ ਔਰਤਾਂ ਨੇ ਕਿਸਾਨੀ ਧਰਨਿਆਂ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਸਿੰਘ ਢਿੱਲੋਂ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤੇ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ 20, 21 ਅਤੇ 22 ਫਰਵਰੀ ਨੂੰ ਪੰਜਾਬ ’ਚ ਜ਼ਿਲ੍ਹਾ ਪੱਧਰ ਤੋਂ ਲੈ ਕੇ ਸੂਬੇ ਦੇ ਸਾਰੇ ਭਾਜਪਾ ਆਗੂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਸਾਰੇ ਟੌਲ ਪਲਾਜ਼ੇ ਪਰਚੀ ਮੁਕਤ ਕੀਤੇ ਜਾਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਆਪਸੀ ਮੱਤਭੇਦਾਂ ਨੂੰ ਪਾਸੇ ਰੱਖਦਿਆਂ ਸਾਂਝੇ ਸੰਘਰਸ਼ ਰਾਹੀਂ ਫਿਰਕੂ, ਭੜਕਾਊ ਤੇ ਫੁਟਪਾਊ ਅਨਸਰਾਂ ਸਣੇ ਮੋਦੀ ਸਰਕਾਰ ਨੂੰ ਕਰਾਰੀ ਮਾਤ ਦਿੱਤੀ ਜਾ ਸਕਦੀ ਹੈ। ਅੱਜ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ ਨੇ ਮੰਗਾਂ ਨਾ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।