ਡੱਲੇਵਾਲ ਦੇ ਹੱਕ ’ਚ ਕਿਸਾਨਾਂ ਵੱਲੋਂ ਭੁੱਖ ਹੜਤਾਲ
ਦੇਵਿੰਦਰ ਸਿੰਘ
ਯਮੁਨਾਨਗਰ, 21 ਦਸੰਬਰ
ਘੱਟੋ-ਘੱਟ ਸਮਰਥਨ ਮੁੱਲ ’ਤੇ ਕਾਨੂੰਨੀ ਗਾਰੰਟੀ ਸਮੇਤ ਹੋਰਾਂ ਮੰਗਾਂ ਨੂੰ ਲੈ ਕੇ ਖਨੌਰੀ ਸਰਹੱਦ ’ਤੇ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਅੱਜ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੀ ਅਗਵਾਈ ਵਿੱਚ ਕਿਸਾਨਾਂ ਨੇ ਇੱਥੇ ਅਨਾਜ ਮੰਡੀ ਦੇ ਗੇਟ ’ਤੇ ਧਰਨਾ ਦਿੱਤਾ। ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਸਾਹਮਣੇ ਅਤੇ ਇੱਕ ਰੋਜ਼ਾ ਭੁੱਖ ਹੜਤਾਲ ਕੀਤੀ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਸੌਂਪਿਆ।
ਬੀਕੇਯੂ (ਚੜੂਨੀ) ਦੇ ਜ਼ਿਲ੍ਹਾ ਪ੍ਰਧਾਨ ਸੰਜੂ ਗੁੰਦਿਆਨਾ ਨੇ ਦੱਸਿਆ ਕਿ ਐੱਮਐੱਸਪੀ ਕਾਨੂੰਨ ਦੀ ਗਾਰੰਟੀ ਦੇ ਹੱਕ ਵਿੱਚ ਅਤੇ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਅੱਜ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਉਹ ਇੱਕ ਦਿਨ ਦੀ ਭੁੱਖ ਹੜਤਾਲ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਿਨੋਂ ਦਿਨ ਨਾਜ਼ੁਕ ਹੋ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਮੁੜ ਗੱਲਬਾਤ ਕੀਤੀ ਜਾਵੇ ਅਤੇ ਕਿਸਾਨਾਂ ਦੀਆਂ ਮੰਗਾਂ ਫੌਰੀ ਮੰਨ ਕੇ ਕਿਸਾਨ ਆਗੂ ਦੀ ਜਾਨ ਬਚਾਈ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨਾਲ ਗੱਲਬਾਤ ਨਾ ਕੀਤੀ ਗਈ ਤਾਂ ਦੇਸ਼ ਭਰ ਦੇ ਕਿਸਾਨ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਗੇ। ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਮੰਡੀਕਰਨ ਨੀਤੀ ਦੇ ਨਵੇਂ ਖਰੜੇ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਅੰਦੋਲਨ ਤੇ ਪ੍ਰਦਰਸ਼ਨਾਂ ਦੌਰਾਨ ਕਿਸਾਨਾਂ ’ਤੇ ਦਰਜ ਕੀਤੇ ਕੇਸ ਵੀ ਵਾਪਸ ਲਏ ਜਾਣ। ਇਸ ਮੌਕੇ ਸੰਜੂ ਪ੍ਰਧਾਨ, ਪੱਪਲ ਗੁੰਦਿਆਣਾ, ਰਵਿੰਦਰ, ਈਸ਼ਵਰ, ਸਤੀਸ਼, ਚੰਦਰਪਾਲ, ਰਾਜੇਸ਼, ਕ੍ਰਿਸ਼ਨਪਾਲ, ਮਹਿੰਦਰ ਚਾਹੜ, ਰੀਟਾ ਚਾਹਲ ਅਤੇ ਰੁਪਿੰਦਰ ਕੌਰ ਆਦਿ ਕਿਸਾਨ ਭੁੱਖ ਹੜਤਾਲ ’ਤੇ ਬੈਠੇ।