ਨਹਿਰੀ ਪਾਣੀ ਤੇ ਬਿਜਲੀ ਦੀ ਨਿਰਵਿਘਨ ਸਪਲਾਈ ਤੋਂ ਕਿਸਾਨ ਖੁਸ਼: ਕਟਾਰੀਆ
ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 1 ਜੁਲਾਈ
ਬਲਾਚੌਰ ਹਲਕੇ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਖੇਤੀ ਲਈ ਨਿਰਵਿਘਨ ਨਹਿਰੀ ਪਾਣੀ ਅਤੇ ਬਿਜਲੀ ਦੀ ਸਪਲਾਈ ਨਾਲ ਕਿਸਾਨਾਂ ਦੇ ਚਿਹਰੇ ਖਿਡ਼ ਹੋਏ ਹਨ। ਪਹਿਲਾਂ ਪਾਣੀ ਦੀ ਸਪਲਾਈ ਪੂਰੀ ਨਾ ਹੋਣ ਕਾਰਨ ਪਾਣੀ ਟੇਲਾਂ ਤੱਕ ਨਹੀਂ ਪੁੱਜਦਾ ਸੀ, ਜਦਕਿ ਹੁਣ ਸਰਕਾਰ ਵੱਲੋਂ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਆਦੇਸ਼ ਦਿੱਤੇ ਗਏ ਸਨ ਕਿ ਨਹਿਰੀ ਪਾਣੀ ਦੀ ਸਮੇਂ ਸਿਰ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਜਿੱਥੇ-ਜਿੱਥੇ ਰਜਵਾਹੇ ਜਾਂ ਖਾਲ ’ਤੇ ਕਬਜ਼ੇ ਹਨ, ਉਹ ਛੁਡਵਾਏ ਜਾਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀਬਾਡ਼ੀ ਸੈਕਟਰ ਲਈ 10 ਘੰਟੇ ਤੋਂ ਵੀ ਵੱਧ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਨਹਿਰੀ ਪਾਣੀ ਦੀ ਬਹੁਤਾਤ ਹੋਣ ਕਾਰਨ ਜ਼ਿਆਦਾਤਰ ਕਿਸਾਨਾਂ ਵੱਲੋਂ ਆਪਣੀਆਂ ਮੋਟਰਾਂ ਬੰਦ ਰੱਖੀਆਂ ਜਾ ਰਹੀਆਂ ਹਨ। ਇਸ ਦੌਰਾਨ ਬੀਬੀ ਕਟਾਰੀਆ ਨੇ ਕਿਹਾ ਕਿ ਰਾਜ ਵਿੱਚੋਂ ਭ੍ਰਿਸ਼ਟਾਚਾਰ ਦਾ ਖਾਤਮਾ, ਲੋਕਾਂ ਨੂੰ ਵਧੀਆ ਸਿਹਤ, ਸਿੱਖਿਆ ਤੇ ਬੁਨਿਆਦੀ ਸਹੂਲਤਾਂ, ਮੁਫ਼ਤ ਬਿਜਲੀ, ਵਧੀਆ ਸਡ਼ਕੀ ਨੈੱਟਵਰਕ ਮੁਹੱਈਆ ਕਰਵਾਉਣਾ ਹੀ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ।