ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ
ਗੁਰਦੀਪ ਸਿੰਘ ਲਾਲੀ
ਸੰਗਰੂਰ, 10 ਜਨਵਰੀ
ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਅੱਜ ਬਲਾਕ ਸੰਗਰੂਰ ਦੇ ਪਿੰਡਾਂ ਮੰਗਵਾਲ, ਬਾਲੀਆਂ, ਖੁਰਾਣਾ, ਘਾਬਦਾਂ, ਭਿੰਡਰਾਂ, ਥਲੇਸਾਂ, ਗੱਗੜਪੁਰ, ਤੁੰਗਾਂ, ਕੁਲਾਰਾਂ, ਉੱਪਲੀ, ਕਨੋਈ ਆਦਿ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਰਥੀਆਂ ਸਾੜਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਕਾਰਜਕਾਰੀ ਆਗੂ ਹਰਦੇਵ ਕੁਲਾਰ ਅਤੇ ਰਾਜਪਾਲ ਮੰਗਵਾਲ ਨੇ ਕਿਹਾ ਕਿ ਸ਼ੰਭੂ, ਖਨੌਰੀ ਅਤੇ ਰਤਨਪੁਰਾ ਬਾਰਡਰਾਂ ’ਤੇ ਪਿਛਲੇ ਸਾਲ 13 ਫਰਵਰੀ ਤੋਂ ਦੋਵਾਂ ਫੋਰਮਾਂ ਵੱਲੋਂ ਲਗਾਤਾਰ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ, ਸਵਾਮੀਨਾਥਨ ਦੀ ਰਿਪੋਰਟ ਨੂੰ ਲਾਗੂ ਕਰਨ ਸਮੇਤ ਹੋਰ ਬਾਰ੍ਹਾਂ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਕੇਂਦਰ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ ਹੈ। ਇਸੇ ਤਰ੍ਹਾਂ ਦੂਜੇ ਪਾਸੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ ਲਗਭਗ 45 ਦਿਨ ਤੋਂ ਉੱਪਰ ਦਾ ਸਮਾਂ ਹੋ ਚੁੱਕਾ ਹੈ ਪਰ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਜਾਨ ਦੀ ਕੋਈ ਪ੍ਰਵਾਹ ਨਹੀਂ ਹੈ। ਅੱਜ ਪੂਰੇ ਭਾਰਤ ਦੇ ਸਮੁੱਚੇ ਕਿਸਾਨਾਂ ਮਜ਼ਦੂਰਾਂ ਤੇ ਸਮੁੱਚੀ ਲੋਕਾਈ ਵੱਲੋਂ ਨਰਿੰਦਰ ਮੋਦੀ ਦੀਆਂ ਅਰਥੀਆਂ ਸਾੜਕੇ ਆਪਣਾ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 13 ਜਨਵਰੀ ਨੂੰ ਲੋਹੜੀ ਦੇ ਤਿਉਹਾਰ ਮੌਕੇ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ। ਇਸ ਤੋਂ ਇਲਾਵਾ 26 ਜਨਵਰੀ ਨੂੰ ਟਰੈਕਟਰ ਮਾਰਚ ਕੀਤੇ ਜਾਣਗੇ। ਇਸ ਮੌਕੇ ਬਲਦੇਵ ਸਿੰਘ ਸੇਖੋਂ, ਮਹਿੰਦਰ ਸਿੰਘ ਸਰਾਓ, ਕਰਮਜੀਤ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਕੁਲਾਰਾਂ ਤੇ ਮੁਖਤਿਆਰ ਖੁਰਾਣਾ ਆਦਿ ਨੇ ਸੰਬੋਧਨ ਕੀਤਾ।
ਲਹਿਰਾਗਾਗਾ (ਰਮੇਸ਼ ਭਾਰਦਵਾਜ):
ਲਹਿਰਾਗਾਗਾ ਵਿੱਚ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਬਹਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਕਾਲੇ ਕਾਨੂੰਨਾਂ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅਮਨ-ਸ਼ਾਂਤੀ ਨਾਲ ਦਿੱਲੀ ਵੱਲ ਕੂਚ ਕਰ ਰਹੇ ਸਨ ਪਰ ਮੌਕੇ ਦੀ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਨੇ ਕਿਸਾਨਾਂ ਮਜ਼ਦੂਰਾਂ ’ਤੇ ਤਸ਼ੱਦਦ ਕੀਤਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਇਕਾਈ ਲਹਿਰਾਗਾਗਾ ਦੇ ਪ੍ਰਧਾਨ ਮੱਖਣ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋਕੇ ਅੱਜ ਭੱਠਲ ਕਾਲਜ ਅੱਗੇ ਤਰਕ ਚੌਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੂਤਲਾ ਫੂਕਿਆ। ਇਸ ਮੌਕੇ ਭੁਪਿੰਦਰ ਸਿੰਘ ਗਾਗਾ ਸੂਬਾ ਸਕੱਤਰ ਕਿਸਾਨ ਵਿੰਗ ਕਾਗਰਸ, ਕਾਂਗਰਸ ਦੇ ਕੌਮੀ ਯੂਵਾ ਆਗੂ ਜਗਦੇਵ ਸਿੰਘ ਗਾਗਾ ਤੋਂ ਇਲਾਵਾ ਜੱਸੀ ਸਿੰਘ ਕੁਲਵਿੰਦਰ ਸਿੰਘ ਤੋਤਾ, ਮਨਪ੍ਰੀਤ ਸਿੰਘ, ਗੁਰਜੀਤ ਸਿੰਘ ਗਾਗਾ ਤੇ ਅਮਰੀਕ ਸਿੰਘ ਕਾਲਾ ਆਦਿ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਲਹਿਰਗਾਗਾ ਵਿੱਚ ਕੇਂਦਰ ਸਰਕਾਰ ਦੀ ਅਰਥੀ ਫੂਕਦੇ ਹੋਏ ਕਿਸਾਨ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ):
ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਪਿੰਡ ਲੱਖੇਵਾਲ ਅਤੇ ਚੰਨੋਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਗਏ। ਇਸ ਮੌਕੇ ਯੂਨੀਅਨ ਦੇ ਬਲਾਕ ਆਗੂ ਬਲਵਿੰਦਰ ਸਿੰਘ ਲੱਖੇਵਾਲ ਨੇ ਸੰਬੋਧਨ ਕੀਤਾ।
ਸਮਾਣਾ (ਸੁਭਾਸ਼ ਚੰਦਰ):
ਕਿਸਾਨਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਚੌਕ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਗੁਰਨਾਮ ਸਿੰਘ ਢੈਂਠਲ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਲਾਗੂ ਨਾ ਕਰ ਕੇ ਜਿਥੇ ਦੇਸ਼ ਦੇ ਲੋਕਾਂ ਨਾਲ ਧੋਖਾ ਕੀਤਾ ਹੈ, ਉਥੇ ਦੂਜੇ ਪਾਸੇ ਉਨ੍ਹਾਂ ਕਾਨੂੰਨਾਂ ਨੂੰ ਨਵਾਂ ਰੂਪ ਦੇ ਕੇ ਕਾਰਪੋਰੇਟ ਘਰਾਣਿਆਂ ਦਾ ਹੱਕ ਪੂਰਨ ਲੱਗੀ ਹੋਈ ਹੈ। ਜਿਸ ਨੂੰ ਭਾਰਤ ਦੇ ਕਿਸਾਨ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦੇਣਗੇ।
ਲੌਂਗੋਵਾਲ (ਜਗਤਾਰ ਸਿੰਘ ਨਹਿਲ):
ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੱਦੇ ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਵੱਲੋਂ ਅੱਜ ਪਿੰਡ ਲੌਂਗੋਵਾਲ, ਪਿੰਡੀ ਕੇਹਰ ਸਿੰਘ, ਲੋਹਾਖੇੜਾ, ਦਿਆਲਗੜ੍ਹ, ਮੰਡੇਰ ਕਲਾਂ, ਮੰਡੇਰ ਖੁਰਦ, ਦੁੱਲਟ ਵਾਲਾ, ਕਿਲ੍ਹਾ ਭਰੀਆਂ,ਭੰਮਾਬੱਦੀ, ਉਭਾਵਾਲ ਅਤੇ ਸ਼ੇਰੋਂ ਆਦਿ ਪਿੰਡਾਂ ਵਿੱਚ ਨਰਿੰਦਰ ਮੋਦੀ ਦੀਆਂ ਅਰਥੀਆਂ ਸਾੜੀਆਂ ਗਈਆਂ। ਇਸ ਮੌਕੇ ਸੂਬਾ ਕਾਰਜਕਾਰੀ ਆਗੂ ਜਸਵਿੰਦਰ ਲੌਂਗੋਵਾਲ ਨੇ ਸੰਬੋਧਨ ਕੀਤਾ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ):
ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਹੈਪੀ ਨਮੋਲ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਦੇ ਸੱਦੇ ’ਤੇ ਪਿੰਡ ਨਮੋਲ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਸਾੜੀ ਗਈ। ਇਸ ਮੌਕੇ ਸਤਿਗੁਰ ਸਿੰਘ ਨਮੋਲ, ਭੋਲਾ ਸਿੰਘ, ਤੇਜਾ ਸਿੰਘ ਤੇ ਮਤਵਾਲ ਸਿੰਘ ਨਮੋਲ ਆਦਿ ਨੇ ਸੰਬੋਧਨ ਕੀਤਾ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨ ਆਗੂ ਹਰਜੀਤ ਸਿੰਘ ਮਹਿਲਾਂ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਅਤੇ ਕਿਸਾਨ-ਮਜ਼ਦੂਰ ਮੋਰਚਾ ਨਾਲ ਤਾਲਮੇਲ ਦੇ ਮੰਤਵ ਨਾਲ ਅੱਜ ਮਹਿਲਾ ਚੌਕ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨ ਆਗੂ ਹਰਜੀਤ ਸਿੰਘ ਮਹਿਲਾਂ, ਅਮਨਦੀਪ ਸਿੰਘ ਤੇ ਜਗਦੀਪ ਸਿੰਘ ਆਦਿ ਨੇ ਕੇਂਦਰ ਨਿਖੇਧੀ ਕੀਤੀ।