ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ

08:20 AM Jan 11, 2025 IST
ਬਠਿੰਡਾ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਕਿਸਾਨ।

ਜੋਗਿੰਦਰ ਸਿੰਘ ਮਾਨ
ਮਾਨਸਾ, 10 ਜਨਵਰੀ
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕੇਂਦਰੀ ਸਰਕਾਰ ਦੇ ਪੁਤਲੇ ਫੂਕਣ ਦੇ ਸੱਦੇ ’ਤੇ ਅੱਜ ਮਾਲਵਾ ਖੇਤਰ ਦੇ ਸੈਂਕੜੇ ਵੱਖ-ਵੱਖ ਪਿੰਡਾਂ ਵਿੱਚ ਕੇਂਦਰ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ। ਪਿੰਡ ਭੈਣੀਬਾਘਾ ਵਿੱਚ ਬਠਿੰਡਾ-ਪਟਿਆਲਾ ਮੁੱਖ ਮਾਰਗ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਸਾੜੀ ਗਈ। ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਭੈਣੀਬਾਘਾ ਨੇ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਕੇਂਦਰ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਦੇ ਚੱਲਦਿਆਂ ਜਗਜੀਤ ਸਿੰਘ ਡੱਲੇਵਾਲ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ’ਤੇ ਬੈਠੇ ਹੋਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਜਾਰੀ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵੱਲੋਂ ਅੱਜ ਪੰਜਾਬ ਭਰ ਦੇ ਵਿੱਚ ਕੇਂਦਰ ਸਰਕਾਰ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਅਤੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੀਤੇ ਜਾਣਗੇ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅਰਥੀਆਂ ਵੱਖਰੇ ਤੌਰ ’ਤੇ ਸਾੜੀਆਂ ਗਈਆਂ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ 54 ਪਿੰਡਾਂ ਵਿੱਚ ਅਰਥੀਆਂ ਸਾੜਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।

Advertisement

ਬਠਿੰਡਾ (ਸ਼ਗਨ ਕਟਾਰੀਆ):

ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਚੱਲ ਰਹੇ ਮੋਰਚਿਆਂ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ। ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਇੱਥੇ ਵੀ ਅਜਿਹਾ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਸੱਦੇ ਨਾਲ ਤਾਲਮੇਲ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਬਠਿੰਡਾ ਜ਼ਿਲ੍ਹੇ ਅੰਦਰ 60 ਪਿੰਡਾਂ ’ਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇਨ੍ਹਾਂ ਵਿੱਚੋਂ 40 ਪਿੰਡਾਂ ’ਚ ਸੰਯੁਕਤ ਕਿਸਾਨ ਮੋਰਚਾ ਭਾਰਤ, ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ’ਚ ਸ਼ਾਮਲ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦਰਸ਼ਨ ਕੀਤੇ।

Advertisement

ਪਿੰਡ ਭੈਣੀਬਾਘਾ ਵਿੱਚ ਕੌਮੀ ਮਾਰਗ ’ਤੇ ਅਰਥੀ ਫੂਕਦੇ ਹੋਏ ਕਿਸਾਨ। -ਫੋਟੋ: ਸੁਰੇਸ਼

ਮਹਿਲ ਕਲਾਂ (ਲਖਵੀਰ ਸਿੰਘ ਚੀਮਾ):

ਜਨਵਰੀ ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ, ਉਗਰਾਹਾਂ ਅਤੇ ਸਿੱਧੂਪੁਰ ਵੱਲੋਂ ਅੱਜ ਹਲਕਾ ਮਹਿਲ ਕਲਾਂ ਦੇ ਦਰਜਨਾਂ ਪਿੰਡਾਂ ਵਿੱਚ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਮੂੰਮ ਨੇ ਸੰਬੋਧਨ ਕੀਤਾ।

ਫਾਜ਼ਿਲਕਾ (ਪਰਮਜੀਤ ਸਿੰਘ):

ਅੱਜ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਕੇਂਦਰ ਸਰਕਾਰ ਖਿਲਾਫ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਪਰਗਟ ਸਿੰਘ ਚੱਕਪੱਖੀ ਅਤੇ ਮੀਤ ਪ੍ਰਧਾਨ ਲਖਵਿੰਦਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਦਿੱਲੀ ਮੋਰਚੇ ਦੀ ਸਮਾਪਤੀ ਮੌਕੇ ਮੰਨੀਆਂ ਹੋਈਆਂ ਕਿਸਾਨੀ ਮੰਗਾਂ ਲਾਗੂ ਕਰਾਉਣ ਅਤੇ ਖਨੌਰੀ, ਸ਼ੰਭੂ ਅਤੇ ਰਤਨਪੁਰਾ ਬਾਰਡਰ ’ਤੇ ਚੱਲ ਰਹੇ ਕਿਸਾਨ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਅਰਥੀ ਫੂਕ ਪ੍ਰਦਰਸ਼ਨ ਕੀਤੇ ਗਏ ਹਨ।

ਨਥਾਣਾ (ਭਗਵਾਨ ਦਾਸ ਗਰਗ):

ਸੰਯੁਕਤ ਕਿਸਾਨ ਮੋਰਚਾ, ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਥਾਨਕ ਬਲਾਕ ਦੇ ਪਿੰਡਾਂ ਵਿੱਚ ਕੇਦਰ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇੱਥੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਉਗਰਾਹਾਂ ਦੇ ਕਰਨੈਲ ਸਿੰਘ ਅਤੇ ਡਕੌਦਾ ਧੜੇ ਦੇ ਸੁਖਮੰਦਰ ਸਿੰਘ ਨੇ ਸੰਬੋਧਨ ਕੀਤਾ।

ਸਿਰਸਾ (ਪ੍ਰਭੂ ਦਿਆਲ):

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦੇ ਸੱਦੇ ’ਤੇ ਕਿਸਾਨਾਂ ਨੇ ਪਿੰਡਾਂ ਅਤੇ ਸ਼ਹਿਰਾਂ ’ਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ। ਸਿਰਸਾ ਸ਼ਹਿਰ ’ਚ ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਬੈਨਰ ਹੇਠ ਕਿਸਾਨਾਂ ਨੇ ਪ੍ਰਕਾਸ਼ ਸਿੰਘ ਮਮੇਰਾਂ ਅਤੇ ਅੰਗਰੇਜ਼ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਪੁਤਲਾ ਫੂਕਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਭੁੱਚੋ ਮੰਡੀ (ਪਵਨ ਗੋਇਲ):

ਕਿਸਾਨੀ ਮੰਗਾਂ ਜਲਦੀ ਪੂਰੀਆਂ ਕੀਤੇ ਜਾਣ ਦੀ ਪੁਰਜ਼ੋਰ ਮੰਗ ਨੂੰ ਲੈ ਕੇ ਵੱਖ ਵੱਖ ਕਿਸਾਨ ਜੱਥੇਬੰਦੀਆਂ ਨੇ ਅੱਜ ਪਿੰਡ ਭੁੱਚੋ ਖੁਰਦ ਵਿੱਚ ਸਾਂਝੇ ਤੌਰ ’ਤੇ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਨਛੱਤਰ ਸਿੰਘ, ਮੰਦਰ ਸਿੰਘ ਨਾਗਰਾ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਚੰਦ ਸਿੰਘ, ਜਰਨੈਲ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੀਆਂ ਮਨਜੀਤ ਕੌਰ ਅਤੇ ਪਰਮਜੀਤ ਕੌਰ ਨੇ ਸੰਬੋਧਨ ਕੀਤਾ।

ਫਿਰੋਜ਼ਪੁਰ (ਸੰਜੀਵ ਹਾਂਡਾ):

ਪਿਛਲੇ ਗਿਆਰਾਂ ਮਹੀਨਿਆਂ ਤੋਂ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨੀ ਅੰਦੋਲਨ ਵਿਚ ਸ਼ਾਮਲ ਹੋਣ ਲਈ ਅੱਜ ਇਥੋਂ ਕਿਸਾਨਾਂ ਦਾ ਇੱਕ ਜਥਾ ਸ਼ੰਭੂ ਬਾਰਡਰ ’ਤੇ ਪੁੱਜਿਆ। ਰਵਾਨਗੀ ਤੋਂ ਪਹਿਲਾਂ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕ ਕੇ ਆਪਣਾ ਰੋਸ ਜ਼ਾਹਿਰ ਕੀਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਗੁਰਮੇਲ ਸਿੰਘ ਫੱਤੇਵਾਲਾ ਨੇ ਦੱਸਿਆ ਕਿ ਇਹ ਜਥਾ ਅਗਲੇ ਦਸ ਦਿਨ ਤੱਕ ਅੰਦੋਲਨ ਦੀ ਹਮਾਇਤ ਕਰੇਗਾ।

ਜ਼ੀਰਾ (ਪੱਤਰ ਪ੍ਰੇਰਕ):

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱ ਲੋਂਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਜੈਮਲ ਵਾਲਾ, ਲਹਿਰਾ ਰੋਹੀ, ਮਹੀਆਂ ਵਾਲਾ ਕਲਾਂ, ਸੋਢੀਵਾਲਾ,ਬੋਤੀਆਂ ਵਾਲਾ ਆਦਿ ਪਿੰਡਾਂ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ ਸੰਬੋਧਨ ਕੀਤਾ।

ਰਾਮਪੁਰਾ ਫੂਲ਼ (ਰਮਨਦੀਪ ਸਿੰਘ) :

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਬਲਾਕ ਰਾਮਪੁਰਾ ਤੇ ਬਲਾਕ ਫੂਲ਼ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਅੰਦਰ ਵੀ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਸੂਬਾ ਕਮੇਟੀ ਮੈਂਬਰ ਬਲਵੰਤ ਮਹਿਰਾਜ ਨੇ ਸੰਬੋਧਨ ਕੀਤਾ।

Advertisement