ਉਚਾਨਾ ਮਹਾਪੰਚਾਇਤ ’ਚ ਕਿਸਾਨਾਂ ਨੇ ਕੇਂਦਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ
ਆਤਿਸ਼ ਗੁਪਤਾ
ਚੰਡੀਗੜ੍ਹ, 15 ਸਤੰਬਰ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਹਰਿਆਣਾ ਦੇ ਉਚਾਨਾ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਗਈ। ਹਰਿਆਣਾ ਪੁਲੀਸ ਨੇ ਕਿਸਾਨਾਂ ਦੇ ਹਰਿਆਣਾ ਵਿੱਚ ਦਾਖਲੇ ਰੋਕਣ ਲਈ ਹਰਿਆਣਾ ਦੀਆਂ ਹੱਦਾਂ ’ਤੇ ਵੱਡੇ-ਵੱਡੇ ਪੱਥਰ ਲਗਾ ਕੇ ਰਾਹ ਬੰਦ ਕਰਨ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਤੇ ਹਰਿਆਣਾ ਭਰ ਤੋਂ ਵੱਡੀ ਗਿਣਤੀ ਕਿਸਾਨ ਮਹਾਪੰਚਾਇਤ ਵਿੱਚ ਪਹੁੰਚੇ ਅਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਖ਼ਿਲਾਫ਼ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ। ਕਿਸਾਨਾਂ ਨੇ ਹੁਣ 22 ਸਤੰਬਰ ਨੂੰ ਕੁਰੂਕਸ਼ੇਤਰ ਦੇ ਪਿਪਲੀ ਵਿੱਚ ਕਿਸਾਨ ਮਹਾਪੰਚਾਇਤ ਸੱਦੀ ਹੈ। ਇਸ ਮਹਾਪੰਚਾਇਤ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਨ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਅਮਰਜੀਤ ਸਿੰਘ ਮੋੜੀ, ਲਖਵਿੰਦਰ ਸਿੰਘ ਔਲਖ, ਜਰਨੈਲ ਸਿੰਘ ਚਾਹਲ, ਮਨਜੀਤ ਰਾਏ, ਜਸਵਿੰਦਰ ਲੌਂਗੋਵਾਲ, ਸ਼ਾਂਤਾਕੁਮਾਰ, ਹਰਪਾਲ ਚੌਧਰੀ, ਜਸਦੇਵ ਸਿੰਘ ਤੇ ਹੋਰਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2011 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪੱਤਰ ਲਿਖ ਕੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ ਸੀ ਪਰ ਮੋਦੀ ਖੁਦ ਸੱਤਾ ਵਿੱਚ ਆ ਕੇ ਇਹ ਗਾਰੰਟੀ ਦੇਣਾ ਭੁੱਲ ਗਏ ਹਨ। ਅਜਿਹਾ ਕਰ ਕੇ ਮੋਦੀ ਨੇ ਕਿਸਾਨਾਂ ਨਾਲ ਵਾਅਦਾਖ਼ਿਲਾਫ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਮੰਗ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ’ਤੇ 13 ਮਹੀਨੇ ਚੱਲੇ ਕਿਸਾਨ ਅੰਦੋਲਨ ਵਿੱਚ 800 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਪਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ।
ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਅੰਦੋਲਨ ਸੰਸਦ ਜਾਂ ਵਿਧਾਇਕ ਬਣਨ ਜਾਂ ਬਣਾਉਣ ਲਈ ਨਹੀਂ ਸਗੋਂ ਭਵਿੱਖ ਦੀਆਂ ਪੀੜ੍ਹੀਆਂ ਬਚਾਉਣ ਲਈ ਕੀਤਾ ਜਾ ਰਿਹਾ ਹੈ। ਉਹ ਚੋਣਾਂ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੀ ਹਮਾਇਤ ਨਹੀਂ ਕਰ ਰਹੇ। ਉਹ ਸਰਕਾਰਾਂ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਿਸ਼ਵ ਵਪਾਰ ਸੰਗਠਨ ਤੇ ਵਿਸ਼ਵ ਬੈਂਕ ਦੀਆਂ ਨੀਤੀਆਂ ਕਿਸਾਨਾਂ ’ਤੇ ਥੋਪ ਰਹੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉੱਦੋਂ ਤੱਕ ਕਿਸਾਨਾਂ ਤੇ ਮਜ਼ਦੂਰਾਂ ਦਾ ਸੰਘਰਸ਼ ਜਾਰੀ ਰਹੇਗਾ।
ਕਿਸਾਨਾਂ ਨੂੰ ਮਹਾਪੰਚਾਇਤ ’ਚ ਜਾਣ ਤੋਂ ਰੋਕਣ ਲਈ ਹਾਈਵੇਅ ਕੀਤਾ ਜਾਮ
ਗੂਹਲਾ ਚੀਕਾ (ਪੱਤਰ ਪ੍ਰੇਰਕ): ਗੂਹਲਾ ਪ੍ਰਸ਼ਾਸਨ ਨੇ ਕੈਥਲ-ਪਟਿਆਲਾ ਸਟੇਟ ਹਾਈਵੇਅ ਨੂੰ 20 ਘੰਟਿਆਂ ਤੱਕ ਬੰਦ ਰੱਖਿਆ। ਇਸ ਕਾਰਨ ਪੰਜਾਬ ਵੱਲੋਂ ਆਉਣ ਵਾਲੇ ਕਿਸਾਨ ਜੀਂਦ ਜ਼ਿਲ੍ਹੇ ਦੇ ਉਚਾਨਾ ਵਿੱਚ ਕਿਸਾਨ ਮਹਾਪੰਚਾਇਤ ਵਿੱਚ ਨਾ ਪਹੁੰਚ ਸਕੇ। ਪ੍ਰਸ਼ਾਸਨ ਨੇ ਸ਼ਨਿਚਰਵਾਰ ਸ਼ਾਮ ਲਗਪਗ ਛੇ ਵਜੇ ਪਿੰਡ ਟਟਿਆਣਾ ਸਥਿਤ ਘੱਗਰ ਦਰਿਆ ਦੇ ਪੁਲ ’ਤੇ ਵੱਡੇ-ਵੱਡੇ ਪੱਥਰ ਲਾ ਕੇ ਪੁਲ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ। ਪੁਲ ਬੰਦ ਹੋਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਇਸ ਕਾਰਨ ਰਾਹਗੀਰ ਪ੍ਰੇਸ਼ਾਨ ਰਹੇ। ਰਾਹਗੀਰਾਂ ਨੂੰ ਬਦਲਵੇਂ ਰਾਹਾਂ ਤੋਂ ਆਪਣੀ ਮੰਜ਼ਿਲ ਵੱਲ ਜਾਣਾ ਪਿਆ।
ਹਰਿਆਣਾ ਪੁਲੀਸ ਨੇ ਕਿਸਾਨਾਂ ਦਾ ਕਾਫਲਾ ਰੋਕਿਆ
ਖਨੌਰੀ (ਹਰਜੀਤ ਸਿੰਘ): ਖਨੌਰੀ ਬਾਰਡਰ ਤੋਂ ਲਿੰਕ ਰਸਤੇ ਰਾਹੀਂ ਹਰਿਆਣਾ ਦੇ ਜ਼ਿਲ੍ਹਾ ਜੀਂਦ ਦੀ ਉਚਾਨਾ ਮੰਡੀ ਵਿੱਚ ਹੋ ਰਹੀ ਮਹਾਪੰਚਾਇਤ ਵਿੱਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲੀਸ ਨੇ ਅੱਗੇ ਜਾਣ ਤੋਂ ਰੋਕ ਦਿੱਤਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਸੋਸ਼ਲ ਮੀਡੀਆ ਖਾਤੇ ’ਤੇ ਲਾਈਵ ਹੋ ਕੇ ਇਸ ਨੂੰ ਹਰਿਆਣਾ ਪੁਲੀਸ ਦੀ ਗੁੰਡਾਗਰਦੀ ਦੱਸਿਆ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲੀਸ ਬੀਤੀ ਰਾਤ ਤੋਂ ਹੀ ਪੰਜਾਬ ਤੋਂ ਹਰਿਆਣੇ ਵੱਲ ਨੂੰ ਜਾਂਦੇ ਰਸਤੇ ਬੰਦ ਕਰ ਰਹੀ ਹੈ ਤਾਂ ਜੋ ਕਿਸਾਨਾਂ ਦੇ ਕਾਫ਼ਲੇ ਉਚਾਨਾ ਮੰਡੀ ਵਿੱਚ ਹੋ ਰਹੀ ਕਿਸਾਨ ਮਹਾ ਪੰਚਾਇਤ ਵਿੱਚ ਸ਼ਾਮਲ ਨਾ ਹੋ ਸਕਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਜਥਾ ਦਿੱਲੀ ਨਹੀਂ ਸਗੋਂ ਮਹਾ ਪੰਚਾਇਤ ਵਿੱਚ ਸ਼ਾਮਲ ਹੋਣ ਲਈ ਉਚਾਨਾ ਮੰਡੀ ਜਾ ਰਿਹਾ ਸੀ।