For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਚੱਕਾ ਜਾਮ ਕਰਕੇ ਸੂਬਾ ਤੇ ਕੇਂਦਰ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ

11:13 AM Oct 26, 2024 IST
ਕਿਸਾਨਾਂ ਵੱਲੋਂ ਚੱਕਾ ਜਾਮ ਕਰਕੇ ਸੂਬਾ ਤੇ ਕੇਂਦਰ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ
ਖੰਨਾ ਵਿੱਚ ਅੰਮ੍ਰਿਤਸਰ-ਦਿੱਲੀ ਮੁੱਖ ਮਾਰਗ ’ਤੇ ਆਵਾਜਾਈ ਰੋਕ ਕੇ ਪ੍ਰਦਰਸ਼ਨ ਕਰਦੇ ਹੋਏ ਕਿਸਾਨ। -ਫੋਟੋਆਂ: ਹਿਮ਼ਾਂਸ਼ੂ ਮਹਾਜਨ
Advertisement

ਜੋਗਿੰਦਰ ਸਿੰਘ ਓਬਰਾਏ
ਖੰਨਾ, 25 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਖੰਨਾ ਦੀ ਗੁਰੂ ਅਮਰਦਾਸ ਮਾਰਕੀਟ ਦੇ ਸਾਹਮਣੇ ਜਰਨੈਲੀ ਸੜਕ ਨੂੰ 11 ਤੋਂ 3 ਵਜੇ ਤੱਕ ਜਾਮ ਕਰਕੇ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੌਜੂਦਾ ਸਰਕਾਰਾਂ ਦੀਆਂ ਖੇਤੀ ਨੀਤੀਆਂ ਨੂੰ ਪੰਜਾਬ ਲਈ ਘਾਤਕ ਕਰਾਰ ਦਿੰਦਿਆਂ ਕਿਹਾ ਕਿ ਅੱਜ ਸਾਰੇ ਵਰਗਾਂ ਦੇ ਲੋਕ ਸਰਕਾਰੀ ਜ਼ਬਰ ਖਿਲਾਫ਼ ਸੜਕਾਂ ’ਤੇ ਉਤਰਨ ਲਈ ਮਜਬੂਰ ਹੋ ਰਹੇ ਹਨ ਜੇਕਰ ਸਰਕਾਰ ਨੇ ਜਲਦ ਤੋਂ ਜਲਦ ਝੋਨੇ ਦੀ ਖਰੀਦ ਸਬੰਧੀ ਵਿਰੋਧੀ ਨੀਤੀ ਨਾ ਬਦਲੀ ਤਾਂ ਆਉਣ ਵਾਲੇ ਸਮੇਂ ਵਿਚ ਸਖ਼ਤ ਅੰਦੋਲਨ ਦਾ ਰਾਹ ਅਖਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਵੱਖ ਵੱਖ ਮੰਡੀਆਂ ਵਿੱਚ ਕਿਸਾਨ ਝੋਨੇ ਦੀ ਫਸਲ ਦੀ ਬੋਲੀ ਨਾ ਹੋਣ ਕਾਰਨ ਪਿਛਲੇ 25 ਦਿਨਾਂ ਤੋਂ ਮੰਡੀਆਂ ਵਿਚ ਰੁਲ ਰਹੇ ਹਨ ਪਰ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ ਜਿਸ ਦੇ ਰੋਸ ਵਜੋਂ ਅੱਜ ਸਰਕਾਰਾਂ ਨੂੰ ਨੀਂਦ ਵਿਚੋਂ ਜਗਾਉਣ ਲਈ ਧਰਨਾ ਲਾਉਣਾ ਪਿਆ ਹੈ। ਰਾਜੇਵਾਲ ਨੇ ਕਿਹਾ ਕਿ ਕਿਸਾਨਾਂ ਦੀ ਛੇ ਮਹੀਨੇ ਦੀ ਮਿਹਨਤ ਨਾਲ ਪਾਲੀ ਫ਼ਸਲ ਮੰਡੀ ਵਿਚ ਵੱਧ ਨਮੀ ਦੀ ਮਾਤਰਾ ਕਹਿ ਕੇ ਰੋਲੀ ਜਾ ਰਹੀ ਹੈ ਅਤੇ ਜੋ ਫ਼ਸਲ ਦੀ ਖਰੀਦ ਹੋਈ ਹੈ ਉਸ ਦੀ ਲਿਫਟਿੰਗ ਨਹੀਂ ਹੋ ਰਹੀ ਜਿਸ ਕਾਰਨ ਮੰਡੀ ਵਿਚ ਫਸਲ ਸੁੱਟਣ ਲਈ ਥਾਂ ਨਹੀਂ ਹੈ। ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਦੇ ਝੋਨੇ ਦੀ ਫਸਲ ਵਿਚ ਨਮੀ ਦੀ ਮਾਤਰਾ 15 ਫੀਸਦੀ ਆ ਰਹੀ ਹੈ ਉਸ ਦੀ ਵੀ ਖਰੀਦ ਨਹੀਂ ਕੀਤੀ ਜਾ ਰਹੀ।

Advertisement

ਖੰਨਾ ਅਨਾਜ ਮੰਡੀ ਵਿੱਚ ਆਈ ਹੋਈ ਫਸਲ ਦੇ ਲੱਗੇ ਢੇਰ। -ਫੋਟੋਆਂ: ਹਿਮ਼ਾਂਸ਼ੂ ਮਹਾਜਨ

ਲੁਧਿਆਣਾ (ਗੁਰਿੰਦਰ ਸਿੰਘ):

Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਮੰਗ ਤਹਿਤ ਅੱਜ ਫਿਰੋਜ਼ਪੁਰ ਰੋਡ ਸਥਿਤ ਐੱਮਬੀਡੀ ਮਾਲ ਦਾ ਘਿਰਾਓ ਕਰਕੇ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪਰਾ ਤੇ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦੀ ਖੱਜਲ-ਖੁਆਰੀ ਲਈ ਜ਼ਿੰਮੇਵਾਰ ਹਨ ਕਿਉਂਕਿ ਇਨ੍ਹਾਂ ਵੱਲੋਂ ਝੋਨੇ ਦੀ ਖਰੀਦ ਤੋਂ ਘੇਸਲ ਵੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਫ਼ੈਸਲੇ ਅਨੁਸਾਰ ਪੰਜਾਬ ਦੀਆਂ ਸੰਘਰਸ਼ੀ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ਜਾਮ ਕਰਨ ਤੋਂ ਇਲਾਵਾ ਕਾਰਪੋਰੇਟ ਘਰਾਣਿਆਂ ਦੇ ਮਾਲਾਂ ਦਾ ਵੀ ਘਿਰਾਓ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜਿੱਥੇ ਸੰਸਾਰ ਵਪਾਰ ਸੰਸਥਾ ਵੱਲੋਂ ਖੁੱਲ੍ਹੀ ਮੰਡੀ ਰਾਹੀਂ ਕਿਸਾਨਾਂ ਦੀਆਂ ਫ਼ਸਲਾਂ ਦੀ ਲੁੱਟ ਕਰਨ ਦੀਆਂ ਨੀਤੀਆਂ ਲਾਗੂ ਕਰਵਾਈਆਂ ਜਾ ਰਹੀਆਂ ਹਨ, ਉੱਥੇ ਵੱਡੇ ਮਾਲ ਪਲਾਜ਼ਾ ਰਾਹੀਂ ਛੋਟੇ ਦੁਕਾਨਦਾਰਾਂ ਦੇ ਕਾਰੋਬਾਰ ਫੇਲ੍ਹ ਕੀਤੇ ਜਾ ਰਹੇ ਹਨ। ਇਸ ਕਰਕੇ ਇਹ ਕਾਰਪੋਰੇਟ ਘਰਾਣੇ ਕਿਸਾਨਾਂ ਤੇ ਹੋਰ ਕਿਰਤੀ ਲੋਕਾਂ ਦੇ ਸਾਂਝੇ ਦੁਸ਼ਮਣ ਹਨ।
ਸਮਰਾਲਾ (ਡੀਪੀਐੱਸ ਬਤਰਾ) ਸਮਰਾਲਾ ਵਿੱਚ ਕਿਸਾਨਾਂ ਦੇ ਸੂਬਾ ਪੱਧਰੀ ਰੋਸ਼ ਪ੍ਰਦਸ਼ਨ ਦੀ ਅਗਵਾਈ ਕਰਦਿਆਂ ਐੱਸ.ਕੇ.ਐੱਮ. ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿ ਕੇਂਦਰ ਦੀ ਮੋਦੀ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਅਤੇ ਉਸ ਨੇ ਪੰਜਾਬ ਨੂੰ ਆਰਥਿਕ ਤੌਰ ’ਤੇ ਤਬਾਹ ਕਰਨ ਦੀ ਗੱਲ ਠਾਣੀ ਹੋਈ ਹੈ। ਉਨ੍ਹਾਂ ਕਿਹਾ ਕਿ, ਦਿੱਲੀ ਅਤੇ ਪੰਜਾਬ ਵਿਚਾਲੇ ਚੱਲ ਰਹੀ ਅਣਬਣ ਦਾ ਖਮਿਆਜ਼ਾ ਵੀ ਕਿਸਾਨ ਭੁਗਤ ਰਹੇ ਹਨ ਅਤੇ ਸਰਕਾਰ ਨਾਲ ਪੰਜ ਮੀਟਿੰਗਾਂ ਤੋਂ ਬਾਅਦ ਵੀ ਝੋਨੇ ਦੀ ਖਰੀਦ ਸਬੰਧੀ ਕੋਈ ਨਤੀਜਾ ਨਹੀਂ ਨਿਕਲ ਰਿਹਾ। ਉਨ੍ਹਾਂ ਮੰਡੀਆਂ ਵਿਚ ਰੁਲ ਰਹੇ ਕਿਸਾਨਾਂ ਵੱਲੋਂ 29 ਅਕਤੂਬਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਨੂੰ ਤਾਲੇ ਲਗਾਉਣ ਦਾ ਐਲਾਨ ਕਰਦਿਆ ਕਿਹਾ ਕਿ, ਜੇਕਰ ਝੋਨੇ ਦੀ ਫ਼ਸਲ ਦੀ ਖਰੀਦ ਨਾ ਹੋਈ ਤਾਂ ਸਥਿਤੀ ਬਹੁਤ ਖਰਾਬ ਹੋਵੇਗੀ। ਸਥਾਨਕ ਬਾਈਪਾਸ ’ਤੇ ਲੁਧਿਆਣਾ-ਚੰਡੀਗੜ ਹਾਈਵੇ ਉੱਤੇ ਇੱਕਤਰ ਸੈਂਕੜੇ ਕਿਸਾਨਾਂ ਦੇ ਇੱਕਠ ਨੂੰ ਸੰਬੋਧਨ ਕਰਦਿਆ ਰਾਜੇਵਾਲ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ, ਖੇਤੀ ਪੰਜਾਬ ਦੀ ਆਰਥਿਕਤਾ ਦਾ ਧੁਰਾ ਹੈ ਅਤੇ ਜੇਕਰ ਇਹਦਾ ਨੁਕਸਾਨ ਹੋਇਆ ਤਾਂ ਇੱਥੇ ਇੰਡਸਟਰੀ ਤੇ ਹੋਰ ਕਾਰੋਬਾਰ ਵੀ ਤਬਾਹ ਹੋ ਜਾਣਗੇ।

ਮਾਛੀਵਾੜਾ (ਗੁਰਦੀਪ ਸਿੰਘ ਟੱਕਰ):

ਖੰਨਾ-ਨਵਾਂਸ਼ਹਿਰ ਮਾਰਗ ’ਤੇ ਰੋਸ ਪ੍ਰਦਰਸ਼ਨ ਵਿੱਚ ਅੱਜ ਵਿਸ਼ੇਸ਼ ਤੌਰ ’ਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਪੁੱਜੇ ਜਿਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿਤਾਵਨੀ ਦਿੱਤੀ ਕਿ ਉਹ ਸੂਬੇ ਦੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕਰ ਦੇਣ ਨਹੀਂ ਤਾਂ ਜੋ ਕਿਸਾਨ ਦੇਸ਼ ਦਾ ਅੰਨਦਾਤਾ ਬਣ ਸਕਦਾ ਹੈ ਉਹ ਅੰਨ ਦਾ ਸੰਕਟ ਵੀ ਖੜਾ ਕਰ ਸਕਦਾ ਹੈ। ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਅੰਦੋਲਨ ਦੀ ਕਿੜ ਕੱਢ ਰਹੀ ਹੈ ਅਤੇ ਅੱਜ ਜੋ ਵੀ ਝੋਨੇ ਦੀ ਖਰੀਦ ਸਬੰਧੀ ਸਮੱਸਿਆਵਾਂ ਹਨ ਉਸ ਦਾ ਕੋਈ ਵੀ ਹੱਲ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਅੱਜ ਕਿਸਾਨ, ਆੜ੍ਹਤੀ, ਸ਼ੈਲਰ ਮਾਲਕ, ਮਜ਼ਦੂਰ ਪਿਛਲੇ 25 ਦਿਨਾਂ ਤੋਂ ਲਗਾਤਾਰ ਮੰਡੀਆਂ ਵਿਚ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਝੋਨਾ ਨਾ ਵਿਕਣ ਕਾਰਨ ਪੰਜਾਬ ਦੀ ਆਰਥਿਕਤਾ ਨੂੰ ਵੀ ਵੱਡੀ ਢਾਹ ਲੱਗ ਰਹੀ ਹੈ।

ਪਾਇਲ (ਦੇਵਿੰਦਰ ਸਿੰਘ ਜੱਗੀ): 

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਵਿੱਤ ਸਕੱਤਰ ਰਾਜਿੰਦਰ ਸਿੰਘ ਸਿਆੜ, ਮਨੋਹਰ ਸਿੰਘ ਕਲਾੜ ਤੇ ਜਿਲਾ ਆਗੂ ਯੁਵਰਾਜ ਸਿੰਘ ਘੁਡਾਣੀ ਨੇ ਅੱਜ ਇਥੇ ਕਿਹਾ ਕਿ ਝੋਨੇ ਦੀ ਖਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ 9 ਦਿਨਾਂ ਤੋਂ 51 ਥਾਂਵਾਂ ’ਤੇ ਲਗਾਏ ਗਏ ਪੱਕੇ ਮੋਰਚੇ ਜਾਰੀ ਹਨ, ਜਿਸ ਤਹਿਤ 26 ਟੌਲ ਪਲਾਜ਼ੇ ਪਰਚੀ ਮੁਫਕ ਵੀ ਕੀਤੇ ਗਏ ਹਨ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਮੰਤਰੀਆਂ/ਵਿਧਾਇਕਾਂ ਤੇ ਭਾਜਪਾ ਆਗੂਆਂ ਦੇ ਘਰਾਂ/ਦਫ਼ਤਰਾਂ ਅੱਗੇ ਲਗਪਗ 25 ਥਾਵਾਂ ’ਤੇ ਵੀ ਧਰਨੇ ਜਾਰੀ ਹਨ ਪਰ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਝੋਨੇ ਦੀ ਖਰੀਦ ਤੋਂ ਲਗਾਤਾਰ ਮੁਜਰਮਾਨਾ ਘੇਸਲ ਵੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਦੋਵੇਂ ਸਰਕਾਰਾਂ ਰਲ ਕੇ ਕਿਸਾਨੀ ਨੂੰ ਤਬਾਹ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਜਿੱਥੇ ਕਾਰਪੋਰੇਟ ਘਰਾਣਿਆਂ ਦੀ ਜਥੇਬੰਦੀ ਵਿਸ਼ਵ ਵਪਾਰ ਸੰਸਥਾ ਵੱਲੋਂ ਖੁੱਲ੍ਹੀ ਮੰਡੀ ਰਾਹੀਂ ਕਿਸਾਨਾਂ ਦੀਆਂ ਫਸਲਾਂ ਦੀ ਲੁੱਟ ਕਰਨ ਦੀਆਂ ਨੀਤੀਆਂ ਲਾਗੂ ਕਰਵਾਈਆਂ ਜਾ ਰਹੀਆਂ ਹਨ, ਉੱਥੇ ਵੱਡੇ ਮਾਲਾਂ ਰਾਹੀਂ ਛੋਟੇ ਦੁਕਾਨਦਾਰਾਂ ਦੇ ਕਾਰੋਬਾਰ ਫੇਲ੍ਹ ਕੀਤੇ ਜਾ ਰਹੇ ਹਨ। ਇਸ ਕਰਕੇ ਇਹ ਕਾਰਪੋਰੇਟ ਘਰਾਣੇ ਕਿਸਾਨਾਂ ਤੇ ਹੋਰ ਕਿਰਤੀ ਲੋਕਾਂ ਦੇ ਸਾਂਝੇ ਦੁਸ਼ਮਣ ਹਨ।

ਗ਼ਲਤ ਨੀਤੀਆਂ ਕਿਸਾਨਾਂ ਲਈ ਮਾਰੂ: ਲੱਖੋਵਾਲ

ਮਾਛੀਵਾੜਾ (ਪੱਤਰ ਪ੍ਰੇਰਕ):

ਭਾਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਸੰਚਾਰੂ ਢੰਗ ਨਾਲ ਨਾ ਹੋਣ ਦੇ ਰੋਸ ਵਜੋਂ ਅੱਜ ਸਾਰੇ ਪੰਜਾਬ ਵਿੱਚ ਸੈਂਕੜੇ ਥਾਵਾਂ ’ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚਾਰ ਘੰਟਿਆਂ ਲਈ ਸੜਕ ਆਵਾਜਾਈ ਬੰਦ ਰੱਖੀ ਗਈ। ਲੱਖੋਵਾਲ ਨੇ ਕਿਹਾ ਕਿ ਕਿਸਾਨ ਆਪਣੀਆਂ ਫਸਲਾਂ ਲੈ ਕੇ ਪਿਛਲੇ ਦੋ ਹਫ਼ਤਿਆਂ ਤੋਂ ਮੰਡੀਆਂ ’ਚ ਰੁਲ ਰਹੇ ਹਨ। ਪਰ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜੇਕਰ ਕਿਸੇ ਮੰਡੀ ਵਿੱਚ ਫਸਲ ਵਿਕ ਵੀ ਰਹੀ ਹੈ ਤਾਂ ਉਥੇ ਫਸਲ ਚੁੱਕਣ ਵਾਲੇ ਨਹੀਂ ਹਨ। ਲੱਖੋਵਾਲ ਨੇ ਕਿਹਾ ਕਿ ਦੋਵੇਂ ਸਰਕਾਰਾਂ ਫਸਲ ਦੀ ਸੰਭਾਲ ਪ੍ਰਤੀ ਸੁਹਿਰਦ ਨਹੀਂ ਹਨ। ਉਨ੍ਹਾਂ ਕਿਹਾ ਕਿ ਬੀਤੀ 18 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨਾਲ ਹੋਈ ਮੁੱਖ ਮੰਤਰੀ ਦੀ ਮੀਟਿੰਗ ਵਿੱਚ ਦੋ ਦਿਨਾਂ ਦਾ ਸਮਾਂ ਮੰਗਿਆ ਗਿਆ ਸੀ। ਅੱਜ ਛੇ ਦਿਨ ਬੀਤਣ ’ਤੇ ਵੀ ਹਾਲਾਤ ਸੁਧਰ ਨਹੀਂ ਸਕੇ ਹਨ ਜਿਸ ਦੇ ਰੋਸ ਵਜੋਂ ਅੱਜ ਕਿਸਾਨ ਜਥੇਬੰਦੀਆਂ ਨੇ 11 ਤੋਂ 3 ਵਜੇ ਤੱਕ ਸੜਕ ਆਵਾਜਾਈ ਜਾਮ ਰੱਖੀ ਹੈ।

ਜਗਰਾਉਂ, ਰਾਏਕੋਟ, ਮੁੱਲਾਂਪੁਰ ਤੇ ਸੁਧਾਰ ਵਿੱਚ ਚੱਕਾ ਜਾਮ

ਜਗਰਾਉਂ (ਜਸਬੀਰ ਸਿੰਘ ਸ਼ੇਤਰਾ): 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਝੋਨੇ ਦੀ ਬੇਕਦਰੀ ਖ਼ਿਲਾਫ਼ ਚੱਕਾ ਜਾਮ ਦੇ ਸੱਦੇ ਤਹਿਤ ਅੱਜ ਜਗਰਾਉਂ ਵਿੱਚ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਕਿਸਾਨਾਂ ਨੇ ਧਰਨਾ ਦੇ ਕੇ ਚੱਕਾ ਜਾਮ ਕੀਤਾ। ਝੋਨੇ ਦੀ ਖਰੀਦ ਸਹੀ ਢੰਗ ਨਾਲ ਕਰਨ ਤੇ ਲਿਫਟਿੰਗ ਦੀ ਸਮੱਸਿਆ ਦੂਰ ਕਰਨ ਦੀ ਮੰਗ ਤਹਿਤ ਇਸੇ ਤਰ੍ਹਾਂ ਰਾਏਕੋਟ, ਮੁੱਲਾਂਪੁਰ, ਸੁਧਾਰ ਤੇ ਚੌਕੀਮਾਨ ਟੌਲ ’ਤੇ ਵੀ ਧਰਨੇ ਦਿੱਤੇ ਗਏ। ਇਨ੍ਹਾਂ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਭਾਵੇਂ ਕਿਸਾਨੀ ਅੰਦੋਲਨ ਕਾਰਨ ਚੌਵੀ ਦਿਨ ਬਾਅਦ ਮੰਡੀਆਂ ’ਚ ਖਰੀਦ ਤੇ ਚੁਕਾਈ ਸ਼ੁਰੂ ਹੋਈ ਹੈ ਪਰ ਇਸ ਢਿੱਲੀ ਰਫਤਾਰ ਕਾਰਨ ਕਿਸਾਨਾਂ ਨੂੰ ਹਾਲੇ ਵੀ ਕਈ ਦਿਨ ਮੰਡੀਆਂ ’ਚ ਖੁਆਰ ਹੋਣਾ ਪਵੇਗਾ। ਉਨ੍ਹਾਂ ਝੋਨੇ ਦੀ ਖਰੀਦ ਮੌਕੇ ਨਮੀ ਦੀ ਮਾਤਰਾ 22 ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸ਼ੈਲਰ ਮਾਲਕਾਂ ਵੱਲੋਂ ਕਾਟ ਕੱਟਣ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਅਸਲ ਵਿੱਚ ਪੰਜਾਬ ’ਚ ਮੋਦੀ ਸਰਕਾਰ ਕਾਰਪੋਰੇਟ ਰਾਜ ਲਿਆ ਕੇ ਮੰਡੀਆਂ ਦੇ ਨਿੱਜੀਕਰਨ ਦੇ ਰਾਹ ਤੁਰ ਪਈ ਹੈ। ਕਿਸਾਨ ਆਗੂਆਂ ਨੇ ਪੰਜਾਬ ’ਚ ਡੀਏਪੀ ਦੀ ਸਪਲਾਈ ਦਰੁੱਸਤ ਕਰਨ ਦੀ ਵੀ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਕਿਸਾਨੀ ਨੂੰ ਉਜਾੜਨ ’ਚ ਮਾਨ ਸਰਕਾਰ ਤੇ ਮੋਦੀ ਸਰਕਾਰ ਦੋਵੇਂ ਹਮਕਦਮ ਹਨ।

ਕੇਂਦਰ ਖੇਤੀ ਕਾਨੂੰਨ ਮੁੜ ਲਾਗੂ ਕਰਨਾ ਚਾਹੁੰਦਾ ਹੈ: ਪਾਲਮਾਜਰਾ

ਸਮਰਾਲਾ (ਪੱਤਰ ਪ੍ਰੇਰਕ): 

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਨੇ ਅੱਜ ਇਥੇ ਕਿਹਾ ਕਿ ਸੂਬੇ ਦੀਆਂ ਮੰਡੀਆਂ ਵਿੱਚ ਰੁਲ ਰਹੇ ਕਿਸਾਨਾਂ ਦੀ ਹਾਲਤ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਰੱਦ ਕਰਵਾਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲੁੱਕਵੇ ਢੰਗ ਨਾਲ ਮੁੜ ਲਾਗੂ ਕਰਨਾ ਚਾਹੁੰਦੀ ਹੈ, ਇਸ ਲਈ ਹੀ ਮੰਡੀਆਂ ਵਿੱਚ ਅਜਿਹੇ ਹਾਲਾਤ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ, ਝੋਨੇ ਦਾ ਸੀਜ਼ਨ ਜਿਹੜਾ ਕਿ ਹਮੇਸ਼ 31 ਅਕਤੂਬਰ ਤੱਕ ਖਤਮ ਹੋ ਜਾਂਦਾ, ਪਰ ਇਸ ਵਾਰ 25 ਦਿਨ ਬੀਤਣ ’ਤੇ ਵੀ 5 ਫ਼ੀਸਦ ਫ਼ਸਲ ਦੀ ਖਰੀਦ ਹੋਈ ਹੈ।

Advertisement
Author Image

joginder kumar

View all posts

Advertisement