ਕਿਸਾਨ, ਮਜ਼ਦੂਰ, ਆੜ੍ਹਤੀ ਤੇ ਸ਼ੈੱਲਰ ਮਾਲਕ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ 18 ਤੋਂ ਲਾਉਣਗੇ ਪੱਕਾ ਧਰਨਾ
ਆਤਿਸ਼ ਗੁਪਤਾ
ਚੰਡੀਗੜ੍ਹ, 14 ਅਕਤੂਬਰ
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ’ਤੇ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ, ਆੜ੍ਹਤੀ ਐਸੋਸੀਏਸ਼ਨਾਂ, ਸ਼ੈੱਲਰ ਮਾਲਕ ਐਸੋਸੀਏਸ਼ਨ, ਮਜ਼ਦੂਰ ਜਥੇਬੰਦੀਆਂ ਅਤੇ ਵਪਾਰ ਮੰਡਲ ਨੇ 18 ਅਕਤੂਬਰ ਤੋਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਮੂਹਰੇ ਪੱਕਾ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਹ ਧਰਨਾ ਪੰਜਾਬ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋਣ ਤੱਕ ਲਗਾਤਾਰ ਜਾਰੀ ਰਹੇਗਾ। ਸਮੂਹ ਜਥੇਬੰਦੀਆਂ ਨੇ ਪੰਜਾਬ ਦੀਆਂ ਮੰਡੀਆਂ ਵਿੱਚ ‘ਆਪ’ ਮੰਤਰੀਆਂ ਤੇ ਵਿਧਾਇਕਾਂ ਦੀ ਆਮਦ ’ਤੇ ਕਾਲੇ ਝੰਡੇ ਦਿਖਾਉਣ ਅਤੇ ਘਿਰਾਓ ਕਰਨ ਦਾ ਵੀ ਫੈਸਲਾ ਲਿਆ ਹੈ। ਭਾਜਪਾ ਦੇ ਰਾਜ ਸਭਾ ਮੈਂਬਰ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਪੰਜਾਬ ਵਿੱਚ ਹਰ ਥਾਂ ਕਾਲੇ ਝੰਡੇ ਦਿਖਾਏ ਜਾਣਗੇ। ਇਹ ਐਲਾਨ ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਦੀਆਂ ਕਿਸਾਨ-ਮਜ਼ਦੂਰ ਜਥੇਬੰਦੀਆਂ, ਆੜ੍ਹਤੀ ਐਸੋਸੀਏਸ਼ਨਾਂ ਤੇ ਸ਼ੈੱਲਰ ਮਾਲਕਾਂ ਨੇ ਅੱਜ ਇਥੇ ਕਿਸਾਨ ਭਵਨ ਵਿੱਚ ਮੀਟਿੰਗ ਦੌਰਾਨ ਕੀਤਾ ਹੈ। ਇਹ ਮੀਟਿੰਗ ਬਲਬੀਰ ਸਿੰਘ ਰਾਜੇਵਾਲ, ਹਰਪਾਲ ਸਿੰਘ ਢਿੱਲੋਂ, ਰਾਜੇਸ਼ ਤੁਲੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਪੇਸ਼ ਆਉਣ ਵਾਲੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ।
ਮੀਟਿੰਗ ਉਪਰੰਤ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਹੋਰਨਾਂ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਣ ’ਤੇ ਪੰਜਾਬ ਤੇ ਕੇਂਦਰ ਸਰਕਾਰ ਦੇ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਤੇ ਕੇਂਦਰ ਸਰਕਾਰ ਦੀ ਅਣਗਹਿਲੀ ਕਰਕੇ ਪੰਜਾਬ ਦੀਆਂ ਮੰਡੀਆਂ ਤੇ ਖੇਤਾਂ ਵਿੱਚ 45 ਹਜ਼ਾਰ ਕਰੋੜ ਰੁਪਏ ਮੁੱਲ ਦਾ ਝੋਨਾ ਰੁਲ ਰਿਹਾ ਹੈ। ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਮਿਲੀ ਭੁਗਤ ਨਾਲ ਪੰਜਾਬ ਦੇ ਖੇਤੀ ਖੇਤਰ ਨੂੰ ਤਬਾਹ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਪਰ ਇਨ੍ਹਾਂ ਸਰਕਾਰਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੌਰਾਨ ਆੜ੍ਹਤੀਆਂ ਨੇ ਪੰਜਾਬ ਦੀਆਂ ਸਾਰੀਆਂ ਮੰਡੀਆਂ ਵਿੱਚ ਦੁਕਾਨਾਂ ’ਤੇ ਕਾਲੇ ਝੰਡੇ ਲਗਾ ਕੇ ਰੋਸ ਜ਼ਾਹਿਰ ਕਰਨ ਦਾ ਐਲਾਨ ਕੀਤਾ।
ਕਿਸਾਨ, ਮਜ਼ਦੂਰ, ਆੜ੍ਹਤੀ ਤੇ ਸ਼ੈਲਰ ਮਾਲਕ ਜਥੇਬੰਦੀਆਂ ਨੇ ਕਿਹਾ ਕਿ 18 ਅਕਤੂਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਦਿੱਤੇ ਜਾਣ ਵਾਲੇ ਧਰਨੇ ਵਿੱਚ ਕਿਸਾਨ, ਮਜ਼ਦੂਰ, ਆੜ੍ਹਤੀਏ, ਵਪਾਰ ਮੰਡਲ, ਸ਼ੈਲਰ ਮਾਲਕਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। ਇਹ ਧਰਨਾ ਝੋਨੇ ਦੀ ਮੁਕੰਮਲ ਖਰੀਦ ਤੱਕ ਜਾਰੀ ਰਹੇਗਾ। ਇਸ ਮੌਕੇ ਹਰਿੰਦਰ ਸਿੰਘ ਲੱਖੋਵਾਲ, ਜੰਗਵੀਰ ਸਿੰਘ ਚੌਹਾਨ, ਰਵਿੰਦਰ ਸਿੰਘ ਚੀਮਾ ਪ੍ਰਧਾਨ ਆੜ੍ਹਤੀ ਯੂਨੀਅਨ ਪੰਜਾਬ, ਮਨਜੀਤ ਸਿੰਘ ਧਨੇਰ, ਰਮਿੰਦਰ ਸਿੰਘ ਪਟਿਆਲਾ, ਰੁਲਦੂ ਸਿੰਘ ਮਾਨਸਾ, ਡਾ. ਸਤਨਾਮ ਸਿੰਘ ਅਜਨਾਲਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਹਰਿੰਦਰ ਸਿੰਘ, ਪ੍ਰੇਮ ਸਿੰਘ ਭੰਗੂ, ਬੋਘ ਸਿੰਘ ਮਾਨਸਾ, ਬਿੰਦਰ ਸਿੰਘ ਗੋਲੇਵਾਲਾ, ਕੁਲਦੀਪ ਸਿੰਘ ਵਜੀਦਪੁਰ, ਬਲਦੇਵ ਸਿੰਘ ਨਿਹਾਲਗੜ੍ਹ, ਵੀਰ ਸਿੰਘ ਬੜਵਾ, ਗੁਰਵਿੰਦਰ ਸਿੰਘ ਢਿੱਲੋਂ, ਬੂਟਾ ਸਿੰਘ ਸ਼ਾਦੀਪੁਰ, ਅੰਗਰੇਜ਼ ਸਿੰਘ ਭਦੌੜ, ਗੁਰਨਾਮ ਸਿੰਘ ਭਿੱਖੀ ਹਾਜ਼ਰ ਸਨ।
ਪੀਆਰ-126 ਖਰੀਦਣ ਦੀ ਕੀਤੀ ਮੰਗ
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਝੋਨੇ ਦੀ ਕਿਸਮ ਪੀਆਰ-126 ਦੀ ਖਰੀਦ ਯਕੀਨੀ ਬਣਾਉਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਝੋਨੇ ਦੀ ਕਿਸਮ ਪੀਆਰ-126 ਲਾਉਣ ਦੀ ਅਪੀਲ ਕੀਤੀ ਸੀ, ਪਰ ਅੱਜ ਸਰਕਾਰ ਪੀਆਰ-126 ਦੀ ਖਰੀਦ ਕਰਨ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੀਆਂ ਮੰਡੀਆਂ ਵਿੱਚੋਂ ਪੀਆਰ-126 ਦੀ ਖਰੀਦੀ ਕੀਤੀ ਜਾਵੇ।