ਕਿਸਾਨਾਂ ਨੇ ਭਾਵਦੀਨ ਟੌਲ ਪਲਾਜ਼ਾ ਕੀਤਾ ਪਰਚੀ ਮੁਕਤ
ਪ੍ਰਭੂ ਦਿਆਲ
ਸਿਰਸਾ, 7 ਜੂਨ
ਪੁਲੀਸ ਵੱਲੋਂ ਬੀਤੇ ਦਿਨ ਸ਼ਾਹਬਾਦ ‘ਚ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਨਾਲ ਜੁੜੇ ਕਿਸਾਨਾਂ ਨੇ ਕੌਮੀ ਮਾਰਗ-9 ‘ਤੇ ਭਾਵਦੀਨ ਟੌਲ ਪਲਾਜ਼ੇ ‘ਤੇ ਧਰਨਾ ਦੇ ਕੇ ਇਸ ਨੂੰ ਪਰਚੀ ਮੁਕਤ ਕਰ ਦਿੱਤਾ।
ਧਰਨਾਕਾਰੀਆਂ ਨੇ ਸ਼ਾਹਬਾਦ ਵਿੱਚ ਪੁਲੀਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹਿਰਾਸਤ ਵਿੱਚ ਲਏ ਗਏ ਸਾਰੇ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਅਤੇ ਉਨ੍ਹਾਂ ਖ਼ਿਲਾਫ਼ ਦਰਜ ਸਾਰੇ ਕੇਸ ਰੱਦ ਕਰਨ ਦੀ ਮੰਗ ਕੀਤੀ।
ਅੱਜ ਪੁਲੀਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਟੌਲ ਪਲਾਜ਼ੇ ਨੂੰ ਪਰਚੀ ਮੁਕਤ ਕਰਨ ‘ਚ ਸਫਲ ਹੋ ਗਏ। ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿਕੰਦਰ ਸਿੰਘ ਰੋੜੀ ਤੇ ਭੁਪਿੰਦਰ ਸਿੰਘ ਨੰਬਰਦਾਰ ਵੈਦਵਾਲਾ ਨੇ ਕਿਹਾ ਕਿ ਦਿੱਲੀ ਦੀਆਂ ਬਰੂਹਾਂ ਤੋਂ ਕਿਸਾਨ ਅੰਦੋਲਨ ਮੁਲਤਵੀ ਕੀਤੇ ਜਾਣ ਸਮੇਂ ਸਰਕਾਰ ਨੇ ਸਾਰੀਆਂ ਫ਼ਸਲਾਂ ਦਾ ਐੱਮਐੱਸਪੀ ਭਾਅ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਹਾਲੇ ਤੱਕ ਅਮਲੀ ਰੂਪ ‘ਚ ਲਾਗੂ ਨਹੀਂ ਕੀਤਾ ਗਿਆ। ਸਰਕਾਰ ਨੇ ਸੂਰਜਮੁਖੀ ‘ਤੇ ਐੱਮਐੱਸਪੀ ਤੈਅ ਕੀਤਾ ਹੋਇਆ ਹੈ ਪਰ ਸੂਰਜਮੁਖੀ ਤੈਅ ਰੇਟ ਤੋਂ ਘੱਟ ਕੀਮਤ ਵਿੱਚ ਖਰੀਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।