ਕਿਸਾਨਾਂ ਨੇ ‘ਆਪ’ ਵਿਧਾਇਕਾਂ ਦੇ ਘਰਾਂ ਅੱਗੇ ਮੋਰਚੇ ਲਾਏ
ਜੋਗਿੰਦਰ ਸਿੰਘ ਮਾਨ
ਮਾਨਸਾ, 18 ਅਕਤੂਬਰ
ਝੋਨੇ ਦੀ ਖਰੀਦ ’ਚ ਅੜਿੱਕੇ ਦੂਰ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨਾਂ ਨੇ ‘ਆਪ’ ਦੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਤਿੰਨੋਂ ਵਿਧਾਇਕਾਂ ਦੇ ਘਰਾਂ ਅੱਗੇ ਅਣਮਿੱਥੇ ਸਮੇਂ ਲਈ ਧਰਨੇ ਸ਼ੁਰੂ ਕਰ ਦਿੱਤੇ ਹਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਮਾਨਸਾ ਸ਼ਹਿਰ ਵਿੱਚ ਵਿਧਾਇਕ ਵਿਜੈ ਸਿੰਗਲਾ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਵਿਧਾਇਕ ਬੁੱਧਰਾਮ ਦੇ ਘਰਾਂ ਅੱਗੇ ਦਰੀਆਂ ਵਿਛਾ ਲਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਦੀ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਰੋਲਣ ਦੀ ਤਿਆਰੀ ਕਰੀ ਬੈਠੀ ਹੈ ਅਤੇ ਇਹ ਸਾਰਾ ਕੁਝ ਨਵੀਆਂ ਆਰਥਿਕ ਨੀਤੀਆਂ ਤਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਫਸਲਾਂ ਦੀ ਖਰੀਦ ਬੰਦ ਕੀਤੀ ਜਾ ਸਕੇ ਅਤੇ ਕਿਸਾਨਾਂ ਨੂੰ ਪ੍ਰਾਈਵੇਟ ਵਪਾਰੀਆਂ ਦੇ ਰਹਿਮੋ-ਕਰਮ ’ਤੇ ਛੱਡਿਆ ਜਾ ਸਕੇ। ਉਨ੍ਹਾਂ ਕਿਹਾ ਮੰਡੀਆਂ ਵਿੱਚ ਬਹੁਤ ਸਾਰੀ ਝੋਨੇ ਦੀ ਫ਼ਸਲ ਆ ਰਹੀ ਹੈ ਪਰ ਅਜੇ ਤੱਕ ਕੋਈ ਖਰੀਦ ਅਧਿਕਾਰੀ ਮੰਡੀਆਂ ਵਿੱਚ ਨਹੀਂ ਪਹੁੰਚਿਆਂ ਅਤੇ ਨਾ ਹੀ ਕਿਸੇ ਮੰਡੀ ਨੂੰ ਕੋਈ ਸ਼ੈੱਲਰ ਅਲਾਟ ਹੋਇਆ ਹੈ। ਉਨ੍ਹਾਂ ਕਿਹਾ ਕਿ ਕੁੁਝ ਮੰਡੀਆਂ ਵਿੱਚ ਪ੍ਰਾਈਵੇਟ ਵਪਾਰੀ 125 ਰੁਪਏ ਪ੍ਰਤੀ ਕੁਇੰਟਲ ਘੱਟ ਭਾਅ ਦੇ ਕੇ ਕਿਸਾਨਾਂ ਦੀ ਲੁੱਟ ਕਰਨ ਦੇ ਰਾਹ ਪੈ ਗਏ ਹਨ, ਜਿਸ ਨੂੰ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਫ਼ਸਲ ਖਰੀਦਣ ਤੋਂ ਹੱਥ ਪਿੱਛੇ ਖਿੱਚ ਰਹੀ ਹੈ, ਉਥੇ ਪੰਜਾਬ ਸਰਕਾਰ ਵੀ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫ਼ਲ ਰਹੀ ਹੈ, ਜਿਸ ਲਈ ਜਥੇਬੰਦੀ ਦੋਵੇਂ ਸਰਕਾਰਾਂ ਨੂੰ ਕਸੂਰਵਾਰ ਮੰਨਦੀ ਹੈ। ਉਨ੍ਹਾਂ ਮੰਗ ਕੀਤੀ ਕਿ ਮੰਡੀਆਂ ਵਿੱਚੋਂ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਤੇ ਨਾਲ ਹੀ ਨਾਲ ਲਿਫਟਿੰਗ ਦਾ ਕੰਮ ਵੀ ਨਿਰਵਿਘਨ ਕੀਤਾ ਜਾਵੇ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ, ਪਰਾਲੀ ਅਤੇ ਡੀਏਪੀ ਦੀ ਸਮੱਸਿਆ ਦਾ ਹੱਲ ਕਰਨ ਦੀ ਮੰਗ ਨੂੰ ਲੈ ਕੇ ਅੱਜ ਹਲਕਾ ਭੁੱਚੋ ਮੰਡੀ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ ਦੀ ਰਿਹਾਇਸ਼ ਅੱਗੇ ਪਿੰਡ ਚੱਕ ਫ਼ਤਿਹ ਸਿੰਘ ਵਾਲਾ ਵਿੱਚ ਦਿਨ ਰਾਤ ਦਾ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ।
ਬਠਿੰਡਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਝੋਨੇ ਦੀ ਖਰੀਦ ਅਤੇ ਚੁਕਾਈ ਲਈ ਸੰਘਰਸ਼ ਵਿੱਢਿਆ ਹੋਇਆ ਹੈ। ਇਸ ਤਹਿਤ ਜ਼ਿਲ੍ਹੇ ਦੇ ਚਾਰ ਟੌਲ ਪਲਾਜ਼ਿਆਂ ’ਤੇ ਧਰਨੇ ਜਾਰੀ ਹਨ। ਇਸੇ ਤਰ੍ਹਾਂ ‘ਆਪ’ ਵਿਧਾਇਕਾ ਜਗਰੂਪ ਸਿੰਘ ਗਿੱਲ ਦੇ ਘਰ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ।
ਤਲਵੰਡੀ ਸਾਬੋ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਬਲਾਕ ਤਲਵੰਡੀ ਸਾਬੋ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਸੂਬਾ ਕਮੇਟੀ ਦੇ ਸੱਦੇ ’ਤੇ ਇੱਥੇ ਹਲਕਾ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਦੇ ਘਰ ਅੱਗੇ ਪੱਕਾ ਮੋਰਚਾ ਲਾ ਦਿੱਤਾ ਹੈ।
ਚਾਉਕੇ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਭਾਜਪਾ ਜਗਦੀਪ ਸਿੰਘ ਨਕੱਈ ਦੇ ਘਰ ਦੇ ਅੱਗੇ ਰਾਮਪੁਰਾ ਵਿੱਚ ਦਿਨ ਰਾਤ ਦਾ ਪੱਕਾ ਮੋਰਚਾ ਲਾ ਦਿੱਤਾ। ਇਸੇ ਤੋਂ ਇਲਾਵਾ ਕਿਸਾਨਾਂ ਨੇ ਬਲਾਕ ਰਾਮਪੁਰਾ ਦੇ ਪਿੰਡ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਬੋਲੀ ਨਾ ਲੱਗਣ ’ਤੇ ਰਾਮਪੁਰਾ-ਤਲਵੰਡੀ ਸਾਬੋ ਮੁੱਖ ਸੜਕ ’ਤੇ ਜਾਮ ਲਗਾ ਕੇ ਸਰਕਾਰ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਨਿਹਾਲ ਸਿੰਘ ਵਾਲਾ ਹਲਕਾ ਵਿਧਾਇਕ ਦੇ ਘਰ ਮੂਹਰੇ ਪੱਕਾ ਮੋਰਚਾ ਲਗਾ ਦਿੱਤਾ ਹੈ।
ਮਹਿਲ ਕਲਾਂ (ਨਿੱਜੀ ਪੱਤਰ ਪ੍ਰੇਰਕ): ਝੋਨੇ ਦੀ ਖਰੀਦ ਦੇ ਮਾਮਲੇ ਸਬੰਧੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਦੂਜੇ ਦਿਨ ਲਗਾਤਾਰ ਬਰਨਾਲਾ-ਮੋਗਾ ਕੌਮੀ ਮਾਰਗ ਉਪਰ ਮੱਲ੍ਹੀਆਂ ਟੌਲ ਪਲਾਜ਼ਾ ਨੂੰ ਪਰਚੀ ਮੁਕਤ ਰੱਖਿਆ ਗਿਆ। ਇਥੇ ਕਿਸਾਨਾਂ ਦਾ ਇੱਥੇ ਦਿਨ ਰਾਤ ਦਾ ਧਰਨਾ ਜਾਰੀ ਹੈ।
ਬਰਨਾਲਾ ਵਿੱਚ ਸੰਸਦ ਮੈਂਬਰ ਮੀਤ ਹੇਅਰ ਦੀ ਰਿਹਾਇਸ਼ ਨੇੜੇ ਮੋਰਚਾ ਸ਼ੁਰੂ
ਬਰਨਾਲਾ (ਪਰਸ਼ੋਤਮ ਬੱਲੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਝੋਨੇ ਦੀ ਖਰੀਦ ਤੇ ਲਿਫ਼ਟਿੰਗ ਤੇਜ਼ੀ ਨਾਲ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਸਥਾਨਕ ਕੋਠੀ ਅੱਗੇ ਮੋਰਚਾ ਸ਼ੁਰੂ ਕੀਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਇਹ ਮੋਰਚੇ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖੁੱਲ੍ਹ ਕੇ ਖਰੀਦ ਤੇ ਡੀਏਪੀ ਦੀ ਘਾਟ ਪੂਰੀ ਨਹੀਂ ਕੀਤੀ ਜਾਂਦੀ। ਇੱਥੇ ਤਰਕਸ਼ੀਲ ਭਵਨ ਵਿਖੇ ਸੁਯੰਕਤ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜੱਗਾ ਸਿੰਘ ਬਦਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਮੁੱਖ ਮੰਤਰੀ ਦੀ ਕੋਠੀ ਅੱਗੇ ਨਾਕਸ ਖਰੀਦ ਪ੍ਰਬੰਧਾਂ ਨੂੰ ਲੈ ਕੇ ਧਰਨਾ ਦੇਣ ਜਾ ਰਹੇ ਕਿਸਾਨ ਆਗੂਆਂ ਨੂੰ ਰਸਤੇ ਦੇ ਪੁਲੀਸ ਜਬਰਨ ਨਾਲ ਰੋਕਣ ਦੀ ਨਿਖੇਧੀ ਕੀਤੀ ਗਈ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵੱਲ ਜਾ ਰਹੇ ਕਿਸਾਨਾਂ ਨੂੰ ਪੁਲੀਸ ਵੱਲੋਂ ਥਾਂ ਥਾਂ ਰੋਕਾਂ ਲਗਾ ਕੇ ’ਤੇ ਧੱਕੇਸ਼ਾਹੀ ਕਰਕੇ ਰੋਕੇ ਜਾਣ ਇਨਕਲਾਬੀ ਕੇਂਦਰ ਪੰਜਾਬ ਨੇ ਜ਼ੋਰਦਾਰ ਨਿਖੇਧੀ ਕੀਤੀ ਹੈ। ਜਾਣਕਾਰੀ ਅਨੁਸਾਰ ਅੱਜ ਮਨਜੀਤ ਸਿੰਘ ਧਨੇਰ ਨੂੰ ਕੁਲਵੰਤ ਭਦੌੜ, ਜਗਰਾਜ ਹਰਦਾਸਪੁਰਾ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਭੋਲਾ ਸਿੰਘ ਛੰਨਾਂ ਆਦਿ ਨੂੰ ਪਟਿਆਲਾ ਜ਼ੀਰਕਪੁਰ ਰੋਡ ‘ਤੇ ਛੱਤ ਬੀੜ ਚੌਕ ਵਿੱਚ ਰੋਕਿ ਗਿਆ ਹੈ।