ਕਿਸਾਨਾਂ ਦੀ ਕੇਂਦਰੀ ਪੈਨਲ ਨਾਲ ਬੈਠਕ ਅੱਜ, ਡੱਲੇਵਾਲ ਐਂਬੂਲੈਂਸ ਰਾਹੀਂ ਚੰਡੀਗੜ੍ਹ ਰਵਾਨਾ
ਗੁਰਤੇਜ ਸਿੰਘ ਪਿਆਸਾ
ਸੰਗਰੂਰ, 14 ਫਰਵਰੀ
ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਪੰਜਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਦੀ ਤਰਫੋਂ 28 ਕਿਸਾਨ ਆਗੂ ਇਸ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ(ਗੈਰ-ਰਾਜਨੀਤਿਕ) ਤੋਂ ਜਗਜੀਤ ਸਿੰਘ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਣ ਸਿੰਘ ਪੰਧੇਰ ਕਰਨਗੇ। ਡੱਲੇਵਾਲ ਖਨੌਰੀ ਬਾਰਡਰ ਤੋਂ ਸਵੇਰੇ 11 ਵਜੇ ਐਂਬੂਲੈਂਸ ਰਾਹੀਂ ਚੰਡੀਗੜ੍ਹ ਲਈ ਰਵਾਨਾ ਹੋ ਗਏ ਹਨ।

ਕਿਸਾਨ ਐੱਮਐੱਸਪੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ। ਇਸ ਬੈਠਕ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਪੰਜਾਬ ਸਰਕਾਰ ਵੱਲੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਸ਼ਮਿਲ ਹੋਣਗੇ। ਬੈਠਕ ਸ਼ਾਮ 4 ਵਜੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮਗਸੀਪਾ ਦਫ਼ਤਰ ਵਿੱਚ ਹੋਵੇਗੀ। ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਬੈਠਕ ਵਿੱਚ ਕੋਈ ਹੱਲ ਨਹੀਂ ਨਿਕਲਦਾ ਤਾਂ ਕਿਸਾਨ 25 ਫਰਵਰੀ ਨੂੰ ਦਿੱਲੀ ਦੀ ਵੱਲ ਕੂਚ ਕਰਨਗੇ।
ਕਿਸਾਨ ਆਗੂਆਂ ਵੱਲੋਂ ਗੱਲਬਾਤ ਸ਼ੁਰੂ ਕਰਨ ਦੇ ਸਮੇਂ ’ਤੇ ਇਤਰਾਜ਼ ਕੀਤੇ ਜਾਣ ਤੋਂ ਬਾਅਦ ਸਰਕਾਰ ਨੇ ਗੱਲਬਾਤ 1 ਘੰਟੇ ਲਈ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਪਹਿਲਾਂ ਗੱਲਬਾਤ ਸ਼ਾਮ 5 ਵਜੇ ਸ਼ੁਰੂ ਹੋਣੀ ਸੀ ਪਰ ਇਤਰਾਜ਼ਾਂ ਤੋਂ ਬਾਅਦ ਹੁਣ ਗੱਲਬਾਤ ਸ਼ਾਮ 4 ਵਜੇ ਸ਼ੁਰੂ ਹੋਵੇਗੀ।