ਅੰਮ੍ਰਿਤਸਰ ਤੇ ਤਰਨ ਤਾਰਨ ਜ਼ਿਲ੍ਹਿਆਂ ਦੇ ਕਿਸਾਨ ਚੰਡੀਗੜ੍ਹ ਧਰਨੇ ਵਿੱਚ ਪੁੱਜੇ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 1 ਸਤੰਬਰ
ਬੀਕੇਯੂ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਨਵੀਂ ਖੇਤੀ ਨੀਤੀ ਲਾਗੂ ਕਰਾਉਣ ਲਈ ਚੰਡੀਗੜ੍ਹ ਵਿਚ ਲਾਏ ਜਾ ਰਹੇ ਪੱਕੇ ਮੋਰਚੇ ਵਿਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਜ਼ਿਲ੍ਹੇ ਤੋਂ ਕਿਸਾਨਾਂ-ਮਜ਼ਦੂਰਾਂ ਦਾ ਕਾਫਲਾ ਪ੍ਰਧਾਨ ਕਸ਼ਮੀਰ ਸਿੰਘ ਦੀ ਅਗਵਾਈ ਵਿੱਚ ਚੰਡੀਗੜ੍ਹ ਪੁੱਜਿਆ। ਕਿਸਾਨ ਆਗੂ ਡਾ. ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਨਵੀਂ ਖੇਤੀ ਨੀਤੀ ਲਾਗੂ ਕੀਤੀ ਜਾਵੇਗੀ ਪਰ ਅਜੇ ਤੱਕ ਖੇਤੀ ਦੀ ਨਵੀਂ ਨੀਤੀ ਨਹੀਂ ਲਿਆਂਦੀ ਗਈ। ਸਗੋਂ ਇਹ ਪਤਾ ਲੱਗਾ ਹੈ ਕਿ ਨਵੀਂ ਖੇਤੀ ਨੀਤੀ ਉਲੀਕਣ ਦਾ ਕੰਮ ਅਮਰੀਕੀ ਕੰਪਨੀ ਨੂੰ ਦਿੱਤਾ ਗਿਆ ਹੈ। ਕਿਸਾਨ ਆਗੂਆਂ ਕਿਹਾ ਕਿ ਕਾਰਪੋਰੇਟ ਕੰਪਨੀਆਂ ਕਦੇ ਵਾ ਲੋਕ ਪੱਖੀ ਖੇਤੀ ਦੀ ਨੀਤੀ ਨਹੀਂ ਬਣਾ ਸਕਦੀਆਂ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਝੋਨੇ ਹੇਠੋਂ ਰਕਬਾ ਘਟਾਇਆ ਜਾਵੇ ਅਤੇ ਹਰੇਕ ਖੇਤ ਤੱਕ ਨਹਿਰੀ ਪਾਣੀ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਜ਼ਮੀਨ ਹੇਠਲਾ ਪਾਣੀ ਬਚਾਇਆ ਜਾ ਸਕੇ।
ਤਰਨ ਤਾਰਨ (ਪੱਤਰ ਪ੍ਰੇਰਕ): ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਾਜ਼ ਸਿੰਘ ਸਿੱਧਵਾਂ ਜ਼ਿਲ੍ਹਾ, ਖਜ਼ਾਨਚੀ ਹਰਦੀਪ ਸਿੰਘ ਜੋੜਾਂ ਅਤੇ ਬਲਾਕ ਪ੍ਰਧਾਨ ਸੰਤੋਖ ਸਿੰਘ ਪੱਟੀ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਕਿਸਾਨ-ਮਜਦੂਰ ਟਰੈਕਟਰ ਟਰਾਲੀਆਂ ਦੇ ਕਾਫਲੇ ਲੈ ਕੇ ਚੰਡੀਗੜ੍ਹ ਪੁੱਜੇ| ਕਿਸਾਨ-ਮਜ਼ਦੂਰ ਆਪਣੇ ਨਾਲ ਹੋਰ ਸਾਮਾਨ ਵਗੈਰਾ ਲੈ ਕੇ ਜਾਣ ਤੋਂ ਇਲਾਵਾ ਸੁੱਕਾ ਰਾਸ਼ਨ ਵੀ ਲੈ ਕੇ ਰਵਾਨਾ ਹੋਏ|