ਖੱਟਰ ਦੇ ਬਿਆਨ ਤੋਂ ਰੋਹ ’ਚ ਆਏ ਹਰਿਆਣਾ ਦੇ ਕਿਸਾਨ
ਆਤਿਸ਼ ਗੁਪਤਾ
ਚੰਡੀਗੜ੍ਹ, 28 ਸਤੰਬਰ
ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਲੰਘੇ ਦਿਨੀਂ ਚੋਣ ਰੈਲੀਆਂ ਵਿੱਚ ਕਿਸਾਨਾਂ ਬਾਰੇ ਵਰਤੀ ਜਾ ਰਹੀ ਸ਼ਬਦਾਵਲੀ ਤੋਂ ਹਰਿਆਣਾ ਦੇ ਕਿਸਾਨ ਕਾਫੀ ਨਾਰਾਜ਼ ਹਨ। ਉਨ੍ਹਾਂ ਖੱਟਰ ਦੇ ਬਿਆਨ ਤੋਂ ਬਾਅਦ ਸੂਬੇ ਭਰ ਵਿੱਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਕਿਸਾਨਾਂ ਵੱਲੋਂ ਵੋਟਾਂ ਵਾਲੇ ਦਿਨ ਤੱਕ ਭਾਜਪਾ ਆਗੂਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਹਰਿਆਣਾ ਦੇ ਕਿਸਾਨ ਆਗੂ ਅਭਿਮੰਨਿਊ ਕੋਹਾੜ ਨੇ ਕੇਂਦਰੀ ਮੰੰਤਰੀ ਮਨੋਹਰ ਲਾਲ ਖੱਟਰ ਵੱਲੋਂ ਕਿਸਾਨਾਂ ਪ੍ਰਤੀ ਵਰਤੀ ਸ਼ਬਦਾਵਲੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਵਿਰੋਧੀ ਫੈਸਲੇ ਲੈਂਦੀ ਆ ਰਹੀ ਹੈ ਅਤੇ ਕਿਸਾਨਾਂ ਵਿਰੁੱਧ ਟਿੱਪਣੀਆਂ ਕਰ ਰਹੀ ਹੈ। ਇਸੇ ਦੇ ਚਲਦਿਆਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ, ਕਿਸਾਨਾਂ ਦੇ ਵਿਰੋਧ ਕਾਰਨ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਗੁੱਸੇ ਅੱਗੇ ਝੁਕਣਾ ਪਿਆ। ਹੁਣ ਕੁਝ ਦਿਨ ਪਹਿਲਾਂ ਕੰਗਨਾ ਰਣੌਤ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲਿਆਉਣ ਵਾਲੀ ਟਿੱਪਣੀ ਅਤੇ ਮਨੋਹਰ ਲਾਲ ਖੱਟਰ ਵੱਲੋਂ ਕਿਸਾਨੀ ਅੰਦੋਲਨ ਵਿੱਚ ਸ਼ਾਮਲ ਲੋਕਾਂ ਨੂੰ ਗੈਰ ਸਮਾਜਿਕ ਅਨਸਰ ਦੱਸਿਆ ਜਾ ਰਿਹਾ ਹੈ। ਇਸੇ ਕਰਕੇ ਕਿਸਾਨਾਂ ਵੱਲੋਂ ਸੂਬੇ ਦੀਆਂ 90 ਵਿਧਾਨ ਸਭਾ ਸੀਟਾਂ ’ਤੇ ਭਾਜਪਾ ਉਮੀਦਵਾਰ ਨੂੰ ਛੱਡ ਕੇ ਹੋਰ ਕਿਸੇ ਵੀ ਪਾਰਟੀ ਦੇ ਜਿੱਤਣਯੋਗ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਗੁੱਸੇ ਕਰਕੇ ਹਰਿਆਣਾ ਵਿੱਚ ਭਾਜਪਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਲੋਕ ਸਭਾ ਚੋਣਾਂ ਵਿੱਚ ਵੀ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਸੀ। ਇਸੇ ਵਿਰੋਧ ਦੇ ਚਲਦਿਆਂ ਹਰਿਆਣਾ ਦੀਆਂ 10 ਸੀਟਾਂ ’ਤੇ ਜਿੱਤ ਹਾਸਲ ਕਰਨ ਵਾਲੀ ਭਾਜਪਾ ਸਿਰਫ਼ 5 ਸੀਟਾਂ ਹੀ ਜਿੱਤ ਸਕੀ ਸੀ।