ਕਿਸਾਨਾਂ ਉੱਤੇ ਪੁਲੀਸ ਜਬਰ ਖ਼ਿਲਾਫ਼ ਕਿਸਾਨ ਜਥੇਬੰਦੀ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਹਰਦੀਪ ਸਿੰਘ
ਫ਼ਤਹਿਗੜ੍ਹ ਪੰਜਤੂਰ, 23 ਮਾਰਚ
ਕਿਸਾਨ ਮਜ਼ਦੂਰ ਸਘੰਰਸ਼ ਕਮੇਟੀ ਵੱਲੋਂ ਅੱਜ ਇੱਥੇ ਧਰਮਕੋਟ ਚੌਂਕ ਵਿੱਚ ਸੂਬਾ ਸਰਕਾਰ ਦਾ ਪੁਤਲਾ ਫੂਕ ਕੇ ਰੋੋਸ ਮੁਜ਼ਾਹਰਾ ਕੀਤਾ ਗਿਆ। ਕਿਸਾਨ ਆਗੂ ਲੰਘੇ ਦਿਨੀਂ ਪੰਜਾਬ ਹਰਿਆਣਾ ਦੀ ਹੱਦ ਉੱਤੇ ਲੱਗੇ ਕਿਸਾਨੀ ਮੋਰਚਿਆਂ ਨੂੰ ਪੁਲੀਸ ਜਬਰ ਨਾਲ ਹਟਾਉਣ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਸਨ।
ਜ਼ੋਨ ਪ੍ਰਧਾਨ ਹਰਬੰਸ ਸਿੰਘ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਅਵਤਾਰ ਸਿੰਘ ਧਰਮ ਸਿੰਘ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬੇ ਦੀ ‘ਆਪ’ ਸਰਕਾਰ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਨਾਲ ਮਿਲ ਕੇ ਬਾਰਡਰਾਂ ਉੱਤੇ 13 ਮਹੀਨਿਆਂ ਤੋਂ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪੁਲੀਸ ਡੰਡੇ ਨਾਲ ਉਠਾਉਣਾ ਕਿਸੇ ਵੀ ਤਰੀਕੇ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿਤੈਸ਼ੀ ਹੋਣ ਦੇ ਦਾਅਵੇ ਕਰਨ ਵਾਲੀ ਸੂਬਾ ਸਰਕਾਰ ਨੇ ਅਜਿਹਾ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਰਚੇ ਵਿੱਚੋਂ ਕਿਸਾਨਾਂ ਦੇ ਟਰੈਕਟਰ ਟਰਾਲੀਆਂ ਅਤੇ ਹੋਰ ਸਾਮਾਨ ਦੀ ਵੀ ਪੁਲੀਸ ਅਤੇ ਹੋਰਨਾਂ ਵਲੋਂ ਲੁੱਟ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਦੇ ਆਗੂ ਸਰਵਣ ਸਿੰਘ ਪੰਧੇਰ ਸਮੇਤ 33 ਆਗੂ ਅਤੇ 13 ਬੀਬੀਆਂ ਨੂੰ ਪੁਲੀਸ ਨੇ ਗੈਰਕਾਨੂੰਨੀ ਹਿਰਾਸਤ ਵਿਚ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਆਗੂ ਆਪਣੀ ਜ਼ਮਾਨਤ ਨਹੀਂ ਕਰਵਾਉਣਗੇ। ਇਸ ਮੌਕੇ ਕਿਸਾਨ ਆਗੂ ਪ੍ਰਗਟ ਸਿੰਘ, ਕਪੂਰ ਸਿੰਘ ਸ਼ਾਹਵਾਲਾ, ਸਾਹਿਬ ਸਿੰਘ, ਸੁਖਵਿੰਦਰ ਸਿੰਘ, ਜਗਜੀਤ ਸਿੰਘ ਖੰਬੇ ਅਤੇ ਨਿਸ਼ਾਨ ਸਿੰਘ ਸ਼ੈਦੇਸਾਹਵਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।