ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਦੇ ਪੁਤਲੇ ਸਾੜੇ
ਬੀਰਬਲ ਰਿਸ਼ੀ
ਧੂਰੀ/ ਸ਼ੇਰਪੁਰ, 3 ਅਕਤੂਬਰ
ਲਖੀਮਪੁਰ ਖੀਰੀ ’ਚ ਸਾਬਕਾ ਕੇਂਦਰੀ ਮੰਤਰੀ ਦੇ ਪੁੱਤਰ ਵੱਲੋਂ ਇੱਕ ਪੱਤਰਕਾਰ ਤੇ ਤਿੰਨ ਕਿਸਾਨਾਂ ਦੇ ਕਤਲੇਆਮ ਮਾਮਲੇ ’ਚ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਲਈ ਚਾਰ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਨੇ ਧੂਰੀ ਦੇ ਕੱਕੜਵਾਲ ਚੌਕ ’ਚ ਮੋਦੀ ਸਰਕਾਰ ਤੇ ਸਾਬਕਾ ਕੇਂਦਰੀ ਮੰਤਰੀ ਦਾ ਪੁਤਲਾ ਫੂਕਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਨੇ ਜਿੱਥੇ ਕਿਸਾਨੀ ਲਹਿਰ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ, ਉੱਥੇ ਮੰਗਾਂ ਦੇ ਹੱਕ ’ਚ ਸੰਗਰੂਰ-ਲੁਧਿਆਣਾ ਮੁੱਖ ਮਾਰਗ ’ਤੇ ਚੱਕਾ ਜਾਮ ਵੀ ਕੀਤਾ।
ਇਸ ਤੋਂ ਪਹਿਲਾਂ ਧੂਰੀ ਦੇ ਰਾਮ ਬਾਗ ’ਚ ਇਕੱਠੇ ਹੋਏ ਕਿਸਾਨਾਂ ਨੇ ਕੱਕੜਵਾਲ ਚੌਕ ਤੱਕ ਰੋਸ ਮਾਰਚ ਕੀਤਾ ਜਿੱਥੇ ਬੀਕੇਯੂ ਰਾਜੇਵਾਲ ਦੇ ਭੁਪਿੰਦਰ ਸਿੰਘ ਭੁੱਲਰਹੇੜੀ, ਗੁਰਜੀਤ ਸਿੰਘ ਭੜੀ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਹਰਦਮ ਸਿੰਘ ਰਾਜੋਮਾਜਰਾ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਆਗੂ ਲਖਵੀਰ ਸਿੰਘ ਲੱਖਾ ਬਾਲੀਆਂ, ਬਲਾਕ ਪ੍ਰਧਾਨ ਨਾਜਰ ਸਿੰਘ ਪੁੰਨਾਵਾਲ, ਕੁੱਲ-ਹਿੰਦ ਕਿਸਾਨ ਸਭਾ ਦੇ ਕਾਮਰੇਡ ਮੇਜਰ ਸਿੰਘ ਪੁੰਨਾਵਾਲ ਅਤੇ ਅਮਰੀਕ ਸਿੰਘ ਕਾਂਝਲਾ ਨੇ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ।
ਇਸੇ ਤਰ੍ਹਾਂ ਬੀਕੇਯੂ ਡਕੌਂਦਾ (ਬੁਰਜਗਿੱਲ) ਦੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਈਸਾਪੁਰ ਦੀ ਅਗਵਾਈ ਹੇਠ ਪਿੰਡ ਅਲੀਪੁਰ ਖਾਲਸਾ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਕੇ ਨਾਅਰੇਬਾਜ਼ੀ ਕਰਦਿਆਂ ਮੁਲਜ਼ਮਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਲਾਕ ਪਾਤੜਾਂ ਦੀਆਂ ਕਿਸਾਨ ਜਥੇਬੰਦੀਆਂ ਨੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਕਿਸਾਨ ਆਗੂ ਹਰਭਜਨ ਸਿੰਘ ਧੂਹੜ, ਗੁਰਵਿੰਦਰ ਸਿੰਘ ਦੇਧਨਾ ਅਤੇ ਜਗਜੀਤ ਸਿੰਘ ਦੁਗਾਲ ਨੇ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੌਰਾਨ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕਿਸਾਨ ਭਾਜਪਾ ਦਾ ਸ਼ਾਂਤਮਈ ਢੰਗ ਨਾਲ ਵਿਰੋਧ ਕਰਕੇ ਜਦੋਂ ਘਰ ਵਾਪਸ ਜਾ ਰਹੇ ਸਨ ਤਾਂ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਅਣਗਹਿਲੀ ਨਾਲ ਗੱਡੀ ਚਾੜ੍ਹ ਕੇ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਨੂੰ ਸ਼ਹੀਦ ਕਰ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਜੇਲ੍ਹਾਂ ਵਿੱਚ ਬੰਦ ਹਨ, ਉਨ੍ਹਾਂ ਨੂੰ ਰਿਹਾਈ ਨਹੀਂ ਦਿੱਤੀ ਜਾ ਰਹੀ। ਹੁਣ ਭਾਜਪਾ ਦੇ ਆਗੂਆਂ ਵੱਲੋਂ ਮੁੜ ਤੋਂ ਤਿੰਨ ਖੇਤੀ ਕਾਨੂੰਨ ਲਿਆਉਣ ਦੀ ਵੀ ਗੱਲ ਕੀਤੀ ਜਾ ਰਹੀ ਹੈ। ਮੁਜ਼ਾਹਰੇ ਦੀ ਅਗਵਾਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਕੁੱਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ ਅਤੇ ਕੁੱਲ ਹਿੰਦ ਕਿਸਾਨ ਸਭਾ ਨੇ ਕੀਤੀ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਕਤਲੇਆਮ ਖਿਲਾਫ਼ ਮੁਜ਼ਾਹਰਾ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਅਤੇ ਅਜੈ ਮਿਸ਼ਰਾ ਟੈਣੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਅਤੇ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਦੀ ਤਾਨਾਸ਼ਾਹੀ ਨੀਤੀਆਂ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਸਥਾਈ ਹੱਲ ਕਰਨ ਦੀ ਥਾਂ ਮਜਬੂਰੀਵੱਸ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ਼ ਕਾਰਵਾਈ ਕਰਨ ਦਾ ਲਿਆ ਗਿਆ ਫ਼ੈਸਲਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਕੁਲਵਿੰਦਰ ਸਿੰਘ ਮਿੱਠੂ, ਜਗਤਾਰ ਸਿੰਘ ਤੂਰ, ਸੁਖਵੀਰ ਸਿੰਘ ਭੱਟੀਵਾਲ, ਲਾਭ ਸਿੰਘ ਭੜੋ, ਦਰਸ਼ਨ ਸਿੰਘ ਭੋਲਾ, ਗੁਰਜੰਟ ਰਾਮਪੁਰਾ, ਨਿਰਮਲ ਸਿੰਘ ਭੱਟੀਵਾਲ, ਨਛੱਤਰ ਸਿੰਘ ਝਨੇੜੀ ਅਤੇ ਗੁਰਭਜਨ ਸਿੰਘ ਬੱਖੋਪੀਰ ਆਦਿ ਹਾਜ਼ਰ ਸਨ।
ਸੁਨਾਮ ਊਧਮ ਸਿੰਘ ਵਾਲਾ (ਬੀਰਇੰਦਰ ਸਿੰਘ ਬਨਭੌਰੀ): ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਇਕਾਈ ਸੁਨਾਮ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਕੇਂਦਰ ਸਰਕਾਰ ਸਰਕਾਰ ਦਾ ਪੁਤਲਾ ਸਾੜਦਿਆਂ ਕਿਸਾਨਾਂ ਨੇ ਇਸ ਮੌਕੇ ਭਰਵੀਂ ਨਾਅਰੇਬਾਜ਼ੀ ਕੀਤੀ। ਬਲਾਕ ਪ੍ਰਧਾਨ ਬਿੰਦਰ ਪਾਲ ਦੀ ਅਗਵਾਈ ਹੇਠ ਇਕੱਤਰ ਹੋਏ ਕਿਸਾਨਾਂ ਦਾ ਦੋਸ਼ ਸੀ ਕਿ ਇਸ ਕਾਂਡ ਦਾ ਮੁੱਖ ਕਥਿਤ ਦੋਸ਼ੀ ਅਜੇ ਮਿਸ਼ਰਾ ਭਾਜਪਾ ਦੀ ਛਤਰ-ਛਾਇਆ ਹੇਠ ਹੈ। ਉਨ੍ਹਾਂ ਇਸ ਮੌਕੇ ਐਲਾਨ ਕੀਤਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ਕਾਂਡ ਦੇ ਮੁੱਖ ਕਥਿਤ ਦੋਸ਼ੀਆਂ ਨੂੰ ਬਣਦੀ ਸਜ਼ਾ ਅਤੇ ਸ਼ਹੀਦ ਪਰਿਵਾਰਾਂ ਨੂੰ ਇਨਸਾਫ਼ ਨਹੀਂ ਦਿੰਦੀ, ਇਹ ਰੋਸ ਪ੍ਰਦਰਸ਼ਨ ਭਵਿੱਖ ਅੰਦਰ ਵੀ ਜਾਰੀ ਰਹਿਣਗੇ। ਇਸ ਮੌਕੇ ਦਰਬਾਰਾ ਸਿੰਘ, ਪ੍ਰਗਟ ਸਿੰਘ, ਬਹਾਲ ਸਿੰਘ ਸਮੇਤ ਹੋਰ ਹਾਜ਼ਰ ਸਨ।
ਸੰਗਰੂਰ ਵਿੱਚ ਸੈਂਕੜੇ ਕਿਸਾਨਾਂ ਵੱਲੋਂ ਰੇਲਵੇ ਲਾਈਨ ’ਤੇ ਚੱਕਾ ਜਾਮ
ਸੰਗਰੂਰ (ਗੁਰਦੀਪ ਸਿੰਘ ਲਾਲੀ): ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਸੈਂਕੜੇ ਕਿਸਾਨਾਂ ਵੱਲੋਂ ਅੱਜ ਸਥਾਨਕ ਸਟੇਸ਼ਨ ’ਤੇ ਰੇਲਵੇ ਲਾਈਨ ਉਪਰ ਧਰਨਾ ਦਿੰਦਿਆਂ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਕਿਸਾਨ ਅੱਜ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ, ਕਥਿਤ ਦੋਸ਼ੀਆਂ ਉੱਪਰ ਕਾਰਵਾਈ ਦੀ ਮੰਗ ਅਤੇ ਕੇਂਦਰ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਮੰਗਾਂ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਰੇਲਵੇ ਲਾਈਨਾਂ ਉਪਰ ਨਿੱਤਰੇ ਸਨ। ਰੇਲਵੇ ਲਾਈਨ ਉਪਰ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਕਿਹਾ ਕਿ 3 ਅਕਤੂਬਰ 2021 ਨੂੰ ਭਾਜਪਾ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਵੱਲੋਂ ਇੱਕ ਪੱਤਰਕਾਰ ਅਤੇ ਚਾਰ ਕਿਸਾਨਾਂ ਨੂੰ ਆਪਣੀ ਗੱਡੀ ਥੱਲੇ ਕੁਚਲ ਦਿੱਤਾ ਗਿਆ ਸੀ ਪਰ ਇਨਸਾਫ ਦੇਣ ਅਤੇ ਕਥਿਤ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਬਜਾਇ ਹਾਕਮਾਂ ਵੱਲੋਂ ਕਥਿਤ ਦੋਸ਼ੀਆਂ ਨੂੰ ਬਚਾਉਣ ਦੇ ਯਤਨ ਕੀਤੇ ਗਏ। ਦਿੱਲੀ ’ਚ ਚੱਲੇ ਕਿਸਾਨ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਵੱਲੋਂ ਸ਼ਹੀਦੀਆਂ ਦੇ ਕੇ ਤਿੰਨ ਕਾਲੇ ਕਾਨੂੰਨ ਵਾਪਸ ਕਰਵਾਏ ਗਏ ਸਨ ਅਤੇ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਗਈਆਂ ਕਿਸਾਨਾਂ ਦੀਆਂ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ। ਇਨ੍ਹਾਂ ਮੰਗਾਂ ਨੂੰ ਲਾਗੂ ਕਰਾਉਣ ਲਈ 13 ਫਰਵਰੀ 2024 ਤੋਂ ਖਨੌਰੀ, ਸ਼ੰਭੂ ਅਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਕਿਸਾਨ ਅੰਦੋਲਨ- 02 ਲੜਿਆ ਜਾ ਰਿਹਾ ਹੈ। ਕਿਸਾਨ ਆਗੂ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਤੇ ਰਣ ਸਿੰਘ ਚੱਠਾ ਨੇ ਪੰਜਾਬ ਵਿੱਚ ਝੋਨੇ ਦੇ ਸੀਜ਼ਨ ਦੌਰਾਨ ਆੜ੍ਹਤੀਆਂ, ਮੰਡੀ ਮਜ਼ਦੂਰਾਂ ਤੇ ਸ਼ੈਲਰ ਮਾਲਕਾਂ ਦੀ ਹੜਤਾਲ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਮੰਗ ਕੀਤੀ ਕਿ ਝੋਨੇ ਦੇ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨ ਮੰਡੀਆਂ ’ਚ ਖੱਜਲ ਖੁਆਰ ਨਾ ਹੋਣ। ਇਸ ਮੌਕੇ ਬਲਾਕ ਪ੍ਰਧਾਨ ਭੂਰਾ ਸਿੰਘ ਸਲੇਮਗੜ੍ਹ, ਬਲਾਕ ਜਰਨਲ ਸਕੱਤਰ ਰਾਮਫਲ ਸਿੰਘ ਝਲੂਰ, ਕਿਸਾਨ ਆਗੂ ਸੁਖਦੇਵ ਸਿੰਘ ਲਹਿਲ ਕਲਾਂ, ਕਰਮਜੀਤ ਸਿੰਘ ਬਾਲਦ ਕਲਾਂ ਤੇ ਕਰਮ ਸਿੰਘ ਨਮੋਲ ਆਦਿ ਹਾਜ਼ਰ ਸਨ।