ਹੜ੍ਹਾਂ ਦੇ ਮੁਆਵਜ਼ੇ ਲਈ ਸਖ਼ਤ ਹੋਈਆਂ ਕਿਸਾਨ ਜਥੇਬੰਦੀਆਂ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 10 ਅਗਸਤ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ ਮੀਟਿੰਗ ਹੋਈ। ਇਸ ਵਿੱਚ ਫ਼ੈਸਲਾ ਕੀਤਾ ਗਿਆ ਕਿ ਹੜ੍ਹਾਂ ਵਿੱਚ ਕਿਸਾਨਾਂ ਦੀਆਂ ਤਬਾਹ ਹੋਈਆਂ ਫ਼ਸਲਾਂ ਦਾ ਅਜੇ ਤੱਕ ਮੁਆਵਜ਼ਾ ਨਾ ਦੇਣ ’ਤੇ 19 ਅਗਸਤ ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਸਾਰੇ ਵਿਧਾਇਕਾਂ ਅਤੇ ਪਾਰਲੀਮੈਂਟ ਦੇ ਮੈਂਬਰਾਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ, ਬਲਵਿੰਦਰ ਸਿੰਘ ਮੱਲੀ ਨੰਗਲ ਅਤੇ ਮੇਜਰ ਸਿੰਘ ਪੁੰਨਾਂਵਾਲ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਕੇਂਦਰ ਤੇ ਪੰਜਾਬ ਸਰਕਾਰਾਂ ਵੱਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਜੇ ਕੇਂਦਰ ਅਤੇ ਸੂਬਾ ਸਰਕਾਰ ਨੇ 15 ਅਗਸਤ ਤੱਕ ਮੁਆਵਜ਼ਾ ਦੇਣਾ ਸ਼ੁਰੂ ਨਾ ਕੀਤਾ ਤਾਂ 19 ਅਗਸਤ ਨੂੰ ਸੰਯੁਕਤ ਮੋਰਚਾ ਵੱਡੇ ਪੱਧਰ ’ਤੇ ਪੰਜਾਬ ਵਿਚਲੇ ‘ਆਪ’ ਅਤੇ ਭਾਜਪਾ ਦੇ ਸਾਰੇ ਵਿਧਾਇਕਾਂ, ਮੰਤਰੀਆਂ ਅਤੇ ਐੱਮਪੀਜ਼ ਦੇ ਘਰਾਂ ਦਾ ਘਿਰਾਓ ਕਰਕੇ ਕਿਸਾਨਾਂ ਦੇ ਹੱਕਾਂ ਲਈ ਚਿਤਾਵਨੀ ਪੱੱਤਰ ਦੇਵੇਗਾ। ਕਿਸਾਨ ਆਗੂਆਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਿਹੜੇ ਵਿਧਾਇਕ, ਮੰਤਰੀ ਜਾਂ ਫਿਰ ਐੱਮਪੀਜ਼ ਨੇ ਚਿਤਾਵਨੀ ਪੱਤਰ ਨਾ ਲਿਆ ਤਾਂ ਉਸ ਆਗੂ ਦੇ ਘਰ ਅੱਗੇ ਪੱਕਾ ਧਰਨਾ ਲਾ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕੇ ਕੇਂਦਰ ਤੇ ਪੰਜਾਬ ਸਰਕਾਰ ਹੜ੍ਹਾਂ ਨੂੰ ਕੁਦਰਤੀ ਆਫਤ ਐਲਾਨ ਕੇ ਕਿਸਾਨਾਂ ਨੂੰ ਸਪੈਸ਼ਲ ਪੈਕਜ ਰਾਹੀਂ ਜਲਦ ਤੋਂ ਜਲਦ ਮੁਆਵਜ਼ਾ ਦੇਵੇ।