ਮਾਲਵਿੰਦਰ ਮਾਲੀ ਦੇ ਹੱਕ ’ਚ ਨਿੱਤਰੀਆਂ ਕਿਸਾਨ ਜਥੇਬੰਦੀਆਂ
ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 20 ਸਤੰਬਰ
ਸਰਕਾਰਾਂ ਦੀ ਖੁੱਲ੍ਹ ਕੇ ਆਲੋਚਨਾ ਅਤੇ ਸਵਾਲ ਕਰਨ ਵਾਲੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਖ਼ਿਲਾਫ਼ ਪਰਚਾ ਦਰਜ ਕਰ ਕੇ ਗ੍ਰਿਫ਼ਤਾਰ ਕਰਨ ਦੇ ਰੋਸ ’ਚ ਅੱਜ ਇਥੇ ਮੁਜ਼ਾਹਰਾ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਹੋਏ ਪ੍ਰਦਰਸ਼ਨ ’ਚ ਕਈ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੇ ਪੰਜਾਬ ਸਰਕਾਰ ਦੀ ਕਰੜੇ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਵਿਰੋਧ ’ਚ ਉੱਠਣ ਵਾਲੀ ਹਰ ਆਵਾਜ਼ ਨੂੰ ਇੰਜ ਦਬਾਉਣਾ ‘ਆਪ’ ਸਰਕਾਰ ਨੂੰ ਮਹਿੰਗਾ ਪਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਭੁੱਲੀ ਬੈਠੇ ਹਨ ਕਿ ਉਹ ਖ਼ੁਦ ਸਵਾਲ ਤੇ ਸਰਕਾਰਾਂ ਦੀ ਆਲੋਚਨਾ ਕਰਦੇ ਹੋਏ ਹੀ ਇਥੋਂ ਤੱਕ ਪਹੁੰਚੇ ਹਨ। ਹੁਣ ਜਦੋਂ ਖ਼ੁਦ ਨੂੰ ਸਵਾਲ ਹੋਣ ਲੱਗੇ ਹਨ ਤਾਂ ਸਰਕਾਰ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ’ਤੇ ਮੁੱਖ ਤਹਿਸੀਲ ਚੌਕ ’ਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਉਪਰੰਤ ਮੰਗ ਪੱਤਰ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪਰਾ, ਬਲਾਕ ਪ੍ਰਧਾਨ ਦਵਿੰਦਰ ਸਿੰਘ, ਤੀਰਥ ਸਿੰਘ, ਪਰਵਾਰ ਸਿੰਘ ਗਾਲਿਬ, ਅਮਰੀਕ ਸਿੰਘ, ਰਾਮਸ਼ਰਨ ਸਿੰਘ, ਬੀਬੀ ਅਮਰਜੀਤ ਕੌਰ, ਜਸਵੰਤ ਸਿੰਘ ਭੱਟੀਆਂ, ਪ੍ਰੇਮ ਸਿੰਘ ਬੁਜਰਗ ਤੋ ਇਲਾਵਾ ਹੋਰਨਾਂ ਜਥੇਬੰਦੀਆਂ ਵੱਲੋਂ ਵੀ ਮਾਲੀ ਖ਼ਿਲਾਫ਼ ਦਰਜ ਪਰਚਾ ਰੱਦ ਕਰਕੇ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ ਗਈ।
ਭਾਕਿਯੂ (ਉਗਰਾਹਾਂ) ਨੇ ਰਿਹਾਈ ਲਈ ਮੰਗ ਪੱਤਰ ਸੌਂਪਿਆ
ਰਾਏਕੋਟ (ਨਿੱਜੀ ਪੱਤਰ ਪ੍ਰੇਰਕ): ਝੂਠਾ ਅਤੇ ਫ਼ਰਜ਼ੀ ਕੇਸ ਦਰਜ ਕਰ ਕੇ ਜੇਲ੍ਹ ਵਿੱਚ ਡੱਕੇ ਰਾਜਨੀਤਕ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਬਿਨਾ ਸ਼ਰਤ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ਮੰਗ-ਪੱਤਰ ਐੱਸ.ਡੀ.ਐੱਮ ਰਾਏਕੋਟ ਨੂੰ ਸੌਂਪਿਆ ਗਿਆ। ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨੂਰਪੁਰਾ ਦੀ ਅਗਵਾਈ ਵਿੱਚ ਜਥੇਬੰਦੀ ਦੇ ਆਗੂ ਸਾਥੀਆਂ ਨੇ ਮੰਗ-ਪੱਤਰ ਸੌਂਪਦਿਆਂ ਦੋਸ਼ ਲਾਇਆ ਕਿ ਸ਼ਿਕਾਇਤਕਰਤਾ ਵੀ ‘ਆਪ’ ਦਾ ਕਾਰਕੁਨ ਹੈ ਅਤੇ ਇਹ ਸ਼ਿਕਾਇਤ ਸਿਆਸਤ ਤੋਂ ਪ੍ਰੇਰਿਤ ਹੈ।