ਕਿਸਾਨ ਜਥੇਬੰਦੀਆਂ ਨੇ ਰੇਲ ਗੱਡੀਆਂ ਰੋਕੀਆਂ
ਪਾਲ ਸਿੰਘ ਨੌਲੀ
ਜਲੰਧਰ, 3 ਅਕਤੂਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਰੇਲਾਂ ਰੋਕਣ ਦੇ ਦਿੱਤੇ ਸੱਦੇ ’ਤੇ ਲੋਹੀਆਂ ਖ਼ਾਸ ਰੇਲਵੇ ਸਟੇਸ਼ਨ ’ਤੇ 12 ਵਜੇ ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ। ਜਥੇਬੰਦੀ ਨੇ ਕੇਂਦਰ ਦੀ ਮੋਦੀ ਸਰਕਾਰ ਨੁੰ ਕਿਸਾਨ ਵਿਰੋਧੀ ਸਰਕਾਰ ਦੱਸਦਿਆ ਹਰਿਆਣਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਜਪਾ ਨੂੰ ਵੋਟਾਂ ਵਿੱਚ ਸਬਕ ਸਿਖਾਉਣ। ਜਥੇਬੰਦੀ ਦੇ ਸੀਨੀਅਰ ਆਗੂ ਸਲਵਿੰਦਰ ਸਿੰਘ ਜਾਣੀਆ ਨੇ ਕਿਹਾ ਕਿ ਮੋਦੀ ਸਰਕਾਰ ਨੇ ਲਖੀਮਪੁਰ ਖੀਰੀ ਵਿੱਚ ਕੁਚਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਨਹੀਂ ਦਿੱਤਾ।ਸਗੋ ਕਿਸਾਨਾਂ ਦੇ ਕਾਤਲਾਂ ਨੂੰ ਲੋਕ ਸਭਾ ਦੀਆਂ ਟਿਕਟਾਂ ਦੇ ਕੇ ਨਿਵਾਜਿਆ ਹੈ। ਜਦੋਂ ਤੱਕ ਕਾਤਲ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਨਹੀਂ ਜਾਂਦੇ ਉਦੋ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।
ਜੰਡਿਆਲਾ ਗੁਰੂ (ਸਿਮਰਤ ਪਾਲ ਬੇਦੀ): ਫਿਲੌਰ ਰੇਲਵੇ ਸਟੇਸ਼ਨ ’ਤੇ ਧਰਨੇ ਦੌਰਾਨ ਸੰਬੋਧਨ ਕਰਦਾ ਹੋਇਆ ਇਕ ਕਿਸਾਨ ਆਗੂ।ਇੱਥੋਂ ਨੇੜਲੇ ਦੇਵੀ ਦਾਸਪੁਰਾ ਰੇਲ ਟਰੈਕ ਉੱਪਰ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਹੱਲ ਕਰਨ ਲਈ ਦੋ ਘੰਟੇ ਰੇਲ ਚੱਕਾ ਜਾਮ ਕੀਤਾ ਗਿਆ। ਇਸ ਸਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਕੋਆਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਬੀਤੇ 2020-21 ਦੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਅੱਜ ਦੇ ਦਿਨ ਭਾਜਪਾ ਲੀਡਰ ਅਤੇ ਤਤਕਾਲੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤ ਅਸ਼ੀਸ਼ ਮਿਸ਼ਰਾ ਵੱਲੋਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਸ਼ਾਂਤਮਈ ਧਰਨਾ ਪ੍ਰਦਰਸ਼ਨ ਕਰਕੇ ਪੈਦਲ ਜਾ ਰਹੇ, ਕਿਸਾਨਾਂ ਉੱਪਰ ਗੱਡੀਆਂ ਚਾੜ੍ਹ ਕੇ 4 ਕਿਸਾਨਾਂ ਅਤੇ 1 ਪੱਤਰਕਾਰ ਸਾਥੀ ਦੀ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਨੂੰ ਤਿੰਨ ਸਾਲ ਬੀਤ ਜਾਣ ਅਤੇ ਦੋਸ਼ੀਆਂ ’ਤੇ ਦੋਸ਼ ਤੈਅ ਹੋਣ ਦੇ ਬਾਵਜੂਦ ਵੀ ਉਹ ਖੁੱਲ੍ਹੇ ਘੁੰਮ ਰਹੇ ਹਨ।
ਮੁਕੇਰੀਆਂ (ਜਗਜੀਤ ਸਿੰਘ): ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਵੱਲੋਂ ਭੰਗਾਲਾ ਵਿਖੇ 2 ਘੰਟੇ ਰੇਲ ਦਾ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਬਲਕਾਰ ਸਿੰਘ ਮੱਲੀ, ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਪੁਰਾਣਾ ਭੰਗਾਲਾਂ ਨੇ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਕਿਸਾਨ ਮਜ਼ਦੂਰ ਵਿਰੋਧੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ 13 ਫਰਵਰੀ ਤੋਂ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ, ਕੇਂਦਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੋਰਚਾ ਲਾ ਕੇ ਬੈਠੇ ਕਿਸਾਨਾਂ ਦੀਆਂ ਮੰਗਾ ਨੂੰ ਜੇਕਰ ਛੇਤੀ ਲਾਗੂ ਨਾ ਕੀਤਾ ਗਿਆ ਤਾਂ ਕੇਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਤਿੱਖੇ ਸੰਘਰਸ਼ ਉਲੀਕੇ ਜਾਣਗੇ।
ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਇੱਥੋਂ ਦੇ ਰੇਲਵੇ ਸਟੇਸ਼ਨ ’ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ’ਤੇ ਜਥੇਬੰਦੀ ਦੀ ਹੁਸ਼ਿਆਰਪੁਰ ਇਕਾਈ ਵਲੋਂ ਸੀਨੀਅਰ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਤੇ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਧਰਨਾ ਲਗਾਇਆ ਗਿਆ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਹੁਸ਼ਿਆਰਪੁਰ-ਜਲੰਧਰ ਰੇਲ ਮਾਰਗ ’ਤੇ ਮੰਡਿਆਲਾ ਦੇ ਨਜ਼ਦੀਕ ਧਰਨਾ ਦਿੱਤਾ। ਰੇਲ ਪ੍ਰਸ਼ਾਸਨ ਨੇ ਧਰਨੇ ਦੀ ਅਗਾਊਂ ਸੂਚਨਾ ਹੋਣ ਕਾਰਨ ਜਲੰਧਰ-ਹੁਸ਼ਿਆਰਪੁਰ ਗੱਡੀ ਨੂੰ ਪਹਿਲਾਂ ਹੀ ਰੋਕ ਦਿੱਤਾ ਸੀ। ਧਰਨੇ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਗੁਰਦਾਸਪੁਰ (ਜਤਿੰਦਰ ਬੈਂਸ): ਸੰਯੁਕਤ ਕਿਸਾਨ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਸ਼ਰਧਾਂਜਲੀ ਦੇਣ ਉਪਰੰਤ ਰੈਲੀ ਅਤੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਜੇ ਮਿਸ਼ਰਾ ਟੈਨੀ ਅਤੇ ਅਸ਼ੀਸ਼ ਮਿਸ਼ਰਾ ਦਾ ਪੁਤਲਾ ਫੂਕਿਆ ਗਿਆ।
ਰੈਲੀ ਦੀ ਪ੍ਰਧਾਨਗੀ ਸਾਂਝੇ ਤੌਰ ’ਤੇ ਤਰਲੋਕ ਸਿੰਘ ਬਹਿਰਾਮਪੁਰ ,ਅਜੀਤ ਸਿੰਘ ਹੁੰਦਲ, ਮੰਗਤ ਸਿੰਘ ਜੀਵਨ ਚੱਕ, ਬਲਬੀਰ ਸਿੰਘ ਉੱਚਾ ਧਕਾਲਾ, ਗੁਰਦੀਪ ਸਿੰਘ ਮੁਸਫਾਬਾਦ ਤੇ ਮਜ਼ਦੂਰ ਆਗੂ ਰਾਜ ਕੁਮਾਰ ਪੰਡੋਰੀ ਨੇ ਸਾਂਝੇ ਤੌਰ ‘ਤੇ ਕੀਤੀ।
ਪਠਾਨਕੋਟ (ਐੱਨਪੀ ਧਵਨ): ਭਾਰਤੀ ਕਿਸਾਨ ਯੂਨੀਅਨ ਸਿਰਸਾ ਨੇ ਜਸਵੰਤ ਸਿੰਘ ਦੀ ਅਗਵਾਈ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪਠਾਨਕੋਟ ਛਾਉਣੀ ਰੇਲਵੇ ਟਰੈਕ ’ਤੇ ਕਰੀਬ ਦੋ ਘੰਟੇ ਤੱਕ ਰੇਲ ਰੋਕੋ ਅੰਦੋਲਨ ਜਾਰੀ ਰੱਖਿਆ।
ਫਿਲੌਰ (ਸਰਬਜੀਤ ਗਿੱਲ): ਭਾਰਤੀ ਕਿਸਾਨ ਯੂਨੀਅਨ ਦੋਆਬਾ ਤੇ ਬੀਕੇਯੂ ਸਿੱਧੂਪੁਰ ਵੱਲੋਂ ਅੱਜ ਸਾਂਝੇ ਤੌਰ ’ਤੇ ਇੱਥੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ।
ਤਰਨ ਤਾਰਨ (ਗੁਰਬਖਸ਼ਪੁਰੀ): ਦੇਸ਼ ਵਿਆਪੀ ‘ਰੇਲ ਰੋਕੋ’ ਦੇ ਸੱਦੇ ’ਤੇ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਅੱਜ ਕਿਸਾਨ-ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਤਰਨ ਤਾਰਨ ਅਤੇ ਪੱਟੀ ਦੀਆਂ ਰੇਲ ਪਟੜੀਆਂ ’ਤੇ ਦਿਨ ਭਰ ਲਈ ਧਰਨੇ ਦਿੱਤੇ ਗਏ|
ਜਮਹੂਰੀ ਕਿਸਾਨ ਸਭਾ ਵੱਲੋਂ ਪੈਦਲ ਮਾਰਚ
ਅਜਨਾਲਾ (ਸੁਖਦੇਵ ਸੁੱਖ): ਸੰਯੁਕਤ ਕਿਸਾਨ ਮੋਰਚੇ ਦੇਸ਼ ਭਰ ਦੇ ਸੱਦੇ ’ਤੇ ਅੱਜ ਇੱਥੇ ਲਖੀਮਪੁਰ ਖੀਰੀ ਕਿਸਾਨ ਅੰਦੋਲਨ ਦੇ ਸ਼ਹੀਦਾਂ ਸ਼ਹੀਦ ਰਮਨ ਕਸ਼ਯਪ (ਪੱਤਰਕਾਰ ), ਸ਼ਹੀਦ ਨਵਪ੍ਰੀਤ ਸਿੰਘ, ਸ਼ਹੀਦ ਗੁਰਵਿੰਦਰ ਸਿੰਘ, ਸ਼ਹੀਦ ਦਿਲਜੀਤ ਸਿੰਘ ਤੇ ਸ਼ਹੀਦ ਨਛੱਤਰ ਸਿੰਘ ਦੀ ਯਾਦ ਵਿੱਚ ਸ਼ਰਧਾਜਲੀ ਸਮਾਗਮ ਕੀਤਾ ਗਆ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਪੈਦਲ ਮਾਰਚ ਕੀਤਾ ਗਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਤੇ ਜਮੂਹਰੀ ਕਿਸਾਨ ਸਭਾ ਦੇ ਪ੍ਰਧਾਨ ਡਾ. ਸਤਨਾਮ ਸਿੰਘ ਅਜਨਾਲਾ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾਂ ਤੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੀਨੀਅਰ ਆਗੂ ਸੁੱਚਾ ਸਿੰਘ ਤੇੜਾ ਨੇ ਵੀ ਸੰਬੋਧਨ ਕੀਤਾ।