For the best experience, open
https://m.punjabitribuneonline.com
on your mobile browser.
Advertisement

ਕਿਸਾਨ ਜਥੇਬੰਦੀਆਂ ਨੇ ਕੌਮੀ ਮਾਰਗਾਂ ’ਤੇ ਟਰੈਕਟਰ ਮਾਰਚ ਕੱਢੇ

06:48 AM Feb 27, 2024 IST
ਕਿਸਾਨ ਜਥੇਬੰਦੀਆਂ ਨੇ ਕੌਮੀ ਮਾਰਗਾਂ ’ਤੇ ਟਰੈਕਟਰ ਮਾਰਚ ਕੱਢੇ
ਸਮਾਣਾ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ਕਿਸਾਨ।
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 26 ਫਰਵਰੀ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਉੱਤੇ ਟਰੈਕਟਰ ਖੜ੍ਹੇ ਕਰ ਕੇ ‘ਵਿਸ਼ਵ ਵਪਾਰ ਸੰਗਠਨ’ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਭਾਕਿਯੂ ਬੁਰਜ਼ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਕਿਯੂ ਧਨੇਰ ਦੇ ਆਗੂ ਸੁਖਦੇਵ ਸਿੰਘ ਘਰਾਚੋਂ ਨੇ ਕਿਹਾ ਕਿ ਭਾਰਤ ਸਰਕਾਰ ਉੱਤੇ ਵਿਸ਼ਵ ਵਪਾਰ ਸੰਗਠਨ ਨੂੰ ਛੱਡਣ ਵਾਸਤੇ ਦਬਾਅ ਬਣਾਉਣ ਲਈ ਅੱਜ ਘਰਾਚੋਂ ਤੋਂ ਲੈ ਕੇ ਚੰਨੋਂ ਤੱਕ ਸੈਂਕੜੇ ਟਰੈਕਟਰ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਭਾਰਤ ਦੇ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਕਾਰੋਬਾਰ ਕਰਨ ਵਾਲਿਆਂ ਨੂੰ ਬਰਬਾਦ ਕਰਨ ਲਈ ਨਵੇਂ ਢੰਗ ਵਰਤ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਦੀ ਸ਼ਹਿ ’ਤੇ ਹੱਕ ਮੰਗਦੇ ਕਿਸਾਨਾਂ ਉੱਤੇ ਢਾਹੇ ਗਏ ਜਬਰ ਦੀ ਨਿਖੇਧੀ ਕੀਤੀ।
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਹੋਰ ਕਿਸਾਨ ਯੂਨੀਅਨਾਂ ਦੇ ਕਿਸਾਨਾਂ ਵੱਲੋਂ ਅੱਜ ਇੱਥੇ ਦਿੱਲੀ-ਲੁਧਿਆਣਾ ਕੌਮੀ ਮਾਰਗ ’ਤੇ ਟਰੈਕਟਰਾਂ ਨਾਲ ਮਾਰਚ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਆਗੂ ਨਾਇਬ ਸਿੰਘ ਗੁੱਜਰਾਂ, ਹਰਬੰਸ ਸਿੰਘ ਦਿੜ੍ਹਬਾ, ਚਰਨਜੀਤ ਸਿੰਘ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਲਹਿਰਾ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਘੋੜੇਨਾਬ, ਗੁਰਤੇਜ ਸਿੰਘ ਖੰਡੇਵਾਦ, ਮਿੱਠੀ ਸਿੰਘ ਘੋੜੇਨਾਬ ਤੇ ਬੰਤਾ ਸਿੰਘ ਰਾਮਗੜ੍ਹ ਆਦਿ ਕਿਸਾਨ ਆਗੂਆਂ ਨੇ ਦੱਸਿਆ ਕਿ ਮੋਦੀ ਸਰਕਾਰ ਐਲਾਨ ਕਰ ਰਹੀ ਹੈ ਕਿ ਕਿਸਾਨਾਂ ਦੇ ਟਰੈਕਟਰ ਸੜਕਾਂ ’ਤੇ ਨਹੀਂ ਚੜ੍ਹਨ ਦੇਣੇ ਜਿਸ ਕਰਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਸੰਗਰੂਰ ਤੋ ਲੈ ਕੇ ਦਿੜ੍ਹਬਾ ਪਾਤੜਾਂ ਤੱਕ ਕਿਸਾਨਾਂ ਨੇ ਟਰੈਕਟਰ ਮਾਰਚ ਕੀਤਾ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਸੰਗਰੂਰ ਵੱਲੋਂ ਅੱਜ ਵਿਸ਼ਵ ਵਪਾਰ ਸੰਸਥਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਮਹਿਲਾ ਚੌਕ ਵਿੱਚ ਪੁਤਲਾ ਫੂਕਿਆ ਗਿਆ। ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਇਕੱਠੇ ਹੋਏ ਸੈਂਕੜੇ ਕਿਸਾਨਾਂ ਨੇ ਇਸ ਮੌਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਆਪਣੇ ਸੈਂਕੜੇ ਟਰੈਕਟਰ ਦਿੱਲੀ ਵੱਲ ਮੂੰਹ ਕਰਕੇ ਰੋਸ ਜ਼ਾਹਿਰ ਕੀਤਾ। ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਿਸਾਨਾਂ ਮਜ਼ਦੂਰਾਂ ਨੂੰ ਕੋਈ ਫਾਇਦਾ ਨਹੀਂ ਦੇ ਰਹੀਆਂ ਸਗੋਂ ਵਪਾਰੀ ਵਰਗ ਦੇ ਹੱਕ ’ਚ ਭੁਗਤ ਰਹੀਆਂ ਹਨ। ਲਹਿਰਾਗਾਗਾ (ਰਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਦੀ ਅਗਵਾਈ ਹੇਠ ਵਿਸ਼ਵ ਵਪਾਰ ਸੰਸਥਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੁਤਲਾ ਫੂਕਿਆ ਗਿਆ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਆਪਣੇ ਟਰੈਕਟਰ ਦਿੱਲੀ ਵੱਲ ਮੂੰਹ ਕਰ ਕੇ ਖੜ੍ਹੇ ਕੀਤੇ। ਇਸੇ ਦੌਰਾਨ ਕੌਮੀ ਮੁੱਖ ਮਾਰਗ ਉੱਤੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਡਬਲਿਯੂਟੀਓ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ 1936 ਦੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੌਲਵੀਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਧੂਹੜ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਦਲਜਿੰਦਰ ਸਿੰਘ ਤੇ ਜਮਹੂਰੀ ਕਿਸਾਨ ਸਭਾ ਦੇ ਆਗੂ ਪ੍ਰਹਲਾਦ ਸਿੰਘ ਨਿਆਲ ਨੇ ਸੰਬੋਧਨ ਕੀਤਾ।
ਧੂਰੀ (ਹਰਦੀਪ ਸਿੰਘ ਸੋਢੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਅੱਜ ਟਰੈਕਟਰ ਮਾਰਚ ਕੱਢ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ ਗਿਆ। ਬੁਲਾਰਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਐਮ.ਐਸ.ਪੀ ਦੀ ਗਾਰੰਟੀ ਦੇਣੀ ਚਾਹੀਦੀ ਹੈ ਅਤੇ ਰਹਿੰਦੀਆਂ ਮੰਗਾਂ ਨੂੰ ਵੀ ਤੁਰੰਤ ਪ੍ਰਵਾਨ ਕਰਨਾ ਚਾਹੀਦਾ ਹੈ।
ਸੂਲਰ ਘਰਾਟ (ਹਰਪ੍ਰੀਤ ਸਿੰਘ ਕੋਹਲੀ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਐਸਕੇਐਮ ਦੇ ਸੱਦੇ ’ਤੇ ਟਰੈਕਟਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਦੇ ਮਹਿਲ ਚੌਕ ਤੋਂ ਦਿੜ੍ਹਬਾ ਤੱਕ ਨੈਸ਼ਨਲ ਹਾਈਵੇਅ 52 ਉਪਰ ਇਕ ਸਾਈਡ ਟਰੈਕਟਰ ਖੜ੍ਹੇ ਕੀਤੇ।
ਅਮਰਗੜ੍ਹ (ਰਾਜਿੰਦਰ ਜੈਦਕਾ): ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ’ਤੇ ਅੱਜ ਕਿਸਾਨਾਂ ਨੇ ਟੌਲ ਪਲਾਜ਼ਾ ਮਾਹੋਰਾਣਾ ਨੇੜੇ ਟਰੈਕਟਰ ਖੜੇ ਕਰਕੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਭੁਪਿੰਦਰ ਸਿੰਘ ਬਨਭੌਰਾ, ਮਨਜੀਤ ਸਿੰਘ, ਬੂਟਾ ਖਾਨ, ਨਰਿੰਦਰਜੀਤ ਸਿੰਘ ਸਲਾਰ, ਕੁਲਵਿੰਦਰ ਸਿੰਘ, ਜਗਦੀਸ ਸਿੰਘ, ਹਰਪਾਲ ਸਿੰਘ, ਦਵਿੰਦਰ ਸਿੰਘ ਆਦਿ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਿੰਨੀ ਦੇਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਉਨੀ ਦੇਰ ਸੰਘਰਸ਼ ਜਾਰੀ ਰਹੇਗਾ।
ਸਮਾਣਾ (ਸੁਭਾਸ਼ ਚੰਦਰ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਸਥਾਨਕ ਬਾਬਾ ਬੰਦਾ ਸਿੰਘ ਬਹਾਦਰ ਚੌਕ ਅਤੇ ਪਟਿਆਲਾ ਸੜਕ ’ਤੇ ਟਰੈਕਟਰ ਮਾਰਚ ਕੱਢ ਕੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਮਸਤੂਆਣਾ ਸਾਹਿਬ (ਸਤਨਾਮ ਸਿੰਘ ਸੱਤੀ): ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਨੂੰ ਜ਼ੋਰਦਾਰ ਹੁੰਗਾਰਾ ਭਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ-ਧਨੇਰ) ਬਲਾਕ ਸੰਗਰੂਰ ਦੀਆਂ ਤਿੰਨ ਇਕਾਈਆਂ ਦੁੱਗਾਂ, ਬਾਲੀਆਂ ਤੇ ਕੁੰਨਰਾਂ ਦੇ ਕਿਸਾਨਾਂ ਨੇ ਬਠਿੰਡਾ-ਸੰਗਰੂਰ ਹਾਈਵੇ ਉੱਪਰ ਟਰੈਕਟਰ ਪਰੇਡ ਕੀਤੀ।
ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਇਲਾਕੇ ਦੇ ਕਿਸਾਨਾਂ ਨੇ ਸਰਹਿੰਦ ਬਾਈਪਾਸ ਮਾਰਗ ’ਤੇ ਸੈਂਕੜੇ ਟਰੈਕਟਰ ਖੜ੍ਹੇ ਕਰ ਕੇ ਡਬਲਿਯੂਟੀਓ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸ਼ਹੀਦ ਭਗਤ ਸਿੰਘ ਲੋਕ ਹਿਤ ਕਮੇਟੀ ਵੱਲੋਂ ਹਰਿੰਦਰ ਸਿੰਘ ਲਾਖਾ,ਕੁਲ ਹਿੰਦ ਕਿਸਾਨ ਸਭਾ ਵੱਲੋਂ ਗੁਰਬਿੰਦਰ ਸਿੰਘ ਧੁੰਮਾ,ਸੀਟੂ ਤੋਂ ਸੁਨੀਲ ਕੁਮਾਰ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਲਸ਼ਕਰ ਸਿੰਘ, ਪਰਵਿੰਦਰ ਸਿੰਘ ਹਰਪਾਲਪੁਰ, ਧਰਮਪਾਲ ਸੀਲ਼ ਨੇ ਸੰਬੋਧਨ ਕੀਤਾ।

Advertisement

Advertisement
Author Image

Advertisement
Advertisement
×