ਕਿਸਾਨ ਜਥੇਬੰਦੀਆਂ ਅੱਜ ਚਾਰ ਘੰਟੇ ਲਈ ਮੁੱਖ ਮਾਰਗ ਕਰਨਗੀਆਂ ਜਾਮ
ਪੱਤਰ ਪ੍ਰੇਰਕ
ਲਾਲੜੂ, 24 ਅਕਤੂਬਰ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਡੇਰਾਬੱਸੀ ਦੀ ਇਕ ਮੀਟਿੰਗ ਸੂਬਾਈ ਕਾਰਜਕਾਰਨੀ ਦੇ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਦਫ਼ਤਰ ਨੇੜੇ ਟੋਲ ਪਲਾਜ਼ਾ ਦੱਪਰ ਵਿਖੇ ਹੋਈ। ਇਸ ਦੌਰਾਨ ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਹੋਈ ਮੀਟਿੰਗ ’ਚ ਮੁੱਖ ਮੰਤਰੀ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਅਤੇ ਲਿਫ਼ਟਿੰਗ ਦਾ ਮਸਲਾ ਹੱਲ ਕਰਨ ਲਈ ਦੋ ਦਿਨ ਦਾ ਸਮਾਂ ਲਏ ਜਾਣ ਮਗਰੋਂ ਮੌਜੂਦਾ ਹਾਲਾਤ ਦਾ ਜਾਇਜ਼ਾ ਲਿਆ ਗਿਆ। ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਭਰੋਸੇ ਦੇ ਬਾਵਜੂਦ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਸੰਕਟ ਬਰਕਰਾਰ ਹੈ। ਕਿਸਾਨ ਮੰਡੀਆਂ ਵਿੱਚ ਰੁਲ ਰਿਹਾ ਹੈ। ਕਿਸਾਨਾਂ ਨੂੰ ਕੱਟ ਲਗਾ ਕੇ ਆਪਣੀ ਫ਼ਸਲ ਘੱਟੋ ਐੱਮਐੱਸਪੀ ਤੋਂ ਘੱਟ ਦਰਾਂ ਉੱਤੇ ਵੇਚਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਮੰਡੀਆਂ ਵਿੱਚ ਰੁਲਣ ਲਈ ਪੰਜਾਬ ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਮੀਟਿੰਗ ਵਿੱਚ ਵੱਲੋਂ ਲਏ ਫੈਸਲੇ ਅਨੁਸਾਰ 25 ਅਕਤੂਬਰ ਨੂੰ ਆਈਟੀਆਈ ਚੌਕ ਲਾਲੜੂ ਵਿੱਚ ਸਵੇਰੇ 11 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ਜਾਮ ਕੀਤਾ ਜਾਵੇਗਾ। ਜੇਕਰ ਮਸਲੇ ਦਾ ਹੱਲ ਨਹੀਂ ਹੁੰਦਾ ਤਾਂ 29 ਅਕਤੂਬਰ ਨੂੰ ਡੀਸੀ ਦਫਤਰ ਮੁਹਾਲੀ ਦਾ ਘਿਰਾਓ ਕੀਤਾ ਜਾਵੇਗਾ।