ਕਿਸਾਨਾਂ ਨੇ ਦੂਜੇ ਦਿਨ ਵੀ ਕਾਲਾਝਾੜ ਟੌਲ ਪਲਾਜ਼ੇ ਤੋਂ ਵਾਹਨ ਮੁਫ਼ਤ ਲੰਘਾਏ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 18 ਫਰਵਰੀ
ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਕਿਸਾਨਾਂ ਉਪਰ ਹਰਿਆਣਾ ਪੁਲੀਸ ਦੀ ਕਾਰਵਾਈ ਦੇ ਵਿਰੋਧ ਵਿੱਚ ਅੱਜ ਦੂਜੇ ਦਿਨ ਵੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਸਥਿਤ ਕਾਲਾਝਾੜ ਟੌਲ ਪਲਾਜ਼ਾ ਨੂੰ ਪਰਚੀ ਮੁਕਤ ਕੀਤਾ ਗਿਆ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਆਗੂ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਮਨਜੀਤ ਸਿੰਘ ਘਰਾਚੋਂ, ਹਰਜੀਤ ਸਿੰਘ ਮਹਿਲਾਂ,ਬਲਾਕ ਆਗੂ ਕੁਲਦੀਪ ਸਿੰਘ ਬਖੋਪੀਰ, ਗੁਰਚੇਤ ਸਿੰਘ ਭੱਟੀਵਾਲ, ਜਸਵੀਰ ਸਿੰਘ ਗੱਗੜਪੁਰ, ਕਰਮ ਚੰਦ ਪੰਨਵਾਂ ਅਤੇ ਕਰਮਜੀਤ ਕੌਰ ਭਿੰਡਰਾਂ ਨੇ ਕਿਹਾ ਕਿ ਸੂਬਾ ਕਮੇਟੀ ਦੇ ਨਵੇਂ ਫੈਸਲੇ ਅਨੁਸਾਰ ਪੰਜਾਬ ਦੇ ਟੌਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰਨ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨਿਆਂ ਦਾ ਪ੍ਰੋਗਰਾਮ 22 ਫਰਵਰੀ ਤੱਕ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਕਾਰਨ ਕਿਸਾਨ, ਮਜ਼ਦੂਰ ਤੇ ਛੋਟੇ ਕਿੱਤਿਆਂ ਵਾਲਿਆਂ ਦੀ ਜ਼ਿੰਦਗੀ ਤਬਾਹ ਹੋ ਰਹੀ ਹੈ, ਜਦੋਂ ਕਿ ਅੰਬਾਨੀ ਅੰਡਾਨੀ ਵਰਗੇ ਕਾਰਪੋਰੇਟ ਘਰਾਣਿਆਂ ਨੂੰ ਵੱਡੇ ਮੁਨਾਫ਼ੇ ਹੋ ਰਹੇ ਹਨ। ਉਨ੍ਹਾਂ ਪੰਜਾਬ ਦੇ ਬਾਰਡਰਾਂ ਨੂੰ ਸ਼ੀਲ ਕਰਕੇ ਕਿਸਾਨਾਂ ਉਤੇ ਕੀਤੇ ਜਬਰ ਨੂੰ ਜਮਹੂਰੀਅਤ ਦਾ ਘਾਣ ਕਰਾਰ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਹੱਕਾਂ ਲਈ ਲੜੇ ਜਾ ਰਹੇ ਸੰਘਰਸ਼ ਨੂੰ ਜਬਰ ਨਾਲ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਸਾਨੀ ਮੰਗਾਂ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ। ਜਾਣਕਾਰੀ ਅਨੁਸਾਰ ਟੌਲ ਪਲਾਜ਼ਾ ’ਤੇ ਕਿਸਾਨਾਂ ਦੇ ਧਰਨੇ ਕਾਰਨ ਆਵਾਜਾਈ ਵਿੱਚ ਵਿਘਨ ਨਹੀਂ ਪਿਆ।