ਕਿਸਾਨਾਂ ਵੱਲੋਂ ਸ਼ਹੀਦ ਸਰਾਭਾ ਨੂੰ ਸ਼ਰਧਾਂਜਲੀਆਂ
ਸੰਤੋਖ ਗਿੱਲ
ਰਾਏਕੋਟ, 16 ਨਵੰਬਰ
ਲਾਗਲੇ ਪਿੰਡ ਬੱਸੀਆਂ ਵਿੱਚ ਭਾਕਿਯੂ (ਏਕਤਾ ਡਕੌਂਦਾ) ਵੱਲੋਂ ਗੁਰਦੁਆਰਾ ਸ਼ਤਰੰਜਸਰ ਸਾਹਿਬ ਵਿੱਚ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਦੀ ਅਗਵਾਈ ਵਿੱਚ ਮੀਟਿੰਗ ਦੌਰਾਨ ਗ਼ਦਰ ਲਹਿਰ ਦੇ ਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ ਵਿਸ਼ਣੂ ਗਣੇਸ਼ ਪਿੰਗਲੇ, ਹਰਨਾਮ ਸਿੰਘ ਸਿਆਲਕੋਟੀ, ਜਗਤ ਸਿੰਘ, ਬਖ਼ਸ਼ੀਸ਼ ਸਿੰਘ, ਸੁਰੈਣ ਸਿੰਘ (ਵੱਡਾ) ਅਤੇ ਸੁਰੈਣ ਸਿੰਘ (ਛੋਟਾ) ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕਿਸਾਨ ਆਗੂ ਸੁਰਜੀਤ ਦੌਧਰ ਨੇ ਕਿਹਾ ਕਿ ਸ਼ਹੀਦਾਂ ਦੇ ਬੇਮਿਸਾਲ ਤਿਆਗ ਅਤੇ ਬਰਤਾਨਵੀ ਸਾਮਰਾਜ ਖ਼ਿਲਾਫ਼ ਇਨ੍ਹਾਂ ਯੋਧਿਆਂ ਦੀ ਕੁਰਬਾਨੀ ਦੀ ਮਿਸਾਲ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਸਾਮਰਾਜੀ ਅੱਜ ਵੀ ਸੱਤਾ ’ਤੇ ਕਾਬਜ਼ ਹੋ ਕੇ ਕਿਸਾਨ-ਮਜ਼ਦੂਰ ਵਿਰੋਧੀ ਅਤੇ ਕਾਰਪੋਰੇਟ ਪੱਖੀ ਰਾਜ ਚਲਾ ਰਹੇ ਹਨ। ਕਿਸਾਨ ਆਗੂਆਂ ਨੇ ਵਿਵਾਦਿਤ ਖੇਤੀ ਕਨੂੰਨਾਂ ਅਤੇ ਹੁਣ ਇਜ਼ਰਾਈਲ ਰਾਹੀਂ ਫ਼ਲਸਤੀਨ ’ਤੇ ਕਬਜ਼ਾ ਕਰ ਕੇ ਬੇਕਸੂਰ ਲੋਕਾਂ ਦੀ ਨਸਲਕੁਸ਼ੀ ਲਈ ਵੀ ਅਮਰੀਕਨ ਸਾਮਰਾਜ ਨੂੰ ਜ਼ਿੰਮੇਵਾਰ ਦੱਸਿਆ। ਇੰਦਰਜੀਤ ਸਿੰਘ ਧਾਲੀਵਾਲ, ਸਰਬਜੀਤ ਸਿੰਘ ਧੂੜਕੋਟ, ਤਰਸੇਮ ਸਿੰਘ ਬੱਸੂਵਾਲ ਨੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ 26 ਤੋਂ 28 ਨਵੰਬਰ ਤੱਕ ਚੰਡੀਗੜ੍ਹ ਵਿੱਚ ਗਵਰਨਰ ਦੇ ਤਿੰਨ ਰੋਜ਼ਾ ਘਿਰਾਓ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਨੌਜਵਾਨਾਂ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਚੇਤਨਾ ਕਨਵੈਨਸ਼ਨ
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਅਤੇ ਅੰਤਰਰਾਸ਼ਟਰੀ ਇਨਕਲਾਬੀ ਮੰਚ ਵੱਲੋਂ ਕਸਬਾ ਜੋਧਾਂ ਵਿੱਚ ਨੌਜਵਾਨਾਂ ਦੀਆਂ ਮੰਗਾਂ ਅਤੇ ਮੁਸ਼ਕਲਾਂ ਦੇ ਸਾਰਥਕ ਹੱਲ ਲਈ ਵਿਸ਼ਾਲ ‘ਨੌਜਵਾਨ ਚੇਤਨਾ ਕਨਵੈੱਨਸ਼ਨ’ ਕੀਤੀ ਗਈ। ਇਸ ਮੌਕੇ ਗ਼ਦਰ ਲਹਿਰ ਦੇ ਨਾਇਕ ਸ਼ਹੀਦ ਕਰਤਾਰ ਸਿੰਘ ਸਰਾਭਾ ਸਮੇਤ ਵਿਸ਼ਣੂ ਗਣੇਸ਼ ਪਿੰਗਲੇ, ਹਰਨਾਮ ਸਿੰਘ ਸਿਆਲਕੋਟੀ, ਜਗਤ ਸਿੰਘ, ਬਖ਼ਸ਼ੀਸ਼ ਸਿੰਘ, ਸੁਰੈਣ ਸਿੰਘ (ਵੱਡਾ) ਅਤੇ ਸੁਰੈਣ ਸਿੰਘ (ਛੋਟਾ) ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਸ਼ਹੀਦਾਂ ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਪ੍ਰਣ ਦੁਹਰਾਇਆ। ਸਮਾਗਮ ਦੀ ਪ੍ਰਧਾਨਗੀ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਢੇਸੀ ਨੇ ਕੀਤੀ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਸੂਬਾਈ ਜਨਰਲ ਸਕੱਤਰ ਧਰਮਿੰਦਰ ਸਿੰਘ ਮੁਕੇਰੀਆਂ, ਸਕੱਤਰ ਸ਼ਮਸ਼ੇਰ ਸਿੰਘ ਬਟਾਲਾ, ਪੰਜਾਬ ਸਟੂਡੈਂਟਸ ਫੈਡਰੇਸ਼ਨ ਦੇ ਸੂਬਾਈ ਕਨਵੀਨਰ ਗਗਨਦੀਪ ਸਰਦੂਲਗੜ੍ਹ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸੂਬਾ ਅਤੇ ਕੇਂਦਰ ਸਰਕਾਰ ਵੱਲੋਂ ਚੋਣਾਂ ਮੌਕੇ ਨੌਜਵਾਨਾਂ ਚੰਗੇ ਭਵਿੱਖ, ਵਿੱਦਿਆ, ਰੁਜ਼ਗਾਰ ਅਤੇ ਬਿਹਤਰ ਜੀਵਨ ਦੇ ਸਬਜ਼ਬਾਗ ਦਿਖਾਏ ਜਾਂਦੇ ਹਨ। ਪਰ ਸੱਤਾ ’ਤੇ ਕਾਬਜ਼ ਹੋਣ ਬਾਅਦ ਨੌਜਵਾਨਾਂ ਦੀ ਅਣਦੇਖੀ ਕਰ ਕੇ ਨਸ਼ਿਆਂ ਦੀ ਦਲਦਲ ਅਤੇ ਘੋਰ ਨਿਰਾਸ਼ਾ ਵੱਲ ਧੱਕਿਆ ਜਾ ਰਿਹਾ ਹੈ। ਆਗੂਆਂ ਨੇ ਹੋਰ ਜਥੇਬੰਦੀਆਂ ਨਾਲ ਮਿਲ ਕੇ ਨੌਜਵਾਨਾਂ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਦਾ ਭਾਂਡਾ ਚੁਰਾਹੇ ਵਿੱਚ ਭੰਨਣ ਲਈ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ।