For the best experience, open
https://m.punjabitribuneonline.com
on your mobile browser.
Advertisement

ਲਾਡੋਵਾਲ ਟੌਲ ਪਲਾਜ਼ਾ ’ਤੇ ਚੌਥੇ ਦਿਨ ਵੀ ਡਟੇ ਰਹੇ ਕਿਸਾਨ

07:04 AM Jun 20, 2024 IST
ਲਾਡੋਵਾਲ ਟੌਲ ਪਲਾਜ਼ਾ ’ਤੇ ਚੌਥੇ ਦਿਨ ਵੀ ਡਟੇ ਰਹੇ ਕਿਸਾਨ
ਲਾਡੋਵਾਲ ਟੌਲ ਪਲਾਜ਼ਾ ’ਤੇ ਧਰਨਾ ਦਿੰਦੇ ਹੋਏ ਕਿਸਾਨ। ਫੋੋਟੋ: ਇੰਦਰਜੀਤ ਵਰਮਾ
Advertisement

ਗੁਰਿੰਦਰ ਸਿੰਘ
ਲੁਧਿਆਣਾ, 19 ਜੂਨ
ਕਿਸਾਨਾਂ ਅਤੇ ਹੋਰ ਜਥੇਬੰਦੀਆਂ ਵੱਲੋਂ ਲਾਡੋਵਾਲ ਟੌਲ ਪਲਾਜ਼ਾ ਦੀਆਂ ਦਰਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਦੌਰਾਨ ਕਿਸਾਨਾਂ ਨੇ ਅੱਜ ਚੌਥੇ ਦਿਨ ਵੀ ਟੌਲ ਪਲਾਜ਼ਾ ਮੁਫ਼ਤ ਕਰਵਾਇਆ। ਲੁਧਿਆਣਾ-ਜਲੰਧਰ ਜੀਟੀ ਰੋਡ ਸਥਿਤ ਲਾਡੋਵਾਲ ਟੌਲ ਪਲਾਜ਼ਾ ਵਿਖੇ ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਨੇ ਐਲਾਨ ਕੀਤਾ ਕਿ ਧਰਨਾ ਟੌਲ ਦਰਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਤੱਕ ਜਾਰੀ ਰਹੇਗਾ। ਇਸ ਮੌਕੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਸਰਕਾਰਾਂ ਹਮੇਸ਼ਾ ਕਾਰਪੋਰੇਟ ਘਰਾਣਿਆਂ ਨਾਲ ਹੀ ਖੜ੍ਹਦੀਆਂ ਹਨ ਅਤੇ ਉਨ੍ਹਾਂ ਦਾ ਹੀ ਪੱਖ ਪੂਰਦੀਆਂ ਹਨ ਪਰ ਉਹ ਲੋਕਾਂ ਦੀ ਮੰਗ ਲੈ ਕੇ ਧਰਨਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਜਾਂ ਕਿਸੇ ਸਿਆਸੀ ਪਾਰਟੀ ਨੇ ਆਮ ਲੋਕਾਂ ਦੇ ਹੱਕ ਵਿੱਚ ਕਦੇ ਵੀ ਹਾਅ ਦਾ ਨਾਅਰਾ ਨਹੀਂ ਮਾਰਿਆ।ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ ਅਤੇ ਸੁਖਦੇਵ ਸਿੰਘ ਮੰਗਲੀ ਨੇ ਕਿਹਾ ਕਿ ਜਥੇਬੰਦੀਆਂ ਭਰ ਗਰਮੀ ਵਿੱਚ ਸਿਰਫ਼ ਲੋਕ ਹਿੱਤਾਂ ਲਈ ਧਰਨਾ ਦੇ ਰਹੀਆਂ ਹਨ। ਇਸ ਮੌਕੇ ਪੰਜਾਬ ਕਿਸਾਨ ਸੰਘਰਸ਼ ਕਮੇਟੀ ਪੰਨੂ ਦੇ ਆਗੂ ਚਰਨਜੀਤ ਸਿੰਘ ਪੱਖੋਵਾਲ ਨੇ ਦੱਸਿਆ ਕਿ ਇਸ ਟੌਲ ਪਲਾਜ਼ਾ ਦੀ ਮਿਆਦ 10 ਮਈ 2024 ਨੂੰ ਪੂਰੀ ਹੋ ਚੁੱਕੀ ਹੈ ਜੋ ਮਾਫ਼ੀਆ ਦੀ ਮਿਲੀਭੁਗਤ ਨਾਲ ਚੱਲ ਰਿਹਾ ਹੈ।

Advertisement

ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਧਰਨਾਕਾਰੀਆਂ ਨਾਲ ਮੀਟਿੰਗ ਬੇਸਿੱਟਾ

ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਨਵਰਤਨ ਅਤੇ ਐਸਡੀਐਮ ਦੀਪਕ ਭਾਟੀਆ ਨੇ ਟੌਲ ਪਲਾਜ਼ਾ ’ਤੇ ਬੈਠੇ ਕਿਸਾਨਾਂ ਨਾਲ ਮੀਟਿੰਗ ਕੀਤੀ ਜੋ ਬੇਸਿੱਟਾ ਰਹੀ ਕਿਉਂਕਿ ਕਿਸਾਨ ਆਗੂ ਟੌਲ ਦਰਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ ’ਤੇ ਅੜੇ ਹੋਏ ਹਨ। ਇਸ ਮੌਕੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਧਰਨਾ ਖ਼ਤਮ ਕਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਧਰਨਾਕਾਰੀਆਂ ਨੇ ਟੌਲ ਦਰਾਂ ਵਿੱਚ ਕੀਤਾ ਵਾਧਾ ਵਾਪਸ ਲੈਣ ਤੱਕ ਧਰਨਾ ਜਾਰੀ ਰੱਖਣ ਬਾਰੇ ਸਪਸ਼ਟ ਫ਼ੈਸਲਾ ਸੁਣਾਇਆ। ਟੌਲ ਪਲਾਜ਼ਾ ਮੈਨੇਜਰ ਦਪਿੰਦਰ ਕੁਮਾਰ ਨੇ ਦੱਸਿਆ ਕਿ ਟੌਲ ਦਰਾਂ ਬਾਰੇ ਫ਼ੈਸਲਾ ਕਰਨਾ ਠੇਕੇਦਾਰਾਂ ਜਾਂ ਏਜੰਸੀਆਂ ਨੇ ਨਹੀਂ ਬਲਕਿ ਕੇਂਦਰ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਹੱਥ ਵਿੱਚ ਹੈ।

Advertisement
Author Image

Advertisement
Advertisement
×