ਕਿਸਾਨਾਂ ਵੱਲੋਂ ਡੱਲੇਵਾਲ ਦੀ ਚੜ੍ਹਦੀਕਲਾ ਲਈ ਅਰਦਾਸ
ਨਿੱਜੀ ਪੱਤਰ ਪ੍ਰੇਰਕ
ਸਿਰਸਾ, 11 ਦਸੰਬਰ
ਇਥੋਂ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਅੰਦੋਲਨਕਾਰੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਹੋਣ ਲਈ ਅਰਦਾਸਾਂ ਕੀਤੀਆਂ ਗਈਆਂ। ਕਿਸਾਨੀ ਮੰਗਾਂ ਦੀ ਪੂਰਤੀ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਾਗਜੀਤ ਸਿੰਘ ਡੱਲੇਵਾਲ ਦੀ ਚੜ੍ਹਦੀਕਲਾ ਲਈ ਵੀ ਅਰਦਾਸਾਂ ਕੀਤੀਆਂ ਗਈਆਂ। ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਅੱਜ ਕਿਸਾਨ ਵੱਡੀ ਗਿਣਤੀ ’ਚ ਪਹੁੰਚੇ, ਜਿਥੇ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਅਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਾਗਜੀਤ ਸਿੰਘ ਡੱਲੇਵਾਲ ਦੀ ਚੜ੍ਹਦੀਕਲਾ ਲਈ ਅਰਦਾਸਾਂ ਕੀਤੀਆਂ ਗਈਆਂ। ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਪਿਛਲੀ 13 ਫਰਵਰੀ ਤੋਂ ਕਿਸਾਨ ਵੱਲੋਂ ਆਪਣੀਆਂ ਮੰਗਾਂ ਦੀ ਲਈ ਖਨੌਰੀ ਤੇ ਸ਼ੰਬੂ ਬਾਰਡਰ ’ਤੇ ਪੱਕਾ ਧਰਨਾ ਲਾਇਆ ਹੋਇਆ ਹੈ। ਕੇਂਦਰ ਤੇ ਸੂਬਾਈ ਸਰਕਾਰਾਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਸਮੇਂ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਜਿਸ ਵਿੱਚ ਮੁੱਖ ਮੰਤਰੀ ਫਸਲਾਂ ਦੀ ਖਰੀਦ ਐੱਮਐੱਸਪੀ ਦਾ ਗਰੰਟੀ ਕਾਨੂੰਨ ਬਣਾਉਣਾ ਸੀ ਪਰ ਹਾਲੇ ਤੱਕ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਮੰਗਾਂ ਮੰਨਵਾਉਣ ਲਈ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ।