ਕਿਸਾਨਾਂ ਵੱਲੋਂ ਕੇਂਦਰ ਤੇ ਹਰਿਆਣਾ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 1 ਅਗਸਤ
ਗੈਰ-ਸਿਆਸੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਸਿੱਧੂਪੁਰ) ਵੱਲੋਂ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਅੱਜ ਮੁਹਾਲੀ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕੇਂਦਰ ਅਤੇ ਹਰਿਆਣਾ ਸਰਕਾਰਾਂ ਦੀਆਂ ਅਰਥੀਆਂ ਫੂਕ ਕੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਯੂਨੀਅਨ ਦੇ ਇਕਾਈ ਪ੍ਰਧਾਨ ਗੁਰਦੀਪ ਸਿੰਘ ਖਿਜਰਗੜ੍ਹ, ਸੀਨੀਅਰ ਮੀਤ ਪ੍ਰਧਾਨ ਮੇਵਾ ਸਿੰਘ, ਖਜ਼ਾਨਚੀ ਗੁਰਪ੍ਰੀਤ ਸਿੰਘ ਸਣੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਕਥਿਤ ਅੱਤਿਆਚਾਰੀ ਪੁਲੀਸ ਅਫ਼ਸਰਾਂ ਨੂੰ ਰਾਸ਼ਟਰਪਤੀ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਪਿਛਲੇ ਦਿਨੀਂ ਸ਼ਾਂਤਮਈ ਤਰੀਕੇ ਨਾਲ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਧਰਨਾ ਦੇਣ ਦਿੱਲੀ ਜਾ ਰਹੇ ਕਿਸਾਨਾਂ ’ਤੇ ਅੰਨ੍ਹੇਵਾਹ ਤਸ਼ੱਦਦ ਢਾਹਿਆ ਹੈ।
ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਕਾਰਕੁਨਾਂ ਨੇ ਅੱਜ ਸ਼ਹਿਰ ਦੀ ਅਨਾਜ ਮੰਡੀ ਵਿਚ ਇਕੱਠੇ ਹੋ ਪੁਤਲਾ ਫੂਕ ਮੁਜ਼ਾਹਰਾ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਅਤੇ ਅੱਥਰੂ ਗੈਸ ਦੇ ਗੋਲੇ ਛੱਡਣ ਵਾਲੇ ਪੁਲੀਸ ਅਧਿਕਾਰੀਆਂ ਨੂੰ ਹਰਿਆਣਾ ਸਰਕਾਰ ਸਨਮਾਨ ਦੇ ਰਹੀ ਹੈ, ਜੋ ਬਰਦਾਸ਼ਤ ਤੋਂ ਬਾਹਰ ਹੈ।