ਮੰਡੀਆਂ ਬੰਦ ਕਰਨ ਵਿਰੁੱਧ ਨਿੱਤਰੇ ਕਿਸਾਨ
ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਨਵੰਬਰ
ਝੋਨੇ ਦੀ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਮੁਕੰਮਲ ਹੋਣ ਤੋਂ ਪਹਿਲਾਂ ਹੀ ਪੰਜਾਬ ਦੀਆਂ 510 ਅਨਾਜ ਮੰਡੀਆਂ/ਖ਼ਰੀਦ ਕੇਂਦਰਾਂ ਨੂੰ ਬੰਦ ਕਰਨ ਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਗੰਭੀਰ ਨੋਟਿਸ ਲਿਆ ਹੈ। ਭਾਕਿਯੂ ਏਕਤਾ ਉਗਰਾਹਾਂ ਦੇ ਝੰਡੇ ਹੇਠ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਕਈ ਥਾਈਂ ਰੋਸ ਪ੍ਰਦਰਸ਼ਨ ਕਰਦਿਆਂ ਇਸਨੂੰ ਕਿਸਾਨ ਵਿਰੋਧੀ ਫ਼ੈਸਲਾ ਕਰਾਰ ਦਿੱਤਾ ਹੈ। ਉਧਰ, ਸੰਗਰੂਰ ਜ਼ਿਲ੍ਹੇ ਵਿੱਚ 255 ’ਚੋਂ 120 ਅਨਾਜ ਮੰਡੀਆਂ ਜਾਂ ਖ਼ਰੀਦ ਕੇਂਦਰ ਬੰਦ ਕੀਤੇ ਗਏ ਹਨ।
ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਜਨਰਲ ਸਕੱਤਰ ਦਰਬਾਰਾ ਸਿੰਘ ਛਾਜਲਾ ਅਤੇ ਪ੍ਰੈੱਸ ਸਕੱਤਰ ਗੋਬਿੰਦਰ ਸਿੰਘ ਮੰਗਵਾਲ ਨੇ ਬਿਆਨ ਵਿੱਚ ਕਿਹਾ ਕਿ ਝੋਨੇ ਦਾ ਸੀਜ਼ਨ ਖ਼ਤਮ ਹੋਣ ਤੋਂ ਪਹਿਲਾਂ ਅਨਾਜ ਮੰਡੀਆਂ/ਖ਼ਰੀਦ ਕੇਂਦਰਾਂ ਨੂੰ ਬੰਦ ਕਰਨਾ ਨਿੰਦਣਯੋਗ ਅਤੇ ਕਿਸਾਨ ਵਿਰੋਧੀ ਫ਼ੈਸਲਾ ਹੈ ਜਿਸਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ ਕਿਉਂਕਿ ਅਜੇ ਤੱਕ ਕਰੀਬ 30 ਫੀਸਦੀ ਝੋਨੇ ਦੀ ਫ਼ਸਲ ਖੇਤਾਂ ਵਿਚ ਖੜ੍ਹੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 80 ਫੀਸਦੀ ਝੋਨੇ ਦੀ ਫ਼ਸਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕਿਸਾਨਾਂ ਨੇ ਤੀਜੀ ਵਾਰ ਝੋਨਾ ਲਗਾਇਆ ਸੀ ਜੋ ਕਿ ਫ਼ਸਲ ਦੇਰੀ ਨਾਲ ਪੱਕੀ ਹੈ ਅਤੇ ਅਜੇ ਵੱਢਣਯੋਗ ਹੈ। ਉਨ੍ਹਾਂ ਕਿਹਾ ਕਿ ਮੰਡੀਆਂ/ਖ਼ਰੀਦ ਕੇਂਦਰ ਝੋਨੇ ਦੀ ਫ਼ਸਲ ਨਾਲ ਭਰੇ ਪਏ ਹਨ ਅਤੇ ਸਰਕਾਰ ਨੇ ਮੰਡੀਆਂ/ਖ਼ਰੀਦ ਕੇਂਦਰ ਬੰਦ ਕਰਕੇ ਕਿਸਾਨਾਂ ਨੂੰ ਵੱਡੀ ਮੁਸੀਬਤ ਵਿਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੰਨ੍ਹਾਂ ਚਿਰ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ, ਉਦੋਂ ਤੱਕ ਅਨਾਜ ਮੰਡੀਆਂ/ਖ਼ਰੀਦ ਕੇਂਦਰ ਬੰਦ ਕਰਨ ਦੀ ਕੋਈ ਤੁਕ ਨਹੀਂ ਬਣਦੀ। ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਜਾਣ-ਬੁੱਝ ਕੇ ਕਿਸਾਨਾਂ ਨੂੰ ਖੱਜਲ-ਖੁਆਰ ਕਰਨਾ ਚਾਹੁੰਦੀ ਹੈ। ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਅਨਾਜ ਮੰਡੀਆਂ ਬੰਦ ਕਰਨ ਦਾ ਫੈਸਲਾ ਵਾਪਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਸਰਕਾਰ ਖ਼ਿਲਾਫ਼ ਵੱਡੇ ਸੰਘਰਸ਼ ਕੀਤੇ ਜਾਣਗੇ। ਉਧਰ, ਜ਼ਿਲ੍ਹਾ ਸੰਗਰੂਰ ਵਿਚ 120 ਅਨਾਜ ਮੰਡੀਆਂ/ਖ਼ਰੀਦ ਕੇਂਦਰ ਬੰਦ ਕਰ ਦਿੱਤੇ ਗਏ ਹਨ। ਜ਼ਿਲ੍ਹਾ ਮੰਡੀ ਦਫ਼ਤਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ’ਚ ਕੁੱਲ 255 ਅਨਾਜ ਮੰਡੀਆਂ/ਖ਼ਰੀਦ ਕੇਂਦਰਾਂ ’ਚੋ 120 ਬੰਦ ਕਰ ਦਿੱਤੀਆਂ ਹਨ ਜਿੰਨ੍ਹਾਂ ’ਚੋ 52 ਮੰਡੀਆਂ 11 ਨਵੰਬਰ ਨੂੰ ਅਤੇ 68 ਮੰਡੀਆਂ 12 ਨਵੰਬਰ ਨੂੰ ਬੰਦ ਕੀਤੀਆਂ ਹਨ।
ਲਹਿਰਾਗਾਗਾ (ਰਾਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਸੰਗਤਪੁਰਾ, ਲਹਿਲ ਕਲਾਂ, ਅਤੇ ਨੰਗਲਾ, ਡਸਕਾ ਆਦਿ ਵਿੱਚ ਅੱਜ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਕਿਸਾਨਾਂ ਨਾਲ ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਕਿਸਾਨ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਅੰਦਰ 510 ਖ਼ਰੀਦ ਕੇਂਦਰਾਂ ਦਾ ਭੋਗ ਪਾ ਰਹੀ ਹੈ। ਇਸ ਕਰਕੇ ਕਿਸਾਨਾਂ ਅੰਦਰ ਬੇਚੈਨੀ ਹੈ। ਸੱਤਾ ਵਿੱਚ ਆਉਣ ਤੋਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਪੰਜ ਮਿੰਟਾਂ ਵਿੱਚ ਸਾਰੀਆਂ ਫ਼ਸਲਾਂ ਤੇ ਐੱਮਐੱਸਪੀ ਦੇਣ ਦੇ ਵਾਅਦੇ ਕੀਤੇ ਜਾਂਦੇ ਰਹੇ ਸਨ ਪਰ ਸੱਤਾ ਹਾਸਲ ਕਰਨ ਮਗਰੋਂ ਪੰਜਾਬ ਦੀਆਂ ਮੰਡੀਆਂ ਨੂੰ ਹੀ ਹੂੰਝਾ ਫੇਰਨ ਦੀ ਕੋਸ਼ਿਸ਼ ਹੋ ਰਹੀ ਹੈ।
ਕਿਸਾਨਾਂ ਨੇ ਘਰਾਚੋਂ ’ਚ ਭਵਾਨੀਗੜ੍ਹ-ਸੁਨਾਮ ਮੁੱਖ ਮਾਰਗ ਜਾਮ ਕੀਤਾ
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਪੰਜਾਬ ਦੀਆਂ 510 ਮੰਡੀਆਂ ਨੂੰ ਬੰਦ ਕਰਨ ਵਿਰੁੱਧ ਤਿੱਖਾ ਰੋਸ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਭਵਾਨੀਗੜ੍ਹ-ਸੁਨਾਮ ਮੁੱਖ ਮਾਰਗ ’ਤੇ ਜਾਮ ਲਗਾਇਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਬਲਾਕ ਜਰਨਲ ਸਕੱਤਰ ਜਸਵੀਰ ਸਿੰਘ ਗੱਗੜਪੁਰ, ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਬਲਵਿੰਦਰ ਸਿੰਘ, ਅਮਨਦੀਪ ਸਿੰਘ ਮਹਿਲਾਂ ਚੌਕ, ਰਘਵੀਰ ਸਿੰਘ ਘਰਾਚੋਂ ਅਤੇ ਕੁਲਦੀਪ ਸਿੰਘ ਬਖੋਪੀਰ ਨੇ ਕਿਹਾ ਕਿ ਇਸ ਫੈਸਲੇ ਰਾਹੀਂ ਬਿਨਾਂ ਵਜ੍ਹਾ ਸੈਂਕੜੇ ਮੰਡੀਆਂ ’ਚ ਸਰਕਾਰੀ ਖ਼ਰੀਦ ਠੱਪ ਕਰਕੇ ਮਾਨ ਸਰਕਾਰ ਖੇਤੀ ਮੰਡੀਆਂ ਨੂੰ ਨਿੱਜੀ ਵਪਾਰੀਆਂ ਅਤੇ ਸਾਮਰਾਜੀ ਕਾਰਪੋਰੇਟਾਂ ਦੇ ਹਵਾਲੇ ਕਰਨ ਲਈ ਖੇਤੀ ਸੁਧਾਰ ਕਾਨੂੰਨਾਂ ਵਾਲੀ ਨੀਤੀ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿ ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਜਬਰੀ ਰੋਕ ਕੇ ਅਤੇ ਪਹਿਲਾਂ ਬਜਿਲੀ ਲੇਟ ਦੇਣ ਰਾਹੀਂ ਪਛੇਤਾ ਝੋਨਾ ਬੀਜਣ ਲਈ ਮਜਬੂਰ ਕੀਤੇ ਗਏ ਕਿਸਾਨਾਂ ਨੂੰ ਹੁਣ ਮੰਡੀਆਂ ਵਿੱਚ ਰੋਲ ਕੇ ਭਗਵੰਤ ਮਾਨ ਸਰਕਾਰ ਕਣਕ ਦੀ ਬਜਿਾਈ ਹੋਰ ਵੀ ਪਛੇਤੀ ਕਰ ਰਹੀ ਹੈ। ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਵਾਨੀ ਦਿੰਦਿਆਂ ਕਿਹਾ ਕਿ ਜੇਕਰ ਇਨ੍ਹਾਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਮੁੜ ਚਾਲੂ ਨਾ ਕੀਤੀ ਗਈ ਤਾਂ ਜਥੇਬੰਦੀ ਤਿੱਖਾ ਜਨਤਕ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ।