For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਸਰਕਾਰ ਦੇ ਜਬਰ ਖ਼ਿਲਾਫ਼ ਪ੍ਰਦਰਸ਼ਨ

05:30 AM Mar 29, 2025 IST
ਕਿਸਾਨਾਂ ਵੱਲੋਂ ਸਰਕਾਰ ਦੇ ਜਬਰ ਖ਼ਿਲਾਫ਼ ਪ੍ਰਦਰਸ਼ਨ
ਜਲੰਧਰ ਵਿੱਚ ਡੀਸੀ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ। -ਫੋਟੋ: ਸਰਬਜੀਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 28 ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਿਦਿਆਰਥੀ ਜਥੇਬੰਦੀਆਂ ਨੇ ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਅੱਗੇ ਪ੍ਰਦਰਸ਼ਨ ਕਰਕੇ ਦੇਸ਼ ਦੇ ਰਾਸ਼ਟਰਪਤੀ ਅਤੇ ਪੰਜਾਬ ਦੇ ਰਾਜਪਾਲ ਨੂੰ ਡੀਸੀ ਰਾਹੀਂ ਮੰਗ ਪੱਤਰ ਭੇਜਿਆ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਬੀਕੇਯੂ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕਿਸਾਨੀ ਸੰਘਰਸ਼ ਕਾਰਪੋਰੇਟ ਅਤੇ ਕੇਂਦਰ ਸਰਕਾਰ ਅੱਗੇ ਕੰਧ ਬਣ ਕੇ ਖੜ੍ਹਾ ਹੈ, ਜਿਸ ਨੂੰ ਕੇਂਦਰ ਤੇ ਕਾਰਪੋਰੇਟ ਦੇ ਇਸ਼ਾਰੇ ’ਤੇ ਭਗਵੰਤ ਸਰਕਾਰ ਢਹਿ ਢੇਰੀ ਕਰਨਾ ਚਾਹੁੰਦੀ ਹੈ। ਇਸ ਖ਼ਿਲਾਫ਼ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਛੋਟੇ ਸਨਅਤਕਾਰਾਂ ਨੂੰ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਜ਼ਰੂਰਤ ਹੈ।
ਆਗੂਆਂ ਨੇ ਕਿਹਾ ਕਿ ਪੁਲੀਸ ਵੱਲੋਂ ਵਰਤੀ ਜਾ ਰਹੀ ਅੰਨ੍ਹੀ ਤਾਕਤ ਨੂੰ ਨੱਥ ਪਾ ਕੇ ਲੋਕਾਂ ਦਾ ਸੰਘਰਸ਼ ਕਰਨ ਦਾ ਜਮਹੂਰੀ ਹੱਕ ਬਹਾਲ ਕੀਤਾ ਜਾਵੇ। ਉਨ੍ਹਾਂ ਗ੍ਰਿਫਤਾਰ ਕੀਤੇ ਆਗੂਆਂ ਨੂੰ ਜੇਲ੍ਹਾਂ ’ਚੋਂ ਬਿਨਾਂ ਸ਼ਰਤ ਰਿਹਾਅ ਕੀਤੇ ਜਾਣ ਨੂੰ ਅੱਜ ਦੇ ਸਾਂਝੇ ਸੰਘਰਸ਼ ਦੀ ਜਿੱਤ ਕਰਾਰ ਦਿੱਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਸਮੇਤ ਸਾਰਾ ਸਾਜ਼ੋ-ਸਾਮਾਨ ਵਾਪਸ ਕਰਨ, ਨੁਕਸਾਨੇ ਗਏ ਜਾਂ ਚੋਰੀ ਹੋਏ ਸਾਮਾਨ ਦੀ ਭਰਪਾਈ ਪੰਜਾਬ ਸਰਕਾਰ ਵੱਲੋਂ ਕਰਨ, ਕਿਸਾਨਾਂ-ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ ਕਰਨ, ਨਵਾਂ ਖੇਤੀ ਮਾਰਕੀਟਿੰਗ ਖਰੜਾ ਰੱਦ ਕਰਨ, ਪੇਂਡੂ ਖੇਤਰ ਵਿੱਚ ਬਿਜਲੀ ਦਰਾਂ ਵਿਚ ਕੀਤਾ ਵਾਧਾ ਵਾਪਸ ਲੈਣ, ਸਮਾਰਟ ਮੀਟਰ ਲਾਉਣ ਦਾ ਫੈਸਲਾ ਰੱਦ ਕਰਨ ਅਤੇ ਦੁਕਾਨਦਾਰਾਂ ਸਮੇਤ ਸਾਰਿਆਂ ਘਰਾਂ ਨੂੰ 300 ਯੂਨਿਟ ਘਰੇਲੂ ਬਿਜਲੀ ਮੁਆਫ਼ ਕਰਨ ਦੀ ਮੰਗ ਕੀਤੀ
ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਸੰਤੋਖ ਸਿੰਘ ਸੰਧੂ, ਸੁਰਿੰਦਰ ਸਿੰਘ ਕੰਦੋਲਾ, ਬੀਕੇਯੂ ਰਾਜੇਵਾਲ ਦੇ ਮੁਕੇਸ਼ ਚੰਦਰ ਰਾਣੀ ਭੱਟੀ, ਬੀਕੇਯੂ ਏਕਤਾ ਉਗਰਾਹਾਂ ਦੇ ਮੋਹਨ ਸਿੰਘ ਬੱਲ, ਜਮਹੂਰੀ ਕਿਸਾਨ ਸਭਾ ਦੇ ਜਸਵਿੰਦਰ ਸਿੰਘ ਢੇਸੀ, ਦੁਆਬਾ ਕਿਸਾਨ ਸੰਘਰਸ਼ ਕਮੇਟੀ ਦੇ ਬਲਵਿੰਦਰ ਸਿੰਘ ਮੱਲ੍ਹੀਨੰਗਲ ਤੇ ਹੋਰਾਂ ਨੇ ਵੀ ਸੰਬੋਧਨ ਕੀਤਾ।
ਤਰਨ ਤਾਰਨ (ਗੁਰਬਖਸ਼ਪੁਰੀ): ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਧਰਨਾ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਸਰਕਾਰੀ ਜਬਰ ਖਿਲਾਫ਼ ਸਾਂਝੇ ਤੌਰ ’ਤੇ ਸੰਘਰਸ਼ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ| ਜਥੇਬੰਦੀਆਂ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜਦੀਪ ਸਿੰਘ ਬਰਾੜ ਨੂੰ ਮੰਗ ਪੱਤਰ ਵੀ ਸੌਂਪਿਆ| ਧਰਨਾਕਾਰੀਆਂ ਨੂੰ ਕਿਸਾਨ-ਮਜਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ, ਜਨਰਲ ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਕੁੱਲ ਹਿੰਦ ਪੰਜਾਬ ਸਭਾ ਦੇ ਸੂਬਾ ਆਗੂ ਮਹਾਂਵੀਰ ਸਿੰਘ ਗਿੱਲ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਪਰਗਟ ਸਿੰਘ ਜਾਮਾਰਾਏ ਤੇ ਹੋਰਾਂ ਨੇ ਸੰਬੋਧਨ ਕੀਤਾ।
ਗੁਰਦਾਸਪੁਰ (ਕੇਪੀ ਸਿੰਘ): ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੇ ਅੱਜ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਅਤੇ ਡੀਸੀ ਨੂੰ ਮੰਗ ਪੱਤਰ ਸੌਂਪਿਆ। ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਕਿਸਾਨ ਗੁਰੂ ਨਾਨਕ ਪਾਰਕ ਵਿੱਚ ਇਕੱਤਰ ਹੋਏ। ਇਸ ਮੌਕੇ ਤਰਲੋਕ ਸਿੰਘ ਬਹਿਰਾਮਪੁਰ, ਮੱਖਣ ਸਿੰਘ ਕੁਹਾੜ, ਦਿਲਬਾਗ ਸਿੰਘ ਡੋਗਰ, ਗੁਲਜ਼ਾਰ ਸਿੰਘ ਸੰਤ ਕੋਟ, ਨਰਿੰਦਰ ਸਿੰਘ ਰੰਧਾਵਾ ਨੇ ਸੰਬੋਧਨ ਕੀਤਾ।

Advertisement

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਕਿਸਾਨ ਮੋਰਚਿਆਂ ’ਤੇ ਪੁਲੀਸ ਵੱਲੋਂ ਕੀਤੇ ਗਏ ਜਬਰ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ 15 ਕਿਸਾਨ ਤੇ ਜਨਤਕ ਜਥੇਬੰਦੀਆਂ ਵੱਲੋਂ ਅੱਜ ਇੱਥੇ ਡੀਸੀ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੁਜ਼ਾਹਰੇ ਨੂੰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ ਅਜਨਾਲਾ, ਜਤਿੰਦਰ ਸਿੰਘ ਛੀਨਾ, ਬਘੇਲ ਸਿੰਘ, ਬਲਵਿੰਦਰ ਸਿੰਘ ਦੁਧਾਲਾ, ਧਨਵੰਤ ਸਿੰਘ ਖਤਰਾਏ ਕਲਾਂ, ਸੁੱਚਾ ਸਿੰਘ ਅਜਨਾਲਾ ਅਤੇ ਗੁਰਦੇਵ ਸਿੰਘ ਵਰਪਾਲ ਨੇ ਸੰਬੋਧਨ ਕੀਤਾ।

Advertisement
Advertisement

ਅੰਮ੍ਰਿਤਸਰ ਡੀਸੀ ਦਫ਼ਤਰ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਵਿਸ਼ਾਲ ਕੁਮਾਰ

ਆਗੂਆਂ ਨੇ ਕਿਹਾ ਕਿ ਜਿਹੜੇ ਕਿਸਾਨ ਜੇਲ੍ਹਾਂ ਤੋਂ ਰਿਹਾਅ ਕੀਤੇ ਗਏ ਹਨ, ਇਹ ਸੰਯੁਕਤ ਕਿਸਾਨ ਮੋਰਚੇ ਤੇ ਹੋਰ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਦਬਾਅ ਦਾ ਹੀ ਸਿੱਟਾ ਹੈ। ਆਗੂਆਂ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਨੂੰ ਕੋਈ ਵੀ ਘੋਲ ਆਰੰਭਣ ਵੇਲੇ ਦੇਸ਼ ਦੇ ਮਾਹੌਲ ਤੇ ਮੌਕੇ ਅਨੁਸਾਰ ਨੀਤੀ ਬਣਾਉਣ ਦੀ ਲੋੜ ਹੈ। ਰੋਸ ਪ੍ਰਦਰਸ਼ਨ ਦੌਰਾਨ ਡੀਸੀ ਵੱਲੋਂ ਏਡੀਸੀ ਜਯੋਤੀ ਬਾਲਾ ਨੇ ਮੰਗ ਪੱਤਰ ਪ੍ਰਾਪਤ ਕੀਤਾ। ਇੱਕ ਮੰਗ ਪੱਤਰ ਪੰਜਾਬ ਦੇ ਰਾਜਪਾਲ ਤੇ ਦੂਜਾ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਦਿੱਤਾ ਗਿਆ। ਇਸ ਮੌਕੇ ਰਤਨ ਸਿੰਘ ਰੰਧਾਵਾ, ਸਤਨਾਮ ਸਿੰਘ ਝੰਡੇਰ, ਮੁਖਤਾਰ ਸਿੰਘ ਮੁਹਾਵਾ, ਅਮਰੀਕ ਸਿੰਘ ਸੰਗਤਪੁਰਾ, ਸੁੱਚਾ ਸਿੰਘ ਧੌਲ ਤੇ ਹੋਰਾਂ ਨੇ ਵੀ ਵਿਚਾਰ ਸਾਂਝੇ ਕੀਤੇ।

ਕਿਸਾਨਾਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ

ਹੁਸ਼ਿਆਰਪੁਰ (ਜਗਜੀਤ ਸਿੰਘ): ਕਿਸਾਨਾਂ ’ਤੇ ਕੀਤੇ ਗਏ ਜਬਰ ਅਤੇ ਕਿਸਾਨੀ ਮੰਗਾਂ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਇੱਥੇ ਹੁਸ਼ਿਆਰਪੁਰ ਵਿੱਚ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਰਾਜਪਾਲ ਅਤੇ ਦੇਸ਼ ਨੂੰ ਰਾਸ਼ਟਰਪਤੀ ਮੰਗ ਪੱਤਰ ਭੇਜੇ ਗਏ।ਇਸ ਮੌਕੇ ਬੁਲਾਰਿਆਂ ਨੇ ਕਿਸਾਨਾਂ ਨੂੰ ਇਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰ ਕਿਸਾਨ ਵਿਰੋਧੀ ਹੋ ਨਿੱਬੜੀ ਹੈ ਅਤੇ ਜਬਰ ’ਤੇ ਉੱਤਰ ਆਈ ਹੈ। ਐੱਸਕੇਐੱਮ ਦੇ ਮੈਂਬਰ ਜੰਗਵੀਰ ਸਿੰਘ ਚੌਹਾਨ, ਹਰਬੰਸ ਸਿੰਘ ਸੰਘਾ, ਕੁੱਲ ਹਿੰਦ ਕਿਸਾਨ ਸਭਾ ਦੇ ਦਰਸ਼ਨ ਸਿੰਘ ਮੱਟੂ, ਜਮਹੂਰੀ ਕਿਸਾਨ ਸਭਾ ਕੁਲਭੂਸ਼ਨ, ਕਿਰਤੀ ਕਿਸਾਨ ਯੂਨੀਅਨ ਦੇ ਹਰਮੇਸ਼ ਸਿੰਘ ਢੇਸੀ, ਬੀਕੇਯੂ ਕਾਦੀਆਂ ਵੱਲੋਂ ਸੱਤਪਾਲ ਡਡਿਆਣਾ, ਬੀਕੇਯੂ ਉਗਰਾਹਾਂ ਵੱਲੋਂ ਰਜਿੰਦਰ ਸਿੰਘ ਤੇ ਬੀਕੇਯੂ ਦੋਆਬਾ ਵੱਲੋਂ ਮਨਜੀਤ ਸਿੰਘ ਰਾਏ ਨੇ ਮੰਗ ਕੀਤੀ ਕਿ ਕਿਸਾਨੀ ਧਰਨਿਆਂ ਤੋਂ ਕਿਸਾਨਾਂ ਦਾ ਚੁੱਕਿਆ ਸਾਮਾਨ ਵਾਪਸ ਕੀਤਾ ਜਾਵੇ। ਧਰਨੇ ਦੌਰਾਨ ਜੇਲ੍ਹ ਤੋਂ ਰਿਹਾਅ ਹੋ ਕੇ ਆਏ ਕਿਸਾਨ ਆਗੂ ਮਨਜੀਤ ਸਿੰਘ ਰਾਏ ਦਾ ਸਨਮਾਨ ਕੀਤਾ ਗਿਆ।

ਕਿਸਾਨਾਂ ’ਤੇ ਕੀਤੇ ਗਏ ਤਸ਼ੱਦਦ ਦੀ ਨਿਖੇਧੀ
ਨਵਾਂਸ਼ਹਿਰ (ਲਾਜਵੰਤ ਸਿੰਘ): ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਕਿਸਾਨਾਂ ’ਤੇ ਕੀਤੇ ਗਏ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਨੇ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਇਸ ਨਾਲ ਆਮ ਆਦਮੀ ਪਾਰਟੀ ਦਾ ਕਿਸਾਨ ਵਿਰੋਧੀ ਤੇ ਲੋਕ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਅੱਜ ਦੇ ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ, ਸੂਬਾ ਕਮੇਟੀ ਮੈਂਬਰ ਭਪਿੰਦਰ ਸਿੰਘ ਵੜੈਚ, ਰਣਜੀਤ ਸਿੰਘ ਰਟੈਂਡਾ ਅਤੇ ਹੋਰਾਂ ਨੇ ਸੰਬੋਧਨ ਕੀਤਾ।

Advertisement
Author Image

Gurpreet Singh

View all posts

Advertisement