ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
ਪੱਤਰ ਪ੍ਰੇਰਕ
ਭੁੱਚੋ ਮੰਡੀ, 28 ਜੂਨ
ਪਿੰਡ ਗਿੱਦੜ ਦੀਆਂ ਤਿੰਨ ਕਿਸਾਨ ਜਥੇਬੰਦੀਆਂ ਵੱਲੋਂ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਹੋਏ ਹਾੜ੍ਹੀ ਦੀਆਂ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਲੈਣ ਲਈ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਦੀ ਕੋਠੀ ਅੱਗੇ ਚੱਲ ਰਿਹਾ ਪੱਕਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇੱਕ ਮਹੀਨੇ ਤੋਂ ਲਗਾਤਾਰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਕੋਈ ਸੁਣਵਾਈ ਨਾ ਹੋਣ ਕਾਰਨ ਰੋਹ ਵਿੱਚ ਆਏ ਕਿਸਾਨਾਂ ਨੇ ਅੱਜ ਮੋਰਚੇ ਦੌਰਾਨ ਪਿੰਡ ਵਿੱਚ ਰੋਸ ਮੁਜ਼ਾਹਰਾ ਕੀਤਾ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨਾਂ ਅਤੇ ਬੀਬੀਆਂ ਨੇ ਸਰਕਾਰ ਦੀ ਬੇਰੁਖੀ ਖ਼ਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਸੁਣਵਾਈ ਨਾ ਹੋਣ ‘ਤੇ ਸਰਕਾਰ ਵਿਰੁੱਧ ਹਰ ਦਿਨ ਨਵਾਂ ਐਕਸ਼ਨ ਕੀਤਾ ਜਾਵੇਗਾ। ਇਸ ਮੌਕੇ ਭਾਕਿਯੂ ਉਗਰਾਹਾਂ ਦੇ ਸੂਬਾ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਬਜਾਇ ਉਨ੍ਹਾਂ ਦੇ ਜ਼ਖ਼ਮਾਂ ‘ਤੇ ਇਹ ਕਹਿ ਕੇ ਲੂਣ ਛਿੜਕ ਰਹੀ ਹੈ ਕਿ ਇਸ ਵਾਰ ਮੰਡੀਆਂ ਵਿੱਚ ਕਣਕ ਦੀ ਆਮਦ ਪਿਛਲੇ ਸਾਲਾਂ ਦੇ ਮੁਕਾਬਲੇ ਵੱਧ ਹੋਈ ਹੈ। ਜਿਨ੍ਹਾਂ ਪਟਵਾਰੀਆਂ ਨੇ ਹਾੜ੍ਹੀ ਦੀ ਫ਼ਸਲ ਦੇ ਖ਼ਰਾਬੇ ਦੀ ਗ਼ਲਤ ਗਿਰਦਾਵਰੀ ਕੀਤੀ ਗਈ ਹੈ, ਉਨ੍ਹਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗ਼ਲਤ ਗਿਰਦਾਵਰੀ ਆਮ ਆਦਮੀ ਪਾਰਟੀ ਦੇ ਚਹੇਤਿਆਂ ਵੱਲੋਂ ਕਰਵਾਈ ਗਈ ਹੈ। ਅਸੀਂ ਉਸ ਦੇ ਮੁਆਵਜ਼ੇ ਦੀ ਮੰਗ ਨਹੀਂ ਕਰ ਰਹੇ। ਇਸ ਮੌਕੇ ਭਾਕਿਯੂ ਡਕੌਂਦਾ ਦੇ ਬਲਾਕ ਪ੍ਰਧਾਨ ਬੂਟਾ ਸਿੰਘ, ਉਗਰਾਹਾਂ ਦੇ ਬਲਾਕ ਪ੍ਰਧਾਨ ਹੁਸ਼ਿਆਰ ਸਿੰਘ, ਮੀਤ ਪ੍ਰਧਾਨ ਲਖਵੀਰ ਸਿੰਘ ਬੀਰਾ ਤੇ ਸਿੱਧੂਪੁਰ ਦੇ ਭਰਪੂਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੀ ਸੰਬੋਧਨ ਕੀਤਾ।