ਕੈਪਟਨ ਦੇ ਮਹਿਲ ਤੇ ਸਿਹਤ ਮੰਤਰੀ ਦੀ ਕੋਠੀ ਬਾਹਰ ਕਿਸਾਨ ਧਰਨੇ ਜਾਰੀ
ਸਰਬਜੀਤ ਸਿੰਘ ਭੰਗੂ
ਪਟਿਆਲਾ, 12 ਸਤੰਬਰ
32 ਕਿਸਾਨ ਜਥੇਬੰਦੀਆਂ ਦੇ ਸੰਗਠਨ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ਾ ਯਕੀਨੀ ਬਣਵਾਉਣ ਲਈ ਪੰਜਾਬ ਦੇ ਮੰਤਰੀਆਂ ਅਤੇ ਭਾਜਪਾ ਦੇ ਆਗੂਆਂ ਦੇ ਘਰਾਂ ਦਾ ਘਿਰਾਓ ਕਰਨ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਪਟਿਆਲਾ ਸ਼ਹਿਰ ਵਿਚ ਅੱਜ ਦੂਜੇ ਦਿਨ ਵੀ ਦੋ ਥਾਂਈਂ ਧਰਨੇ ਜਾਰੀ ਰਹੇ। ਇਨ੍ਹਾਂ ਵਿੱਚੋਂ ਇੱਕ ਧਰਨਾ ਭਾਜਪਾ ਦੇ ਪ੍ਰਮੁੱਖ ਆਗੂ ਵਜੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਨਿਊ ਮੋਤੀ ਬਾਗ ਪੈਲੇਸ’ ਦੇ ਬਾਹਰ ਲਾਇਆ ਗਿਆ ਹੈ। ਇਹ ਧਰਨੇ 13 ਸਤੰਬਰ ਤੱਕ ਜਾਰੀ ਰਹਿਣਗੇ।
ਮੋਤੀ ਮਹਿਲ ਦੇ ਬਾਹਰ ਲੱਗੇ ਇਸ ਧਰਨੇ ’ਚ ਅੱਧੀ ਦਰਜਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਮੋਰਚੇ ਸੰਭਾਲ਼ੇ ਹੋਏ ਹਨ। ਇਨ੍ਹਾਂ ਵਿੱਚ ਭਾਰਤੀ ਕਿਸਾਨ ਮੰਚ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਿਨਾਮ ਸਿੰਘ ਬਹਿਰੂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਦਿੱਤੂਪੁਰ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਕੁਲਵੰਤ ਸਿੰਘ ਮੌਲਵੀਵਾਲ਼ਾ, ਜਮਹੂਰੀ ਕਿਸਾਨ ਸਭਾ ਦੇ ਆਗੂ ਕਾਮਰੇਡ ਹਰੀ ਸਿੰਘ ਦੌਣ ਕਲਾਂ ਤੇ ਆਲ ਇੰਡੀਆ ਕਿਸਾਨ ਸਭਾ (ਪੁੰਨੇਵਾਲ) ਦੇ ਆਗੂ ਕਾਮਰੇਡ ਧਰਮਪਾਲ ਸੀਲ ਆਦਿ ਦੇ ਨਾਮ ਸ਼ਾਮਲ ਹਨ। ਬੁਲਾਰਿਆਂ ਵੱਲੋਂ ਹੜ੍ਹਾਂ ਦੌਰਾਨ ਹੋਏ ਫਸਲੀ ਨੁਕਸਾਨ ਦੀ ਭਰਪਾਈ ਲਈ ਦੋਵਾਂ ਹਕੂਮਤਾਂ ਤੋਂ ਫੌਰੀ ਤੌਰ ’ਤੇ ਮੁਆਵਜ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਕਿਰਸਾਨੀ ਨਾਲ਼ ਸਬੰਧਤ ਕਈ ਹੋਰ ਮਸਲੇ ਵੀ ਉਭਾਰੇ ਗਏ।
ਉਧਰ ਦੂਜਾ ਧਰਨਾ ਇੱਥੇ ਪਾਸੀ ਰੋਡ ’ਤੇ ਸਥਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਰਿਹਾਇਸ਼ ਨੇੜੇ ਲੱਗਿਆ ਹੋਇਆ ਹੈ। ਭਾਵੇਂ ਕਿ ਇਹ ਸਾਂਝਾ ਪ੍ਰੋਗਰਾਮ ਹੀ ਹੈ ਪਰ ਸਿਹਤ ਮੰਤਰੀ ਦੀ ਰਿਹਾਇਸ਼ ਬਾਹਰ ਅੱਗੇ ਧਰਨੇ ’ਚ ਮੁੱਖ ਤੌਰ ’ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨਾਲ਼ ਸਬੰਧਤ ਕਿਸਾਨ ਹੀ ਸ਼ਾਮਲ ਹਨ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਇਸ ਧਰਨੇ ’ਚ ਜਗਮੇਲ ਸੁੱਧੇਵਾਲ਼, ਗੁਰਬਚਨ ਕਨਸੂਆ, ਸਰਬਜੀਤ ਭੜੀ, ਮੁਖਤਿਆਰ ਸਿੰਘ ਕੱਕੇਪੁਰ, ਸਤਵੰਤ ਸਿੰਘ ਧਬਲਾਨ ਤੇ ਜਗਮੇਲ ਸਿੰਘ ਸਸਗੁੱਜਰਾਂ ਸਮੇਤ ਕਈ ਹੋਰ ਆਗੂਆਂ ਨੇ ਵੀ ਵਿਚਾਰ ਰੱਖੇ।
ਇਸੇ ਦੌਰਾਨ ਇਨ੍ਹਾਂ ਧਰਨਿਆਂ ਵਿੱਚ ਸ਼ਾਮਲ ਕਿਸਾਨ ਰਾਸ਼ਨ ਪਾਣੀ ਨਾਲ ਲੈ ਕੇ ਆਏ ਹਨ ਜਦਕਿ ਦੁੱਧ ਪਿੰਡਾਂ ਵਿੱਚੋਂ ਆ ਰਿਹਾ ਹੈ। ਧਰਨਿਆਂ ਵਾਲੀ ਥਾਂ ’ਤੇ ਹੀ ਕਿਸਾਨਾਂ ਵੱਲੋਂ ਲੰਗਰ ਤਿਆਰ ਕੀਤਾ ਜਾ ਰਿਹਾ ਹੈ। ਬੁਲਾਰਿਆਂ ਦਾ ਕਹਿਣਾ ਸੀ ਕਿ ਜੇਕਰ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਪੈਕੇਜ ਨਾ ਐਲਾਨਿਆ ਤਾਂ ‘ਸੰਯੁਕਤ ਕਿਸਾਨ ਮੋਰਚਾ ਪੰਜਾਬ’ ਦੀ 13 ਸਤੰਬਰ ਦੀ ਮੀਟਿੰਗ ’ਚ ਸੰਘਰਸ਼ ਦੀ ਅਗਲੀ ਰੂਪ ਰੇਖਾ ਤੈਅ ਕੀਤੀ ਜਾਵੇਗੀ।
ਮੁੱਖ ਮੰਤਰੀ ਦੀ ਕੋਠੀ ਅੱਗੇ ਦੂਜੇ ਦਿਨ ਵੀ ਗਰਜੇ ਕਿਸਾਨ
ਸੰਗਰੂਰ (ਗੁਰਦੀਪ ਸਿੰਘ ਲਾਲੀ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੈਂਕੜੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਤਿੰਨ ਰੋਜ਼ਾ ਮੋਰਚੇ ਦੇ ਦੂਜੇ ਦਿਨ ਵੀ ਭਰਵੀਂ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੂਜੇ ਦਿਨ ਸੰਯੁਕਤ ਕਿਸਾਨ ਮੋਰਚੇ ਦੇ ਸੂਬਾਈ ਆਗੂਆਂ ’ਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਭਾਕਿਯੂ (ਡਕੌਦਾ-ਧਨੇਰ) ਦੇ ਸੂਬਾ ਆਗੂ ਮਨਜੀਤ ਧਨੇਰ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੂੰਨਾਂਵਾਲ, ਭਾਕਿਯੂ (ਡਕੌਦਾ) ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖ਼ਪੁਰਾ, ਕੁੱਲ ਹਿੰਦ ਕਿਸਾਨ ਸਭਾ (ਅਜੇ ਭਵਨ) ਦੇ ਸੂਬਾ ਆਗੂ ਹਰਦੇਵ ਸਿੰਘ ਬਖਸ਼ੀਵਾਲਾ , ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ ਨੇ ਸੰਬੋਧਨ ਕੀਤਾ।