ਡੀਏਪੀ ਖਾਦ ਦੀ ਘਾਟ ਕਾਰਨ ਕਿਸਾਨਾਂ ’ਚ ਰੋਸ
ਪ੍ਰਭੂ ਦਿਆਲ
ਸਿਰਸਾ, 12 ਨਵੰਬਰ
ਡੀਏਪੀ ਖਾਦ ਦੀ ਘਾਟ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਸਿਰਸਾ-ਡੱਬਵਾਲੀ ਰੋਡ ਜਾਮ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਦੋਸ਼ ਲਾਇਆ ਕਿ ਅਧਿਕਾਰੀ ਖਾਦ ਦੀ ਕਮੀ ਨਾ ਹੋਣ ਦੇ ਦਾਅਵਾ ਕਰ ਰਹੇ ਹਨ ਜੋ ਖੋਖਲੇ ਸਾਬਤ ਹੋ ਰਹੇ ਹਨ ਜਦਕਿ ਕਿਸਾਨ ਪਿਛਲੇ ਇੱਕ ਮਹੀਨੇ ਤੋਂ ਖਾਦ ਲੈਣ ਲਈ ਖਜਲ ਖੁਆਰ ਹੋ ਰਹੇ ਹਨ। ਖਾਦ ਨਾ ਮਿਲਣ ਕਾਰਨ ਕਣਕ ਦੀ ਬਿਜਾਈ ਪਛੜਣ ਦਾ ਖ਼ਦਸ਼ਾ ਪੈਦਾ ਹੈ। ਡੀਏਪੀ ਖਾਦ ਨਾ ਮਿਲਣ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਅੱਜ ਸਿਰਸਾ ਡੱਬਵਾਲੀ ਰੋਡ ’ਤੇ ਜਾਮ ਲਾ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਕਿਹਾ ਕਿ ਸਰਕਾਰ ਤੇ ਪ੍ਰਸ਼ਾਸਨ ਦੀ ਉਦਾਸੀਨਤਾ ਕਾਰਨ ਕਿਸਾਨਾਂ ਨੂੰ ਡੀਏਪੀ ਲੈਣ ਲਈ ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਤੇ ਪ੍ਰਸ਼ਾਸਨ ਨੂੰ ਪਤਾ ਹੈ ਕਿ ਕਣਕ ਤੇ ਸਰ੍ਹੋਂ ਦੀ ਬਿਜਾਈ ਲਈ ਡੀਏਪੀ ਖਾਦ ਦੀ ਲੋੜ ਹੈ ਤਾਂ ਉਨ੍ਹਾਂ ਨੇ ਸਮਾਂ ਰਹਿੰਦਿਆਂ ਖਾਦ ਦਾ ਸਟਾਕ ਪੂਰਾ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਜਾਣਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਜਾਮ ਲੱਗਣ ਦੀ ਸੂਚਨਾ ਮਿਲਣ ਮਗਰੋਂ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਮ ਖੁੱਲ੍ਹਵਾਉਣ ਦੀ ਕੋਸ਼ਿਸ਼ ਕੀਤੀ ਪਰ ਕਾਫੀ ਦੇਰ ਤੱਕ ਕਿਸਾਨ ਆਪਣੀ ਮੰਗ ’ਤੇ ਬਾਜ਼ਿਦ ਰਹੇ। ਰੋਡ ਜਾਮ ਕੀਤੇ ਜਾਣ ਕਾਰਨ ਰਾਹਗੀਰਾਂ ਨੂੰ ਕਾਫੀ ਦੇਰ ਤੱਕ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ’ਤੇੇ ਪਹੁੰਚ ਕੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਕਿਸਾਨਾਂ ਨੂੰ ਲੋੜ ਮੁਤਾਬਕ ਡੀਏਪੀ ਖਾਦ ਮੁਹੱਈਆ ਕਰਵਾਈ ਜਾਵੇਗੀ।