ਕਿਸਾਨ ਵਰ੍ਹਦੇ ਮੀਂਹ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਗਰਜੇ
ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਦਸੰਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸੈਂਕੜੇ ਕਿਸਾਨਾਂ ਵਲੋਂ ਸਾਰੀਆਂ ਫਸਲਾਂ ਦੀ ਐੱਮਐੱਸਪੀ ਅਤੇ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਲਈ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਹੱਕ ਅਤੇ ਹੋਰ ਮੰਗਾਂ ਮੰਨਵਾਉਣ ਲਈ ਕੇਂਦਰ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ। ਇਸ ਦੌਰਾਨ ਰੈਲੀ ਮਗਰੋਂ ਅਨਾਜ ਮੰਡੀ ਤੋਂ ਲੈ ਕੇ ਭਗਵਾਨ ਮਹਾਂਵੀਰ ਚੌਕ ਤੱਕ ਰੋਸ ਮਾਰਚ ਵੀ ਕੀਤਾ ਗਿਆ ਤੇ ਕਿਸਾਨਾਂ ਨੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਏਡੀਸੀ ਅਮਿਤ ਬੈਂਬੀ ਨੂੰ ਮੰਗ ਪੱਤਰ ਸੌਂਪਿਆ।
ਜਾਣਕਾਰੀ ਅਨੁਸਾਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਸੈਂਕੜੇ ਕਿਸਾਨ ਅਨਾਜ ਮੰਡੀ ’ਚ ਇਕੱਠੇ ਹੋਏ ਜਿਥੇ ਰੋਸ ਰੈਲੀ ਕੀਤੀ ਗਈ। ਜਦੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਕੋਈ ਪ੍ਰਸ਼ਾਸਨਿਕ ਅਧਿਕਾਰੀ ਮੰਗ ਪੱਤਰ ਲੈਣ ਨਾ ਪੁੱਜਿਆ ਤਾਂ ਕਿਸਾਨ ਰੋਸ ਮਾਰਚ ਕਰਦੇ ਹੋਏ ਸੰਗਰੂਰ-ਲੁਧਿਆਣਾ ਰਾਜ ਮਾਰਗ ’ਤੇ ਸਥਿਤ ਭਗਵਾਨ ਮਹਾਂਵੀਰ ਚੌਕ ਪੁੱਜ ਗਏ ਜਿਥੇ ਆਵਾਜਾਈ ਠੱਪ ਕਰ ਦਿੱਤੀ। ਰੈਲੀ ਨੂੰ ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਭਾਕਿਯੂ ਡਕੌਦਾ ਬੁਰਜ ਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਂਵਾਲ, ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਬਲਦੇਵ ਸਿੰਘ ਨਿਹਾਲਗੜ੍ਹ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾਕਿਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਊਧਮ ਸਿੰਘ ਸੰਤੋਖਪੁਰਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਇਨ੍ਹਾਂ ਮੰਗਾਂ ’ਤੇ ਦੇਸ਼ ਪੱਧਰੀ ਇਕਜੁੱਟਤਾ ਬਣਾ ਕੇ ਲੜਾਈ ਲੜਨ ਦੀ ਲੋੜ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਏਡੀਸੀ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਕਿਸਾਨ ਜਥੇਬੰਦੀਆਂ ਨਾਲ ਗੱਲ ਕਰਕੇ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ, ਦਿੱਲੀ ਵੱਲ ਮਾਰਚ ਕਰ ਰਹੇ ਕਿਸਾਨਾਂ ’ਤੇ ਜਬਰ ਬੰਦ ਕੀਤਾ ਜਾਵੇ, ਜ਼ਮੀਨ ਐਕੁਆਇਰ ਕਰਨ ਦਾ ਵਿਰੋਧ ਕਰ ਰਹੇ ਗ੍ਰੇਟਰ ਨੋਇਡਾ ਦੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕੀਤਾ ਜਾਵੇ, ਰਾਸ਼ਟਰੀ ਖੇਤੀ ਮੰਡੀ ਨੀਤੀ ਦੇ ਖਰੜੇ ਨੂੰ ਵਾਪਸ ਲਿਆ ਜਾਵੇ, ਕਿਸਾਨ ਜਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰਕੇ 9 ਦਸੰਬਰ 2021 ਦੇ ਸਮਝੌਤੇ ਅਨੁਸਾਰ ਸਾਰੇ ਬਕਾਇਆ ਮੁੱਦਿਆਂ ਨੂੰ ਹੱਲ ਕੀਤਾ ਜਾਵੇ। ਇਸ ਮੌਕੇ ਬੀਕੇਯੂ ਕਾਦੀਆਂ ਦੇ ਆਗੂ ਹਰਬੰਸ ਸਿੰਘ ਜਵੰਦਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਨਵਾਂਗਾਉਂ ਤੇ ਕਿਸਾਨ ਆਗੂ ਅਮਰੀਕ ਸਿੰਘ ਗੰਢੂਆਂ ਆਦਿ ਨੇ ਸੰਬੋਧਨ ਕੀਤਾ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਸੰਯੁਕਤ ਕਿਸਾਨ ਮੋਰਚਾ ਮਾਲੇਰਕੋਟਲਾ ਵੱਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਬੀਕੇਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਰੁਪਿੰਦਰ ਸਿੰਘ ਚੌਦਾਂ, ਬੀਕੇਯੂ ( ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਸਿੰਘ ਚੌਦਾਂ, ਬੀਕੇਯੂ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਬੂਟਾ ਖਾਂ ਸੰਘੈਣ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਬਹਾਦੁਰ ਸਿੰਘ ਮਹੋਲੀ ਦੀ ਸਾਂਝੀ ਅਗਵਾਈ ਹੇਠ ਕਿਸਾਨੀ ਮੰਗਾਂ ਨੂੰ ਕੇ ਧਰਨਾ ਦੇਣ ਉਪਰੰਤ ਸਹਾਇਕ ਕਮਿਸ਼ਨਰ ਗੁਰਮੀਤ ਰਾਮ ਬਾਂਸਲ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ।
ਕਿਸਾਨਾਂ ਲਈ ਦਿੱਲੀ ਦੇ ਰਾਹ ਖੋਲ੍ਹਣ ’ਤੇ ਜ਼ੋਰ
ਪਟਿਆਲਾ, 23 ਦਸੰਬਰ (ਸਰਬਜੀਤ ਸਿੰਘ ਭੰਗੂ): ਕਿਸਾਨੀ ਮੰਗਾਂ ਮੰਨਵਾਉਣ ਅਤੇ ਢਾਬੀ ਗੁੱਜਰਾਂ ਬਾਰਡਰ ’ਤੇ 28 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ‘ਸੰਯੁਕਤ ਕਿਸਾਨ ਮੋਰਚਾ’ ਦੇ ਕੌਮੀ ਸੱਦੇ ’ਤੇ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਨੇ ਅੱਜ ਇਥੇ ਡੀਸੀ ਦਫ਼ਤਰਾਂ ਅੱਗੇ ਧਰਨਾ ਦਿੱਤਾ ਦਿੱਤਾਇਸ ਪ੍ਰੋਗਰਾਮ ਨੂੰ ਕਿਸਾਨਾਂ ਨੇ ਮੀਂਹ ਦੇ ਬਾਵਜੂਦ ਵੀ ਅੰਜਾਮ ਦਿੱਤਾ ਤੇ ਕੇਂਦਰ ਖ਼ਿਲਾਫ਼ ਪਿੱਟ ਸਿਆਪਾ ਕੀਤਾ ਗਿਆ। ਇਸ ਦੌਰਾਨ ਧਰਨੇ ਨੂੰ ਮੋਰਚੇ ਦੇ ਸੂਬਾਈ ਆਗੂ ਰਾਮਿੰਦਰ ਸਿੰਘ ਪਟਿਆਲਾ, ਧਰਮਪਾਲ ਸੀਲ, ਬਲਰਾਜ ਜੋਸ਼ੀ, ਗੁਰਮੀਤ ਦਿੱਤੂਪੁਰ, ਹਰਿੰਦਰ ਲਾਖਾ, ਇਕਬਾਲ ਮੰਡੌਲੀ, ਦਵਿੰਦਰ ਪੂਨੀਆ, ਜਗਮੇਲ ਸੁੱਧੇਵਾਲ, ਗੁਲਜ਼ਾਰ ਸਿੰਘ ਸਲੇਮਪੁਰ, ਦਰਸ਼ਨ ਬੇਲੂਮਾਜਰਾ, ਪਵਨ ਸੋਗਲਪੁਰ, ਲਸ਼ਕਰ ਸਿੰਘ ਤੇ ਬੂਟਾ ਸਿੰਘ ਆਦਿ ਨੇ ਸੰਬੋਧਨ ਕੀਤਾ। ਇਸ ਦੌਰਾਨ ਬੁਲਾਰਿਆਂ ਨੇ ਦਿੱਲੀ ਜਾ ਰਹੇ ਕਿਸਾਨਾਂ ਦੇ ਰਾਹ ਨੂੰ ਖੋਲ੍ਹਣ ’ਤੇ ਵੀ ਜ਼ੋਰ ਦਿੱਤਾ। ਇਸ ਉਪਰੰਤ ਡੀਸੀ ਦਫਤਰ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਵੀ ਦਿੱਤਾ ਗਿਆ।