ਕਿਸਾਨੀ ਰੋਸ: ਦਿੱਲੀ-ਚੰਡੀਗੜ੍ਹ ਹਾਈਵੇਅ ਦੇ ਦੱਪਰ ਟੌਲ ਪਲਾਜ਼ਾ ’ਤੇ ਲੰਬਾ ਜਾਮ
ਚੰਡੀਗੜ੍ਹ, 13 ਅਕਤੂਬਰ
Protest on Delhi Chandigarh Highway: ਚੰਡੀਗੜ੍ਹ-ਦਿੱਲੀ ਹਾਈਵੇਅ ’ਤੇ ਲਾਲੜੂ ਨੇੜੇ ਦੱਪਰ ਟੌਲ ਪਲਾਜ਼ਾ ’ਤੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਪ੍ਰਦਰਸ਼ਨ ਕੀਤਾ ਅਤੇ ਸੜਕ ਜਾਮ ਕਰ ਦਿੱਤੀ। ਇਸ ਧਰਨੇ ਕਾਰਨ ਵੱਡੀ ਗਿਣਤੀ ਵਾਹਨ ਚਾਲਕ ਜਾਮ ਵਿੱਚ ਫਸ ਗਏ ਜਿਸ ਕਾਰਨ ਕਈ ਕਈ ਕਿਲੋਮੀਟਰ ਦੂਰ ਤਕ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ ਤੇ ਆਵਾਜਾਈ ਠੱਪ ਹੋ ਗਈ। ਕਿਸਾਨਾਂ ਦੇ ਰੋਸ ਪ੍ਰਦਰਸ਼ਨ ਨੂੰ ਦੇਖਦਿਆਂ ਹਰਿਆਣਾ ਪੁਲੀਸ ਨੇ ਪਹਿਲਾਂ ਹੀ ਬੈਰੀਕੇਡ ਲਗਾ ਦਿੱਤੇ ਸਨ। ਧਰਨਾਕਾਰੀ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਵੱਲੋਂ ਕੀਤੀ ਜਾ ਰਹੀ ਟਾਲ ਮਟੋਲ ’ਤੇ ਨਾਰਾਜ਼ਗੀ ਜ਼ਾਹਰ ਕੀਤੀ। ਕਿਸਾਨ ਇਸ ਵੇਲੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ, ਕਰਜ਼ਾ ਮੁਆਫ਼ੀ ਅਤੇ ਬਿਜਲੀ ਬਿੱਲਾਂ ਵਿੱਚ ਰਾਹਤ ਆਦਿ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਸਰਕਾਰ ਉਨ੍ਹਾਂ ਦੇ ਮਸਲਿਆਂ ਵੱਲ ਧਿਆਨ ਨਹੀਂ ਦੇ ਰਹੀ, ਜਿਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ ਹੈ। ਜਾਮ ਕਾਰਨ ਅੰਬਾਲਾ-ਚੰਡੀਗੜ੍ਹ ਹਾਈਵੇਅ ’ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਹ ਜਾਮ ਕਰੀਬ ਪੰਜ ਤੋਂ ਸੱਤ ਕਿਲੋਮੀਟਰ ਲੰਬਾ ਲੱਗ ਗਿਆ ਹੈ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਵਾਹਨ ਟ੍ਰੈਫਿਕ ਜਾਮ ਵਿੱਚ ਫਸੇ ਹੋਏ ਹਨ ਅਤੇ ਸਵਾਰੀਆਂ ਨੂੰ ਬਦਲਵਾਂ ਰਸਤਾ ਲੱਭਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਹਾਲਾਤ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਏਜੰਸੀ