ਐੱਸਕੇਐੱਮ ਦੀ ਮੀਟਿੰਗ ਸਮਾਪਤ: ਗੋਲੀ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ 302 ਦਾ ਪਰਚਾ ਦਰਜ ਕਰਨ ਦੀ ਮੰਗ
ਚੰਡੀਗੜ੍ਹ, 22 ਫਰਵਰੀ
ਅੱਜ ਇਥੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ 302 ਦਾ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 23 ਫਰਵਰੀ ਨੂੰ ਕਿਸਾਨ ਗ੍ਰਹਿ ਮੰਤਰੀ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕਰਨਗੇ। ਇਸ ਮੌਕੇ ਰਾਕੇਸ਼ ਟਿਕੈਤ ਨੇ ਕਿਹਾ ਕਿ 26 ਫਰਵਰੀ ਨੂੰ ਸਮੂਹ ਕਿਸਾਨ ਮੁੱਖ ਹਾਈਵੇਅ ’ਤੇ ਟਰੈਕਟਰ ਲੈ ਕੇ ਪ੍ਰਦਰਸ਼ਨ ਕਰਨਗੇ।ਵਰਨਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ 'ਤੇ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਅੱਜ ਇੱਥੇ ਮੀਟਿੰਗ ਸੱਦੀ ਸੀ। ਐੱਸਕੇਐੱਮ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ 2020-21 ਵਿੱਚ ਅੰਦੋਲਨ ਦੀ ਅਗਵਾਈ ਕੀਤੀ ਸੀ। ਬਾਅਦ ’ਚ ਕਾਨੂੰਨ ਰੱਦ ਕਰ ਦਿੱਤੇ ਗਏ ਸਨ। ਅੱਜ ਦੀ ਮੀਟਿੰਗ ਲਈ ਐੱਸਕੇਐੱਮ ਦੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਹੋਰ ਰਾਜਾਂ ਤੋਂ ਕਈ ਆਗੂ ਇੱਥੇ ਪੁੱਜੇ ਹੋਏ ਸਨ।