Farmers protest ਐੱਸਕੇਐੱਮ (ਗੈਰਸਿਆਸੀ) ਵੱਲੋਂ ਡੀਸੀ ਦਫ਼ਤਰਾਂ ਅੱਗੇ ਦੇਸ਼ਵਿਆਪੀ ਰੋਸ ਪ੍ਰਦਰਸ਼ਨਾਂ ਦਾ ਐਲਾਨ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਮਾਰਚ
Farmers protest ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਪੁਲੀਸ ਦੇ ਬੁਲਡੋਜ਼ਰ ਐਕਸ਼ਨ ਦੇ ਕੁਝ ਘੰਟਿਆਂ ਮਗਰੋਂ ਸੰਯੁਕਤ ਕਿਸਾਨ ਮੋਰਚਾ (ਗ਼ੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਨੇ ਵੀਰਵਾਰ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦੇਸ਼ਿਵਆਪੀ ਰੋਸ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਤੇ ਕੁਝ ਹੋਰਨਾਂ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਕੁਝ ਕਿਸਾਨ ਆਗੂਆਂ ਨੇ ਪੂਰੇ ਪੰਜਾਬ ਵਿਚ ਚੱਕਾ ਜਾਮ ਦਾ ਐਲਾਨ ਕੀਤਾ ਹੈ। ਚੱਕਾ ਜਾਮ ਨੂੰ ਲੈ ਕੇ ਪਿੰਡ ਪੱਧਰ ’ਤੇ ਮੁਨਿਆਦੀ ਕੀਤੀ ਗਈ ਹੈ ਤੇ ਕਿਸਾਨਾਂ ਨੂੰ ਨੇੜਲੀਆਂ ਸੜਕਾਂ ਜਾਮ ਕਰਨ ਲਈ ਕਿਹਾ ਗਿਆ ਹੈ। ਇਸ ਦੌਰਾਨ ਪੁਲੀਸ ਨੇ ਰੋਸ ਮੁਜ਼ਾਹਰਿਆਂ ਨੂੰ ਰੋਕਣ ਲਈ ਕਈ ਕਿਸਾਨ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਦੇ ਤਰਜਮਾਨ ਗੁਰਦੀਪ ਸਿੰਘ ਨੇ ਕਿਹਾ ਕਿ ਹਿਰਾਸਤ ਵਿਚ ਲਏ ਕਿਸਾਨਾਂ ਨੇ ਪੁਲੀਸ ਹਿਰਾਸਤ ਵਿਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
ਪਟਿਆਲਾ ਤੇ ਸੰਗਰੂਰ ’ਚ ਇੰਟਰਨੈੱਟ ਸੇਵਾਵਾਂ ਬੰਦ
ਉਧਰ ਕਿਸਾਨਾਂ ਦੇ ਅੰਦੋਲਨ ਦੀ ਰੌਸ਼ਨੀ ਵਿਚ ਸੰਗਰੂਰ ਜ਼ਿਲ੍ਹੇ ਵਿਚ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹੈ। ਪਟਿਆਲਾ ਤੇ ਨਾਲ ਲੱਗਦੇ ਇਲਾਕਿਆਂ ਵਿਚ ਬੁੱਧਵਾਰ ਸ਼ਾਮ ਤੋਂ ਹੀ ਇੰਟਰਨੈੱਟ ਬੰਦ ਹੈ।
ਡੱਲੇਵਾਲ ਵੱਲੋਂ ਡਾਕਟਰੀ ਸਹਾਇਤਾ ਲੈਣ ਤੋਂ ਨਾਂਹ, ਜਲੰਧਰ ਦੇ ਪੀਡਬਲਿਊਡੀ ਗੈਸਟ ਹਾਊਸ ਤਬਦੀਲ
ਜਲੰਧਰ (ਹਤਿੰਦਰ ਮਹਿਤਾ): ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਲੰਧਰ ਛਾਉਣੀ ਦੇ ਪੀਡਬਲਿਊਡੀ ਰੈਸਟ ਹਾਊਸ ਵਿਚ ਰੱਖਿਆ ਗਿਆ ਹੈ। ਡੱਲੇਵਾਲ ਨੂੰ ਰਾਤ ਦੋ ਵਜੇ ਦੇ ਕਰੀਬ ਪਟਿਆਲਾ ਤੋਂ ਜਲੰਧਰ ਲਿਆਂਦਾ ਗਿਆ ਸੀ। ਕਿਸਾਨ ਆਗੂ ਨੂੰ ਪਹਿਲਾਂ PIMS ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਪਰ ਜਦੋਂ ਕਿਸਾਨ ਆਗੂ ਨੇ ਡਾਕਟਰੀ ਸਹਾਇਤਾ ਲੈਣ ਤੋਂ ਨਾਂਹ ਨੁੱਕਰ ਕੀਤੀ ਤਾਂ ਉਨ੍ਹਾਂ ਨੂੰ ਅੱਜ ਸਵੇਰੇ ਪੀਡਬਲਿਊਡੀ ਗੈਸਟ ਹਾਊਸ ਵਿਚ ਤਬਦੀਲ ਕਰ ਦਿੱਤਾ ਗਿਆ। ਗੈਸਟ ਹਾਊਸ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਸੂਬਾ ਸਰਕਾਰ ਵਿਚਲੇ ਸੂਤਰਾਂ ਨੇ ਕਿਹਾ ਕਿ ਡੱਲੇਵਾਲ ਨੂੰ ਅਗਲੇ ਇਕ ਦੋ ਦਿਨ ਇਕ ਤੋੋਂ ਦੂਜੀ ਥਾਂ ਤਬਦੀਲ ਕੀਤਾ ਜਾਂਦਾ ਰਹੇਗਾ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਹਮਾਇਤ ਵਿਚ ਇਕੱਤਰ ਨਾ ਹੋਣ ਦਿੱਤਾ ਜਾਵੇ। ਡੱਲੇਵਾਲ ਦੇ ਥਹੁ ਟਿਕਾਣੇ ਨੂੰ ਗੁਪਤ ਰੱਖਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਦੇਰ ਰਾਤ ਡੱਲੇਵਾਲ ਨੂੰ ਡੀਐੱਮਸੀ ਲੁਧਿਆਣਾ ਤਬਦੀਲ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਸੀ।
ਐੱਸਕੇਐੱਮ (ਆਲ ਇੰਡੀਆ) ਅੱਜ ਕਰੇਗਾ ਅਗਲੀ ਰਣਨੀਤੀ ਦਾ ਐਲਾਨ
ਉਧਰ ਸੰਯੁਕਤ ਕਿਸਾਨ ਮੋਰਚਾ (ਆਲ ਇੰਡੀਆ) ਵਿਚ ਸ਼ਾਮਲ ਆਗੂਆਂ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਸੀਚੇਵਾਲ, ਦਰਸ਼ਨ ਪਾਲ ਤੇ ਹਰਿੰਦਰ ਸਿੰਘ ਲੱਖੋਵਾਲ ਵੱਲੋਂ ਅੱਜ ਬੈਠਕ ਕਰਕੇ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਪੁਲੀਸ ਦੀ ਕਾਰਵਾਈ ਨੂੰ ਅਸਧਾਰਨ ਦੱਸਦਿਆਂ ਦੇਸ਼ ਭਰ ਦੀਆਂ ਕਿਸਾਨ ਯੂਨੀਅਨਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ
ਹਰਿਆਣਾ ਪੁਲੀਸ ਵੱਲੋਂ ਦੋ ਕਿਸਾਨ ਆਗੂਆਂ ਨੂੰ ਨੋਟਿਸ ਜਾਰੀ
ਇਸ ਦੌਰਾਨ ਹਰਿਆਣਾ ਪੁਲੀਸ ਨੇ ਕਿਸਾਨ ਆਗੂਆਂ ਜਸਮੀਤ ਸਿੰਘ ਤੇ ਤੇਜਵੀਰ ਸਿੰਘ ਦੇ ਘਰਾਂ ਵਿਚ ਨੋਟਿਸ ਭੇਜ ਕੇ ਉਨ੍ਹਾਂ ਨੂੰ ਅੱਜ (ਵੀਰਵਾਰ ਨੂੰ) ‘ਸਿਟ’ ਅੱਗੇ ਪੇਸ਼ ਹੋਣ ਲਈ ਕਿਹਾ ਹੈ। ਵਿਸ਼ੇਸ਼ ਜਾਂਚ ਟੀਮ ਦੋਵਾਂ ਕਿਸਾਨ ਆਗੂਆਂ ਖਿਲਾਫ਼ ਪਿਛਲੇ ਸਾਲ ਦਰਜ ਕੇਸ ਦੀ ਜਾਂਚ ਕਰ ਰਹੀ ਹੈ। ਨੋਟਿਸ ਵਿਚ ਕਿਹਾ ਗਿਆ ਹੈ ਕਿ ਜੇ ਉਹ ਸਿਟ ਅੱਗੇ ਪੇਸ਼ ਨਾ ਹੋਏ ਤਾਂ ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਪੁਲੀਸ ਦੀ ਕਾਰਵਾਈ ਕਿਸਾਨਾਂ ਨਾਲ ਵਿਸ਼ਵਾਸਘਾਤ: ਲਖਵਿੰਦਰ ਸਿਰਸਾ
ਪਾਤੜ੍ਹਾਂ, (ਗੁਰਨਾਮ ਸਿੰਘ ਚੌਹਾਨ): ਢਾਬੀ ਗੁੱਜਰਾਂ (ਖਨੌਰੀ) ਬਾਰਡਰ ’ਤੇ ਪੁਲੀਸ ਦੇ ਬੁਲਡੋਜ਼ਰ ਐਕਸ਼ਨ ਬਾਰੇ ਪ੍ਰਤੀਕਿਰਿਆ ਦਿੰਦਿਆਂ ਕਿਸਾਨ ਆਗੂ ਲਖਵਿੰਦਰ ਸਿੰਘ ਸਿਰਸਾ ਨੇ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਪਿੱਠ ਵਿੱਚ ਉਸ ਸਮੇਂ ਛੁਰਾ ਮਾਰਿਆ ਹੈ ਜਦੋਂ ਕੇਂਦਰ ਸਰਕਾਰ ਨਾਲ ਐੱਮਐੱਸਪੀ ਗਾਰੰਟੀ ਕਾਨੂੰਨ ਅਤੇ ਕਿਸਾਨਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਲਗਾਤਾਰ ਗੱਲਬਾਤ ਚੱਲ ਰਹੀ ਹੈ ਅਤੇ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਸੀ। ਪਰ ਸੰਘਰਸ਼ ਵਿੱਚੋਂ ਨਿਕਲੀ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਅਤੇ ਕਿਸਾਨਾਂ ਵਿੱਚ ਚੱਲ ਰਹੀ ਗੱਲਬਾਤ ਨੂੰ ਤਾਰਪੀਡੋ ਕਰਨ ਲਈ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਹੈ।
ਉਨ੍ਹਾਂ ਕਿਹਾ ਹੈ ਕਿ ਸਰਕਾਰ ਕਿਸਾਨ ਅੰਦੋਲਨ ਨੂੰ ਦਬਾਅ ਨਹੀਂ ਸਕਦੀ। ਅੰਦੋਲਨ ਹੋਰ ਵੀ ਤਿੱਖਾ ਕਰਨ ਲਈ ਵੀਰਵਾਰ ਨੂੰ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਅਤੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਹੈ ਕਿ ਕਿਸਾਨ ਆਗੂਆਂ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਕੁਝ ਕਿਸਾਨ ਆਗੂਆਂ ਨੇ ਪੰਜਾਬ ਵਿਚ ਚੱਕਾ ਜਾਮ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਲਖਵਿੰਦਰ ਸਿੰਘ ਸਿਰਸਾ ਨੇ ਆਪਣੀ ਵੀਡੀਓ ਵਿੱਚ ਸਪਸ਼ਟ ਕੀਤਾ ਹੈ ਕਿ ਕਿਸਾਨਾਂ ਨੇ ਪੁਲੀਸ ਹਿਰਾਸਤ ਵਿਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।