For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੇ ਮੰਤਰੀ ਦੇ ਘਰ ਅੱਗਿਓਂ ਧਰਨਾ ਚੁੱਕ ਕੇ ਨਿਊ ਮੋਤੀ ਮਹਿਲ ਦੇ ਦਰ ਮੱਲੇ

10:48 AM Oct 20, 2024 IST
ਕਿਸਾਨਾਂ ਨੇ ਮੰਤਰੀ ਦੇ ਘਰ ਅੱਗਿਓਂ ਧਰਨਾ ਚੁੱਕ ਕੇ ਨਿਊ ਮੋਤੀ ਮਹਿਲ ਦੇ ਦਰ ਮੱਲੇ
ਪਟਿਆਲਾ ਵਿੱਚ ਨਿਊ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਲਾਈਂ ਬੈਠੇ ਕਿਸਾਨ। -ਫੋਟੋ: ਰਾਜੇਸ਼ ਸੱਚਰ
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ, 19 ਅਕਤੂਬਰ
ਝੋਨਾ ਖ਼ਰੀਦਣ ਤੇ ਵਿਕੀ ਫ਼ਸਲ ਚੁੱਕਣ ਨੂੰ ਲੈ ਕੇ ਪੰਜਾਬ ਭਰ ’ਚ ਪੈਦਾ ਹੋਈਆਂ ਮੰਡੀਆਂ ਵਿਚਲੀਆਂ ਸਮੱਸਿਆਵਾਂ ਦਾ ਹੱਲ ਯਕੀਨੀ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਅੱਜ ਇਥੇ ‘ਨਿਊ ਮੋਤੀ ਬਾਗ਼ ਪੈਲੇਸ’ ਅੱਗੇ ਵੀ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਦੇ ਇਸ ਮਹਿਲ ਨੂੰ ਕਿਸਾਨਾਂ ਨੇ ਇਨ੍ਹਾਂ ਦੇ ਪ੍ਰਮੁੱਖ ਭਾਜਪਾ ਨੇਤਾਵਾਂ ਵਜੋਂ ਨਿਸ਼ਾਨਾ ਬਣਾਇਆ ਗਿਆ ਹੈ। ਕਿਸਾਨਾਂ ਨੇ ਸੜਕ ’ਤੇ ਹੀ ਤੰਬੂ ਗੱਡ ਕੇ 35 ਏਕੜ ਵਿੱਚ ਬਣੇ ਇਸ ਮਹਿਲ ਮੁੱਖ ਗੇਟ ਦੇ ਬਿਲਕੁਲ ਸਾਹਮਣੇ ਧਰਨਾ ਮਾਰਿਆ ਹੈ। ਉਧਰ, ਇਸ ਧਰਨੇ ਕਾਰਨ ਲੋਕਾਂ ਨੂੰ ਬਦਲਵੇਂ ਰਾਹਾਂ ਦੀ ਵਰਤੋਂ ਕਰਨ ਕਰਕੇ ਮੁਸ਼ਕਲਾਂ ਪੇਸ਼ ਆ ਰਹੀ ਹਨ।
ਮੋਤੀ ਮਹਿਲ ਵਾਲੇ ਇਸ ਪੱਕੇ ਮੋਰਚੇ ਦੀ ਅਗਵਾਈ ਕਰ ਰਹੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਬਾਰਨ ਨੇ ਕਿਹਾ ਕਿ ਬੀਤੇ ਦਿਨੀਂ ਪਟਿਆਲਾ ਸਥਿਤ ਸਿਹਤ ਮੰਤਰੀ ਡਾ .ਬਲਬੀਰ ਸਿੰਘ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ ਸੀ, ਜੋ ਸ਼ਾਮ ਨੂੰ ਹੀ ਚੁੱਕ ਲਿਆ ਸੀ। ਮੋਤੀ ਮਹਿਲ ਅੱਗੇ ਅੱਜ ਸ਼ੁਰੂ ਹੋਇਆ ਇਹ ਧਰਨਾ ਸਮੁੱਚੇ ਮਸਲੇ ਦਾ ਹੱਲ ਹੋਣ ਤੱਕ ਜਾਰੀ ਰਹੇਗਾ ਕਿਉਂਕਿ ਗੋਦਾਮ ਖਾਲੀ ਨਾ ਕਰਨ ਲਈ ਕੇਂਦਰ ਦੀ ਭਾਜਪਾ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਦੱਸਿਆ ਪਟਿਆਲਾ ਜ਼ਿਲ੍ਹੇ ਦੇ ਦੋ ਟੌਲ ਪਲਾਜ਼ਿਆਂ ’ਤੇ ਟੌਲ ਪਰਚੀ ਕਟਾਏ ਬਿਨਾਂ ਵਾਹਨ ਲੰਘ ਰਹੇ ਹਨ।
ਸੰਗਰੂਰ (ਗੁਰਦੀਪ ਸਿੰਘ ਲਾਲੀ): ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨ ਅੱਜ ਦੂਜੇ ਦਿਨ ਵੀ ਇਥੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਦੀ ਕੋਠੀ ਅੱਗੇ ਰੋਸ ਧਰਨੇ ’ਤੇ ਡਟੇ ਰਹੇ। ਇਸ ਦੌਰਾਨ ਬੁਲਾਰਿਆਂ ਨੇ ਕਿਸਾਨ-ਮਜ਼ਦੂਰਾਂ ਨੂੰ ਪਰਿਵਾਰਾਂ ਸਮੇਤ ਟੌਲ ਪਲਾਜ਼ਿਆਂ, ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਚੱਲ ਰਹੇ ਪੱਕੇ ਮੋਰਚਿਆਂ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਬਲਾਕ ਮਾਲੇਰਕੋਟਲਾ ਦੇ ਪ੍ਰਧਾਨ ਚਰਨਜੀਤ ਸਿੰਘ ਹਥਨ ਤੇ ਬਲਾਕ ਅਹਿਮਦਗੜ੍ਹ ਦੇ ਆਗੂ ਜਗਰੂਪ ਸਿੰਘ ਖੁਰਦ ਦੀ ਅਗਵਾਈ ਹੇਠ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੇ ਦਫ਼ਤਰ ਅੱਗੇ ਲਗਾਇਆ ਪੱਕਾ ਮੋਰਚੇ ਦੂਜੇ ਦਿਨ ਵੀ ਜਾਰੀ ਹੈ।
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ): ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿੜ੍ਹਬਾ ਦਫਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦਾ ਦਿਨ-ਰਾਤ ਦਾ ਧਰਨਾ ਦੂਜੇ ਵਿੱਚ ਸ਼ਾਮਲ ਹੋ ਗਿਆ। ਆਗੂਆਂ ਨੇ ਦੱਸਿਆ ਕਿ ਉਗਰਾਹਾਂ ਜਥੇਬੰਦੀ ਦੀ ਪੰਜ ਮੈਂਬਰੀ ਸੂਬਾ ਆਗੂ ਟੀਮ ਦੇ ਫ਼ੈਸਲੇ ਅਨੁਸਾਰ ਦੋਵਾਂ ਕਿਸਮਾਂ ਦੇ ਮੋਰਚੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਜਾਰੀ ਰਹਿਣਗੇ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਝੋਨੇ ਦੇ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੇ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਕਾਲਾਝਾੜ ਟੌਲ ਪਲਾਜ਼ੇ ਉੱਤੇ ਅੱਜ ਤੀਜੇ ਦਿਨ ਵੀ ਟੌਲ ਪਰਚੀ ਮੁਫ਼ਤ ਕਰਕੇ ਪੱਕਾ ਮੋਰਚਾ ਜਾਰੀ ਰੱਖਿਆ ਗਿਆ।
ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਝੋਨੇ ਦੀ ਫ਼ਸਲ ਮੰਡੀਆਂ ਵਿੱਚ ਆਉਣ ਦੇ ਬਾਵਜੂਦ ਅਜੇ ਤੱਕ ਝੋਨੇ ਦੀ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਜੇ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Advertisement

ਕਿਸਾਨਾਂ ਵੱਲੋਂ ਕੈਬਨਿਟ ਮੰਤਰੀ ਅਰੋੜਾ ਦੀ ਕੋਠੀ ਅੱਗੇ ਧਰਨਾ

ਸੁਨਾਮ ’ਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਪ੍ਰਦਰਸ਼ਨ ਕਰਦੇ ਹੋਏ ਕਿਸਾਨ।

ਸੁਨਾਮ ਊਧਮ ਸਿੰਘ ਵਾਲਾ (ਬੀਰਇੰਦਰ ਸਿੰਘ ਬਨਭੌਰੀ): ਝੋਨੇ ਦੀ ਖ਼ਰੀਦ ਨੂੰ ਲੈ ਕੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਅੱਗੇ ਚੱਲ ਰਿਹਾ ਧਰਨਾ ਅੱਜ ਦੂਜੇ ਦਿਨ ਵਿੱਚ ਪਹੁੰਚ ਗਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੁਨਾਮ ਬਲਾਕ ਪ੍ਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਹੇਠ ਚੱਲ ਰਿਹਾ ਧਰਨਾ ਹਰ ਰੋਜ਼ ਜੋਸ ਫੜ ਰਿਹਾ ਹੈ। ਧਰਨੇ ਵਿੱਚ ਲੋਕਾਂ ਦੀ ਸ਼ਮੂਲੀਅਤ ਵਧ ਰਹੀ ਹੈ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਸਵੰਤ ਸਿੰਘ ਤੋਲਾਵਾਲ ਨੇ ਕਿਹਾ ਕਿ ਮੰਡੀਆਂ ’ਚ ਕਿਸਾਨਾਂ ਦੀ ਫਸਲ ਰੁਲ ਰਹੀ ਹੈ ਜਦੋਂਕਿ ਸੜਕਾਂ ’ਤੇ ਕਿਸਾਨ ਰੁਲ੍ਹ ਰਹੇ ਹਨ ਪਰ ਕੇਦਰ ਤੇ ਪੰਜਾਬ ਸਰਕਾਰ ਕੁੰਭਕਰਨੀ ਦੀ ਨੀਦ ਸੁੱਤੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਅੰਨਦਾਤੇ ਹਾਂ ਅਤੇ ਸਮੁੱਚੇ ਦੇਸ਼ ਦਾ ਢਿੱਡ ਭਰਦੇ ਹਾਂ ਪਰੰਤੂ ਬਦਲੇ ਵਿਚ ਖੁਦਕੁਸ਼ੀਆਂ ਅਤੇ ਕੈਂਸਰ ਵਰਗੀਆਂ ਬਿਮਾਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ, ਲਿਫਟਿੰਗ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਡੀਏਪੀ ਦੀ ਖਾਦ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਅਤੇ ਪਰਾਲੀ ਦਾ ਯੋਗ ਪ੍ਰਬੰਧ ਕੀਤਾ ਜਾਵੇ।

Advertisement

‘ਆਪ’ ਨੂੰ ਬਦਨਾਮ ਕਰਨ ਲਈ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਿਹੈ ਕੇਂਦਰ: ਗੋਇਲ

ਲਹਿਰਾਗਾਗਾ (ਰਮੇਸ਼ ਭਾਰਦਵਾਜ): ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਨੇ ਅੱਜ ਇੱਥੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੀ ‘ਆਪ’ ਸਰਕਾਰ ਨੂੰ ਬਦਨਾਮ ਕਰਵਾਉਣ ਲਈ ਕਿਸਾਨਾਂ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਰਚਾ ਲਾਉਣਾ ਕਿਸਾਨਾਂ ਦਾ ਸ਼ੌਕ ਨਹੀਂ ਹੈ, ਅਜਿਹੇ ਮੋਰਚੇ ਲਾਉਣ ਲਈ ਕੇਂਦਰ ਦੀ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਉਨ੍ਹਾਂ ਅਜੇ ਤੱਕ ਕੇਂਦਰ ਨੇ ਡੀਏਪੀ ਦਾ ਪ੍ਰਬੰਧ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਵੀ ਕੇਂਦਰ ਨੂੰ ਚਿੱਠੀਆਂ ਲਿਖ ਰਹੀ ਹੈ। ਇਸ ਦੌਰਾਨ ਇੱਥੇ ਪੁਰਾਣੀ ਅਨਾਜ ਮੰਡੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਗੋਇਲ ਦੇ ਨਿੱਜੀ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਬਲਾਕ ਦੇ ਜਰਨਲ ਸਕੱਤਰ ਬਹਾਦਰ ਸਿੰਘ ਭੁਟਾਲ ਖੁਰਦ ਦੀ ਅਗਵਾਈ ਹੇਠ ਅੱਜ ਪੱਕਾ ਮੋਰਚਾ ਤੀਸਰੇ ਦਿਨ ਵੀ ਜਾਰੀ ਰਿਹਾ

Advertisement
Author Image

Advertisement