For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦੇ ਸਵਾਲ

06:16 AM Apr 11, 2024 IST
ਕਿਸਾਨਾਂ ਦੇ ਸਵਾਲ
Advertisement

ਪਿਛਲੇ ਮਹੀਨੇ ਦਿੱਲੀ ਦੇ ਰਾਮਲੀਲ੍ਹਾ ਮੈਦਾਨ ਦੀ ਰੈਲੀ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੀ ਪੁਜ਼ੀਸ਼ਨ ਸਾਫ਼ ਕੀਤੀ ਸੀ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਮੋਰਚੇ ਨੇ ਹਰਿਆਣਾ ਦੀ ਹੱਦ ’ਤੇ ਦੋ ਥਾਵਾਂ ਉਪਰ ਪਿਛਲੇ ਪਿਛਲੇ ਦੋ ਮਹੀਨਿਆਂ ਤੋਂ ਮੋਰਚਾ ਲਾਇਆ ਹੋਇਆ ਹੈ। ਰਾਮਲੀਲ੍ਹਾ ਮੈਦਾਨ ਦੀ ਰੈਲੀ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਵਿਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਖਿ਼ਲਾਫ਼ ਪ੍ਰਚਾਰ ਕਰਨ ਦਾ ਐਲਾਨ ਕੀਤਾ ਸੀ ਜਿਸ ਦੇ ਮੱਦੇਨਜ਼ਰ ਪੰਜਾਬ ਵਿਚ ਵੱਖ-ਵੱਖ ਥਾਵਾਂ ’ਤੇ ਕਿਸਾਨ ਜਥੇਬੰਦੀਆਂ ਵਲੋਂ ਚੋਣ ਪ੍ਰਚਾਰ ਕਰਨ ਆ ਰਹੇ ਭਾਜਪਾ ਉਮੀਦਵਾਰਾਂ ਨੂੰ ਕਾਲੀਆਂ ਝੰਡੀਆਂ ਦਿਖਾ ਕੇ ਵਿਰੋਧ ਕੀਤਾ ਜਾ ਰਿਹਾ ਸੀ।
ਇਸੇ ਪ੍ਰਸੰਗ ਵਿਚ ਹੁਣ ਸੰਯੁਕਤ ਕਿਸਾਨ ਮੋਰਚਾ ਦੀ ਪੰਜ ਮੈਂਬਰੀ ਕਮੇਟੀ ਵਲੋਂ ਲੋਕ ਸਭਾ ਚੋਣਾਂ ਲਈ ਕੇਂਦਰ ਵਿਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਲਈ 11 ਨੁਕਾਤੀ ਸਵਾਲਨਾਮਾ ਤਿਆਰ ਕੀਤਾ ਗਿਆ ਹੈ ਜਿਸ ਵਿਚ ਸੰਯੁਕਤ ਕਿਸਾਨ ਮੋਰਚੇ ਨੇ ਇਸ ਪਾਰਟੀ ਦੇ ਉਮੀਦਵਾਰਾਂ ਅਤੇ ਆਗੂਆਂ ਨੂੰ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਗਿਆ ਹੈ। ਇਸ ਵਿਚ ਭਾਜਪਾ ਤੋਂ ਪੁੱਛਿਆ ਗਿਆ ਹੈ ਕਿ ਕਿਸਾਨ ਅੰਦੋਲਨ ਦੌਰਾਨ ਕਿੱਲਾਂ ਗੱਡ ਕੇ ਤੇ ਬੈਰੀਕੇਡ ਲਾ ਕੇ ਸੜਕਾਂ ਕਿਉਂ ਰੋਕੀਆਂ ਗਈਆਂ ਅਤੇ ਕਿਸਾਨਾਂ ਉਪਰ ਗੋਲੀਆਂ ਤੇ ਅੱਥਰੂ ਗੈਸ ਦੀ ਵਰਤੋਂ ਕਿਉਂ ਕੀਤੀ ਗਈ, ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਕਿਉਂ ਮਾਰਿਆ ਗਿਆ, 400 ਕਿਸਾਨਾਂ ਨੂੰ ਜ਼ਖ਼ਮੀ ਕਿਉਂ ਕੀਤਾ ਗਿਆ ਅਤੇ ਉਨ੍ਹਾਂ ਦੇ ਟਰੈਕਟਰਾਂ ਦੀ ਭੰਨਤੋੜ ਕਿਉਂ ਕੀਤੀ ਗਈ, ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕਿਉਂ ਨਹੀਂ ਕੀਤੀ ਗਈ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਕਾਨੂੰਨੀ ਮਾਨਤਾ ਦੇਣ ਅਤੇ ਐੱਮਐੱਸਪੀ ਸੀ2 ਪਲੱਸ 50 ਫ਼ੀਸਦ ਮੁਨਾਫ਼ੇ ਨਾਲ ਮਿੱਥਣ ਵਿਚ ਕੀ ਸਮੱਸਿਆ ਹੈ, ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਇਨਸਾਫ਼ ਕਿਉਂ ਨਹੀਂ ਦਿੱਤਾ ਗਿਆ ਅਤੇ ਅਜੈ ਮਿਸ਼ਰਾ ਹਾਲੇ ਵੀ ਕੇਂਦਰੀ ਕੈਬਨਿਟ ਵਿਚ ਕਿਉਂ ਹਨ। ਇਸ ਸਵਾਲਨਾਮੇ ਵਿਚ ਕਿਸਾਨਾਂ ਤੋਂ ਇਲਾਵਾ ਪੰਜਾਬ ਦੇ ਕੁਝ ਹੋਰ ਮਸਲਿਆਂ ਨਾਲ ਸਬੰਧਿਤ ਸਵਾਲ ਵੀ ਪੁੱਛੇ ਗਏ ਹਨ।
ਸਾਲ 2020 ਦੇ ਕਿਸਾਨ ਅੰਦੋਲਨ ਮੌਕੇ ਵੀ ਕੇਂਦਰ ਸਰਕਾਰ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਸੀ ਜਿਸ ਕਰ ਕੇ ਕਿਸਾਨਾਂ ਨੂੰ 13 ਮਹੀਨਿਆਂ ਤੋਂ ਵੱਧ ਸਮਾਂ ਦਿੱਲੀ ਦੀਆਂ ਬਰੂਹਾਂ ’ਤੇ ਅੰਦੋਲਨ ਲੜਨਾ ਪਿਆ ਸੀ ਅਤੇ 700 ਤੋਂ ਵੱਧ ਕਿਸਾਨਾਂ ਨੂੰ ਆਪਣੇ ਪ੍ਰਾਣਾਂ ਦੀ ਆਹੂਤੀ ਦੇਣੀ ਪਈ ਸੀ। ਸਮਾਜ ਦਾ ਕੋਈ ਵੀ ਤਬਕਾ ਜਦੋਂ ਸਰਕਾਰ ਸਾਹਮਣੇ ਆਪਣੀਆਂ ਮੰਗਾਂ ਅਤੇ ਮਸਲਿਆਂ ਨੂੰ ਲੈ ਕੇ ਸੜਕਾਂ ’ਤੇ ਆਉਂਦਾ ਹੈ ਤਾਂ ਉਸ ਪ੍ਰਤੀ ਦਰੁਸਤ ਪਹੁੰਚ ਅਪਣਾਉਣ ਦੀ ਲੋੜ ਹੁੰਦੀ ਹੈ ਅਤੇ ਅੜੀਅਲ ਰਵੱਈਏ ਕਰ ਕੇ ਅਕਸਰ ਮਾਮਲੇ ਵਿਗੜ ਜਾਂਦੇ ਹਨ। ਸੰਯੁਕਤ ਕਿਸਾਨ ਮੋਰਚੇ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਆਗੂਆਂ ਤੋਂ ਆਪਣੇ ਕਿੱਤੇ ਅਤੇ ਭਾਈਚਾਰੇ ਨਾਲ ਜੁੜੇ ਵਡੇਰੇ ਸਵਾਲ ਪੁੱਛਣ ਦਾ ਜੋ ਪ੍ਰੋਗਰਾਮ ਉਲੀਕਿਆ ਹੈ, ਉਸ ਸਬੰਧ ਵਿਚ ਜਮਹੂਰੀ ਭਾਵਨਾ ਕਾਇਮ ਰੱਖੀ ਜਾਣੀ ਚਾਹੀਦੀ ਹੈ। ਖੇਤੀਬਾੜੀ ਮਹਿਜ਼ ਧੰਦਾ ਨਹੀਂ ਸਗੋਂ ਸਾਡੇ ਸਮਾਜ ਦੀ ਜੀਵਨ ਰੇਖਾ ਹੈ। ਇਸ ਲਈ ਖੇਤੀਬਾੜੀ ਅਤੇ ਕਿਸਾਨੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ ਪਰ ਇਸ ਲਈ ਸਾਰੀਆਂ ਧਿਰਾਂ ਨੂੰ ਜਵਾਬਦੇਹ ਹੋਣਾ ਚਾਹੀਦਾ ਹੈ ਅਤੇ ਸੰਵੇਦਨਸ਼ੀਲ ਰੁਖ਼ ਅਪਣਾਉਣ ਦੀ ਲੋੜ ਹੈ।

Advertisement

Advertisement
Author Image

joginder kumar

View all posts

Advertisement
Advertisement
×