ਪੰਜਾਬ ਦੇ ਪਾਣੀਆਂ ਤੇ ਸੰਘੀ ਢਾਂਚੇ ਦੀ ਮਜ਼ਬੂਤੀ ਲਈ ਮੁਹਾਲੀ ’ਚ ਹੋਵੇਗੀ ਕਿਸਾਨਾਂ ਦੀ ਮਹਾਰੈਲੀ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਪੰਜਾਬ ਦੇ ਪਾਣੀਆਂ, ਸੰਘੀ ਢਾਂਚੇ ਦੀ ਮਜ਼ਬੂਤੀ ਅਤੇ ਵਾਤਾਵਰਨ ਦੇ ਮੁੱਦੇ ’ਤੇ ਮੁਹਾਲੀ ਵਿੱਚ ਕਿਸਾਨਾਂ ਦੀ ਮਹਾਰੈਲੀ ਕਰਨ ਦਾ ਐਲਾਨ ਕੀਤਾ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਮੈਜਿਸਟਰੇਟ ਨੇ ਪਿਛਲੇ ਦਨਿੀਂ ਧਾਰਾ 144 ਲਾਗੂ ਕਰ ਕੇ ਮੁਹਾਲੀ ਜ਼ਿਲ੍ਹੇ ਦੀ ਹੱਦ ਅੰਦਰ ਰੋਸ ਧਰਨੇ ਅਤੇ ਪ੍ਰਦਰਸ਼ਨਾਂ ’ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਪਰ ਪੰਜਾਬ ਦੇ ਕਿਸਾਨ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੇ ਬਾਵਜੂਦ ਮੁਹਾਲੀ ਵਿੱਚ 5 ਅਗਸਤ ਨੂੰ ਮਹਾਰੈਲੀ ਕਰਨ ਲਈ ਬਜ਼ਿੱਦ ਹਨ।
ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਵਫ਼ਦ ਨੇ ਅੱਜ ਮੁਹਾਲੀ ਦੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਕਿਸਾਨ ਮਹਾਰੈਲੀ ਬਾਰੇ ਅਗਾਊਂ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹਮਖ਼ਿਆਲ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ 5 ਅਗਸਤ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਬਿ ਦੇ ਸਾਹਮਣੇ ਪੁੱਡਾ ਗਰਾਉਂਡ ਫੇਜ਼-8 ਵਿੱਚ ਮਹਾਰੈਲੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੀਸੀ ਵੱਲੋਂ ਪਿਛਲੇ ਦਨਿੀਂ ਧਰਨੇ ਅਤੇ ਪ੍ਰਦਰਸ਼ਨਾਂ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਲਈ ਉਨ੍ਹਾਂ ਨੇ ਜ਼ਿਲ੍ਹਾ ਮੈਜਿਸਟਰੇਟ ਨੂੰ 5 ਅਗਸਤ ਨੂੰ ਕੀਤੀ ਜਾਣ ਵਾਲੀ ਕਿਸਾਨ ਰੈਲੀ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਦੌਰਾਨ ਉਨ੍ਹਾਂ ਮੁਹਾਲੀ ਜ਼ਿਲ੍ਹੇ ਦੇ ਸੱਤ ਪਿੰਡਾਂ ਵਿੱਚ ਸਾਲ 2019 ’ਚ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਹੁਣ ਤੱਕ ਜਾਰੀ ਨਾ ਹੋਣ ਦਾ ਮੁੱਦਾ ਵੀ ਚੁੱਕਿਆ। ਇਸ ਸਬੰਧੀ ਡੀਸੀ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ।