For the best experience, open
https://m.punjabitribuneonline.com
on your mobile browser.
Advertisement

ਪਿੱਪਲੀ ਮਹਾਪੰਚਾਇਤ ਵਿੱਚ ਭਾਜਪਾ ਖ਼ਿਲਾਫ਼ ਗਰਜੇ ਕਿਸਾਨ

07:16 AM Sep 23, 2024 IST
ਪਿੱਪਲੀ ਮਹਾਪੰਚਾਇਤ ਵਿੱਚ ਭਾਜਪਾ ਖ਼ਿਲਾਫ਼ ਗਰਜੇ ਕਿਸਾਨ
ਪਿੱਪਲੀ ਕਿਸਾਨ ਮਹਾਪੰਚਾਇਤ ਵਿੱਚ ਪਹੁੰਚੇ ਵੱਡੀ ਗਿਣਤੀ ਕਿਸਾਨ।
Advertisement

ਆਤਿਸ਼ ਗੁਪਤਾ/ਸਰਬਜੋਤ ਸਿੰਘ ਦੁੱਗਲ
ਚੰਡੀਗੜ੍ਹ/ਕੁਰੂਕਸ਼ੇਤਰ, 22 ਸਤੰਬਰ
ਸੰਯਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਰਨਾਂ ਮੰਗਾਂ ਬਾਰੇ ਅੱਜ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਪੈਂਦੇ ਪਿੱਪਲੀ ’ਚ ਕਿਸਾਨ ਮਹਾਪੰਚਾਇਤ ਕੀਤੀ ਗਈ। ਇਸ ਵਿੱਚ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼ ਅਤੇ ਗੁਜਰਾਤ ਦੇ ਕਿਸਾਨ ਆਗੂਆਂ ਨੇ ਸ਼ਿਰਕਤ ਕੀਤੀ। ਕਿਸਾਨ ਆਗੂਆਂ ਨੇ ਭਾਜਪਾ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਭਗਵਾਂ ਪਾਰਟੀ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਤੇ ਕਾਰਪੋਰੇਟ ਪੱਖੀ ਨੀਤੀਆਂ ਬਾਰੇ ਚਰਚਾ ਕੀਤੀ। ਇਸ ਦੌਰਾਨ ਕਿਸਾਨ ਆਗੂਆਂ ਨੇ ਸਾਂਝੇ ਤੌਰ ’ਤੇ ਫੈਸਲਾ ਲਿਆ ਕਿ ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਪਿਛਲੀਆਂ ਲੋਕ ਸਭਾ ਚੋਣਾਂ ਵਾਂਗ ਭਾਜਪਾ ਆਗੂਆਂ ਕੋਲੋਂ ਸ਼ਾਂਤਮਈ ਢੰਗ ਨਾਲ ਸਵਾਲ ਪੁੱਛੇ ਜਾਣਗੇ। ਜੇਕਰ ਭਾਜਪਾ ਆਗੂ ਜਵਾਬ ਨਹੀਂ ਦਿੰਦੇ ਤਾਂ ਉਨ੍ਹਾਂ ਦੀ ਵੀਡੀਓ ਬਣਾ ਕੇ ਵਾਇਰਲ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਸਾਰਿਆਂ ਨੂੰ ਕਾਨੂੰਨ ਦੀ ਉਲੰਘਣਾ ਨਾ ਕਰਨ ਅਤੇ ਚੋਣਾਂ ਦਾ ਮਾਹੌਲ ਖ਼ਰਾਬ ਨਾ ਕਰਨ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਫੈਸਲਾ ਲਿਆ ਕਿ ਹਰਿਆਣਾ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਾਂਗਰਸੀ ਉਮੀਦਵਾਰਾਂ ਕੋਲੋਂ ਵੀ ਸਵਾਲ ਪੁੱਛਿਆ ਜਾਵੇ ਕਿ ਜੇ ਉਹ ਸੱਤਾ ਵਿੱਚ ਆਉਂਦੇ ਹਨ ਤਾਂ ਸ਼ੰਭੂ ਤੇ ਖਨੌਰੀ ਬਾਰਡਰ ਖੋਲ੍ਹਣਗੇ ਜਾਂ ਨਹੀਂ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ 3 ਅਕਤੂਬਰ ਨੂੰ ਲਖੀਮਪੁਰ ਖੀਰੀ ਕਾਂਡ ਦੇ ਕਥਿਤ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਦੇਸ਼ ਭਰ ਵਿੱਚ ਦੁਪਹਿਰੇ 12.30 ਵਜੇ ਤੋਂ ਬਾਅਦ ਦੁਪਹਿਰ 2.30 ਵਜੇ ਤੱਕ ਰੇਲਾਂ ਰੋਕਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਲਖੀਮਪੁਰ ਖੀਰੀ ਵਿੱਚ ਮਾਰੇ ਗਏ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਦਾ ਉਹ ਚੁੱਪ ਨਹੀਂ ਬੈਠਣਗੇ।
ਕਿਸਾਨ ਮਹਾਪੰਚਾਇਤ ਨੂੰ ਸਰਵਨ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਮਨਜੀਤ ਸਿੰਘ ਰਾਏ, ਜਸਵਿੰਦਰ ਸਿੰਘ ਲੌਂਗੋਵਾਲ, ਸੁਰਜੀਤ ਸਿੰਘ ਫੂਲ, ਰਣਜੀਤ ਸਿੰਘ ਰਾਜੂ, ਅਮਰਜੀਤ ਸਿੰਘ ਮੋਹੜੀ, ਅਸ਼ੋਕ, ਮਹਾਵੀਰ ਗੁੱਜਰ, ਗੁਰਅਮਨੀਤ ਸਿੰਘ ਮਾਂਗਟ, ਸਿਫਤ ਖਾਨ ਮੈਵਾਤੀ, ਅਨਿਲ ਖਰਾਰੀ, ਗੁਰਪ੍ਰੀਤ ਸਿੰਘ ਸੰਘਾ, ਬੀਬੀ ਸੁਖਵਿੰਦਰ ਕੌਰ, ਮਲਕੀਤ ਸਿੰਘ ਗੁਲਾਮੀ ਵਾਲਾ, ਗੁਰਧਿਆਨ ਸਿੰਘ, ਦਿਲਬਾਗ ਸਿੰਘ ਗਿੱਲ, ਹਰਪ੍ਰੀਤ ਸਿੰਘ, ਅਭਿਮੰਨਿਊ ਕੋਹਾੜ, ਸੁਖਜੀਤ ਸਿੰਘ ਤੇ ਹੋਰਨਾਂ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਆਗੂਆਂ ਨੇ ਹਰਿਆਣਾ ਦੇ ਲੋਕਾਂ ਨੂੰ ਵੋਟ ਪਾਉਣ ਤੋਂ ਪਹਿਲਾਂ ਭਾਜਪਾ ਵੱਲੋਂ 10 ਸਾਲਾਂ ਵਿੱਚ ਕਿਸਾਨਾਂ ਨਾਲ ਕੀਤੇ ਗਏ ਵਤੀਰੇ ਨੂੰ ਯਾਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸ਼ਹੀਦ ਨੌਜਵਾਨ ਕਿਸਾਨ ਸ਼ੁਭਕਰਨ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਭਾਜਪਾ ਨੂੰ ਵੱਡੇ ਫ਼ਰਕ ਨਾਲ ਹਰਾਉਣ ਦੀ ਅਪੀਲ ਕੀਤੀ।

Advertisement

ਲਾਵਾਰਿਸ ਪਸ਼ੂਆਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ: ਅਮਰਜੀਤ ਸਿੰਘ

ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਸ਼ਹੀਦ ਭਗਤ ਸਿੰਘ) ਦੇ ਪ੍ਰਧਾਨ ਅਮਰਜੀਤ ਸਿੰਘ ਨੇ ਹਰਿਆਣਾ ਦੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਹਰਿਆਣਾ ’ਚ ਭਾਜਪਾ ਸਰਕਾਰ ਨੇ ਫ਼ਸਲ ਬੀਮਾ ਯੋਜਨਾ ਤੋਂ ਹੱਥ ਪਿੱਛੇ ਖਿੱਚ ਲਿਆ ਹੈ। ਦੂਜੇ ਪਾਸੇ ਲਾਵਾਰਿਸ ਪਸ਼ੂਆਂ ਕਾਰਨ ਫ਼ਸਲਾਂ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਵਿੱਚ ਲਾਵਾਰਿਸ ਪਸ਼ੂਆਂ ਸਬੰਧੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ, ਸੂਬੇ ਵਿੱਚ ਮੁਸਤਰਕਾ ਮਾਲਕਾਨਾ ਅਤੇ ਦੇਹ ਸ਼ਾਮਲਾਤ ਆਦਿ ਜ਼ਮੀਨਾਂ ਕਿਸਾਨਾਂ ਦੇ ਨਾਮ ਕੀਤੀਆਂ ਜਾਣ।

Advertisement

Advertisement
Author Image

Advertisement