For the best experience, open
https://m.punjabitribuneonline.com
on your mobile browser.
Advertisement

ਭਾਜਪਾ ਉਮੀਦਵਾਰਾਂ ਦੇ ਘਰਾਂ ਅੱਗੇ ਗਰਜੇ ਕਿਸਾਨ

10:22 AM May 29, 2024 IST
ਭਾਜਪਾ ਉਮੀਦਵਾਰਾਂ ਦੇ ਘਰਾਂ ਅੱਗੇ ਗਰਜੇ ਕਿਸਾਨ
ਜਲੰਧਰ ਵਿੱਚ ਸੁਸ਼ੀਲ ਰਿੰਕੂ ਦੇ ਘਰ ਦੇ ਬਾਹਰ ਲੱਗੇ ਧਰਨੇ ’ਚ ਸ਼ਾਮਲ ਕਿਸਾਨ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਮਈ
ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸਕੇਐੱਮ (ਗੈਰ-ਰਾਜਨੀਤਕ) ਵੱਲੋਂ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਘਰਾਂ ਅੱਗੇ ਧਰਨੇ ਦੇਣ ਦੇ ਸੱਦੇ ਤਹਿਤ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦੇ ਘਰ ਅੱਗੇ ਕਿਸਾਨਾਂ ਵੱਲੋਂ ਧਰਨਾ ਦਿੱਤਾ ਗਿਆ। ਕਿਸਾਨ ਆਗੂ ਸਰਵਨ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ, ਜਰਮਨਜੀਤ ਸਿੰਘ ਬੰਡਾਲਾ ਕੇ ਪਰਮਿੰਦਰ ਸਿੰਘ ਮਾਹਲ ਨੇ ਕਿਹਾ ਕਿ ਦੇਸ਼ ਵਿੱਚ ਪਾਰਲੀਮਾਨੀ ਚੋਣਾਂ ਰਾਹੀਂ ਚੱਲ ਰਹੇ ਭਾਰਤੀ ਰਾਜ ਅਸਲ ਵਿੱਚ ਸਰਮਾਏਦਾਰਾਂ ਦੀ ਤਾਨਾਸ਼ਾਹੀ ਹੈ ਜਿਸ ਤਹਿਤ ਆਪਣੇ ਹੱਕਾਂ ਲਈ ਆਵਾਜ਼ ਚੁੱਕਣ ਵਾਲਿਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਪੰਜਾਬ ਤੇ ਹਰਿਆਣਾ ਦੀ ਸਰਹੱਦ ’ਤੇ ਕਿਸਾਨਾਂ-ਮਜ਼ਦੂਰਾਂ ਉੱਤੇ ਹੋਇਆ ਜ਼ੁਲਮ ਵੀ ਇਸ ਤਾਨਾਸ਼ਾਹੀ ਰਾਜ ਪ੍ਰਬੰਧ ਦਾ ਸਿੱਟਾ ਹੈ। ਕਿਸਾਨਾਂ ਨੇ ਕੁਦਰਤ ਤੇ ਮਨੁੱਖ ਪੱਖੀ ਵਿਕਾਸ ਮਾਡਲ ਲਾਗੂ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਘੱਟੋ-ਘੱਟ ਸਮਰਥਨ ਮੁੱਲ ਦਾ ਗਾਰੰਟੀ ਕਾਨੂੰਨ ਬਣਾਉਣ ਸਮੇਤ ਸਾਰੀਆਂ ਮੰਗਾਂ ਮੰਨਣ ਅਤੇ ਗ੍ਰਿਫ਼ਤਾਰ ਕਿਸਾਨ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਵਾਸਤੇ ਪੁਲੀਸ ਨੇ ਕਰੜੇ ਸੁਰੱਖਿਆ ਪ੍ਰਬੰਧ ਕੀਤੇ ਸਨ।
ਜਲੰਧਰ (ਪਾਲ ਸਿੰਘ ਨੌਲੀ): ਸੰਯੁਕਤ ਕਿਸਾਨ ਮੋਰਚਾ( ਗੈਰ-ਰਾਜਨੀਤਕ) ਦੇ ਸੱਦੇ ’ਤੇ ਭਾਜਪਾ ਉਮੀਦਵਾਰਾਂ ਦਾ 16 ਥਾਵਾਂ ’ਤੇ ਵਿਰੋਧ ਕੀਤਾ ਗਿਆ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਜਲੰਧਰ ਵਿੱਚ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਘਰ ਦੇ ਬਾਹਰ ਧਰਨਾ ਦਿੱਤਾ। ਆਗੂਆਂ ਨੇ ਕਿਹਾ ਕਿ ਕਿਸ ਕਾਨੂੰਨ ਅਧੀਨ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਨੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ? ਉਨ੍ਹਾਂ ਸਿੱਧੇ ਤੌਰ ’ਤੇ ਭਗਵੰਤ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਚਿਤਾਵਨੀ ਦਿੱਤੀ ਕਿ ਉਹ ਭਾਜਪਾ ਦੀ ‘ਬੀ’ ਟੀਮ ਬਣ ਪੰਜਾਬ ਵਿੱਚ ਧੱਕਾਸ਼ਾਹੀ ਕਰ ਕੇ ਲੋਕਤੰਤਰ ਦੀ ਹੱਤਿਆ ਨਾ ਕਰੇ। ਕਿਸਾਨ ਆਗੂਆਂ ਨੇ ਭਾਜਪਾ ਤੇ ਪੰਜਾਬ ਦੇ ਲੋਕਾਂ ਅਤੇ ਦੇਸ਼ ਦੇ ਕਿਸਾਨਾਂ ਨਾਲ ਕੀਤੀ ਗਈ ਵਾਅਦਾਖਿਲਾਫ਼ੀ ਅਤੇ ਧੋਖਾਧੜੀ ਬਾਰੇ ਗੱਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਕਿਸਾਨਾਂ ਦੇ ਸਵਾਲਾਂ ਤੋਂ ਡਰਦੇ ਹੋਏ ਨਜ਼ਰ ਆਏ। ਇਸ ਮੌਕੇ ਸੁਸ਼ੀਲ ਰਿੰਕੂ ਨੂੰ ਪ੍ਰਧਾਨ ਮੰਤਰੀ ਦੇ ਨਾਂ ਲਿਖਿਆ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਕਿਸਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਿਆਣੀਆਂ, ਗੁਰਮੇਲ ਸਿੰਘ ਰੇੜਵਾਂ, ਹਰਪ੍ਰੀਤ ਸਿੰਘ ਕੋਟਲੀ ਗਾਜ਼ਰਾਂ, ਜਗਤਾਰ ਸਿੰਘ ਅਤੇ ਕਿਸਾਨ ਤੇ ਮਜ਼ਦੂਰ ਆਗੂ ਹਾਜ਼ਰ ਸਨ।
ਤਰਨ ਤਾਰਨ (ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਖਡੂਰ ਸਾਹਿਬ ਹਲਕੇ ਦੇ ਭਾਜਪਾ ਉਮੀਦਵਾਰ ਮਨਜੀਤ ਸਿੰਘ ਮੰਨਾ ਦੀ ਪਿੰਡ ਮੀਆਂਵਿੰਡ ਵਿਚਲੀ ਰਿਹਾਇਸ਼ ਸਾਹਮਣੇ ਦਿਨ ਭਰ ਧਰਨਾ ਦਿੱਤਾ ਗਿਆ| ਧਰਨੇ ਵਿੱਚ ਜ਼ਿਲ੍ਹਾ ਭਰ ਤੋਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਤੇ ਬੀਬੀਆਂ ਨੇ ਭਾਗ ਲਿਆ| ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਨੋਚਾਹਲ ਦੀ ਅਗਵਾਈ ਅਧੀਨ ਦਿੱਤੇ ਧਰਨੇ ਵਿੱਚ ਸ਼ਾਮਲ ਕਿਸਾਨਾਂ-ਮਜ਼ਦੂਰਾਂ ਨੂੰ ਜਥੇਬੰਦੀ ਦੇ ਆਗੂ ਹਰਜਿੰਦਰ ਸਿੰਘ ਸ਼ਕਰੀ, ਸਾਬਕ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਦਿਆਲ ਸਿੰਘ ਮੀਆਂਵਿੰਡ, ਹਰਬਿੰਦਰਜੀਤ ਸਿੰਘ ਕੰਗ ਤੇ ਫਤਿਹ ਸਿੰਘ ਪਿੱਦੀ ਨੇ ਸੰਬੋਧਨ ਕੀਤਾ|

Advertisement

ਕਿਸਾਨਾਂ ਨੂੰ ਗੁਮਰਾਹ ਕੀਤਾ ਜਾ ਰਿਹੈ: ਸਰਚਾਂਦ ਸਿੰਘ

ਅੰਮ੍ਰਿਤਸਰ (ਟਨਸ): ਕਿਸਾਨਾ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਦੇ ਮਾਮਲੇ ਵਿੱਚ ਪੰਜਾਬ ਭਾਜਪਾ ਦੇ ਸੂਬਾ ਬੁਲਾਰੇ ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਭਾਜਪਾ ਇੱਕ ਕਿਸਾਨ ਪੱਖੀ ਪਾਰਟੀ ਹੈ ਅਤੇ ਭਾਜਪਾ ਸਰਕਾਰ ਨੇ ਖੇਤੀਬਾੜੀ ਨੂੰ ਪ੍ਰਾਥਮਿਕਤਾ ਦਿੱਤੀ ਹੈ। ਉਨ੍ਹਾ ਦੋਸ਼ ਲਾਇਆ ਕਿ ਵਿਰੋਧੀ ਸਿਆਸੀ ਜਮਾਤਾਂ ਅਤੇ ਜਥੇਬੰਦੀਆਂ ਵੱਲੋਂ ਕਿਸਾਨਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਉਮੀਦਵਾਰਾਂ ਨੂੰ ਪਿੰਡਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣਾ ਜਮਹੂਰੀ ਅਧਿਕਾਰਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਸਨਮਾਨ ਲਈ ਪ੍ਰਧਾਨ ਮੰਤਰੀ ਨੇ ਤਿੰਨ ਖੇਤੀ ਕਾਨੂੰਨ ਵਾਪਸ ਲਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਪਰਾਲੀ ਸਾੜਨ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਵਾਅਦਾ ਕੀਤਾ ਸੀ ਪਰ ਕੇਂਦਰ ਦੇ ਸਮਰਥਨ ਦੇ ਬਾਵਜੂਦ ਬੁਰੀ ਤਰ੍ਹਾਂ ਅਸਫਲ ਰਹੀ ਹੈ। ਕੇਂਦਰ ਸਰਕਾਰ ਨੇ ਸਾਲ 2018 ਤੋ 2023 ਤੱਕ ਸਹਾਇਤਾ ਲਈ 1300 ਕਰੋੜ ਰੁਪਏ ਦੇ ਫ਼ੰਡ ਦਿੱਤੇ ਹਨ। ਇਸ ਤੋਂ ਇਲਾਵਾ ਕੇਂਦਰ ਸਰਕਾਰ ਪਰਾਲੀ ਸਾੜਨ ਤੋ ਰੋਕਣ ਲਈ ਕਿਸਾਨਾਂ ਨੂੰ 100 ਰੁਪਏ ਪ੍ਰਤੀ ਏਕੜ ਦੇ ਰਹੀ ਹੈ।

ਹੁਸ਼ਿਆਰਪੁਰ: ਘਿਰਾਓ ਕਰਨ ਜਾਂਦੇ ਕਿਸਾਨ ਪੁਲੀਸ ਨੇ ਰਾਹ ’ਚ ਰੋਕੇ

ਹੁਸ਼ਿਆਰਪੁਰ (ਹਰਪ੍ਰੀਤ ਕੌਰ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਭਾਜਪਾ ਉਮੀਦਵਾਰਾਂ ਦਾ ਘਿਰਾਓ ਕਰਨ ਦੇ ਉਲੀਕੇ ਪ੍ਰੋਗਰਾਮ ਤਹਿਤ ਅੱਜ ਕਿਸਾਨ ਹੁਸ਼ਿਆਰਪੁਰ ਵਿੱਚ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਜਨਰਲ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ਹੇਠ ਜਦੋਂ ਭਾਜਪਾ ਉਮੀਦਵਾਰ ਅਨੀਤਾ ਦੇ ਚੋਣ ਦਫ਼ਤਰ ਵੱਲ ਜਾ ਰਹੇ ਸਨ ਤਾਂ ਪੁਲੀਸ ਨੇ ਰਸਤੇ ਵਿੱਚ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਕਿਸਾਨ ਰਸਤੇ ਵਿੱਚ ਹੀ ਧਰਨਾ ਲਗਾ ਕੇ ਬੈਠ ਗਏ। ਇਸ ਮੌਕੇ ਕਸ਼ਮੀਰ ਸਿੰਘ, ਸਤਨਾਮ ਸਿੰਘ ਔਲਖ, ਨਿਰਮਲ ਸਿੰਘ, ਜਗਜੀਤ ਸਿੰਘ ਤੇ ਜਸਵੰਤ ਸਿੰਘ ਮੌਜੂਦ ਸਨ।

ਕਿਸਾਨ ਜਥੇਬੰਦੀਆਂ ਵੱਲੋਂ ਮੋਟਰਸਾਈਕਲ ਮਾਰਚ

ਤਰਨ ਤਾਰਨ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵੱਲੋਂ ‘ਭਾਜਪਾ ਹਰਾਓ- ਭਾਜਪਾ ਭਜਾਓ’ ਦੇ ਨਾਅਰੇ ਤਹਿਤ ਇੱਕ ਮੋਟਰਸਾਈਕਲ ਮਾਰਚ ਕੱਢਿਆ ਗਿਆ ਜੋ ਇਲਾਕੇ ਦੇ ਪਿੰਡ ਰਸੂਲਪੁਰ ਤੋਂ ਸ਼ੁਰੂ ਹੋ ਕੇ ਤਰਨ ਤਾਰਨ ਸ਼ਹਿਰ ਦੇ ਅੰਮ੍ਰਿਤਸਰ ਬਾਈਪਾਸ ’ਤੇ ਜਾ ਕੇ ਖਤਮ ਕੀਤਾ ਗਿਆ| ਇਸ ਮੌਕੇ ਜਥੇਬੰਦੀਆਂ ਨੇ ਦੇਸ਼ ਦੇ ਰਾਜਸੀ ਦ੍ਰਿਸ਼ ਤੋਂ ਭਾਜਪਾ ਨੂੰ ਲਾਂਭੇ ਕਰਨ ਦੀ ਲੋਕਾਂ ਨੂੰ ਅਪੀਲ ਕੀਤੀ| ਇਸ ਮੌਕੇ ਕੀਤੇ ਇਕੱਠ ਨੂੰ ਕਿਸਾਨ ਆਗੂ ਦਲਜੀਤ ਸਿੰਘ ਦਿਆਲਪੁਰ, ਮਨਜੀਤ ਸਿੰਘ ਬੱਗੂ, ਨਛੱਤਰ ਸਿੰਘ ਤਰਨ ਤਾਰਨ, ਪ੍ਰਿੰਸੀਪਲ ਦਲਬੀਰ ਸਿੰਘ, ਸੁਖਚੈਨ ਸਿੰਘ ਸਰਹਾਲੀ ਖੁਰਦ ਤੇ ਅਜਾਇਬ ਸਿੰਘ ਨੇ ਭਾਜਪਾ ਆਗੂਆਂ ਵੱਲੋਂ ਦੇਸ਼ ਦੀਆਂ ਘੱਟ ਗਿਣਤੀ ਭਾਈਚਾਰਿਆਂ ਵਿਰੁੱਧ ਜ਼ਹਿਰ ਉਗਲਣ ਦੀ ਨਿੰਦਾ ਕੀਤੀ। ਆਗੂਆਂ ਨੇ ਦਿੱਲੀ ਮੋਰਚੇ ਦੀ ਸਮਾਪਤੀ ’ਤੇ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਅੱਜ ਤੱਕ ਵੀ ਲਾਗੂ ਨਾ ਕਰਨ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ|

Advertisement
Author Image

joginder kumar

View all posts

Advertisement
Advertisement
×