ਕਿਸਾਨ ਟਰੈਕਟਰ ਦੀ ਥਾਂ ਹੋਰ ਵਾਹਨਾਂ ’ਚ ਦਿੱਲੀ ਜਾਣ: ਹਾਈ ਕੋਰਟ
* ਮੋਟਰ ਵਹੀਕਲ ਐਕਟ ਦਾ ਦਿੱਤਾ ਹਵਾਲਾ
* ਅਗਲੀ ਸੁਣਵਾਈ 27 ਨੂੰ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 20 ਫਰਵਰੀ
ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਦਿੱਲੀ ਕੂਚ ਦੇ ਸੱਦੇ ਤਹਿਤ ਪੰਜਾਬ-ਹਰਿਆਣਾ ਦੀਆਂ ਹੱਦਾਂ ਸੀਲ ਕਰਨ ਸਬੰਧੀ ਦੋ ਪਟੀਸ਼ਨਾਂ ’ਤੇ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨਾਂ ਦੌਰਾਨ ਟਰੈਕਟਰ-ਟਰਾਲੀਆਂ ਦੀ ਵਰਤੋਂ ਕਰਨ ’ਤੇ ਇਤਰਾਜ਼ ਜਤਾਇਆ ਹੈ। ਹਾਈ ਕੋਰਟ ਨੇ ਕਿਹਾ ਕਿ ਮੋਟਰ ਵਹੀਕਲ ਐਕਟ ਤਹਿਤ ਹਾਈਵੇਅ ’ਤੇ ਟਰੈਕਟਰ ਚਲਾਉਣ ਦੀ ਪ੍ਰਵਾਨਗੀ ਨਹੀਂ ਦਿੱਤੀ ਜਾ ਸਕਦੀ ਹੈ। ਹਾਈ ਕੋਰਟ ਨੇ ਕਿਹਾ ਕਿ ਕਿਸਾਨ ਜੇਕਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ ਤਾਂ ਉਹ ਕਾਰ, ਬੱਸ ਜਾਂ ਹੋਰਨਾਂ ਵਾਹਨਾਂ ਰਾਹੀਂ ਦਿੱਲੀ ਜਾ ਸਕਦੇ ਹਨ। ਹਾਈ ਕੋਰਟ ਨੇ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਵੱਡੀ ਗਿਣਤੀ ਕਿਸਾਨਾਂ ਦੇ ਇਕੱਠੇ ਹੋਣ ’ਤੇ ਸੂਬਾ ਸਰਕਾਰ ਨੂੰ ਸਵਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਅੰਤਰਰਾਜੀ ਹੱਦਾਂ ਤੋਂ ਭੀੜ ਨੂੰ ਘੱਟ ਕੀਤਾ ਜਾਵੇ। ਉਂਜ ਸੁਣਵਾਈ ਦੌਰਾਨ ਕੇਂਦਰ ਸਰਕਾਰ ਵੱਲੋਂ ਪੇਸ਼ ਵਕੀਲ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਇਸ ਲਈ ਜਲਦ ਮੀਟਿੰਗ ਸੱਦੀ ਜਾਵੇਗੀ ਅਤੇ ਕੋਈ ਠੋਸ ਹੱਲ ਕੱਢ ਲਿਆ ਜਾਵੇਗਾ। ਹਾਈ ਕੋਰਟ ਨੇ ਉਕਤ ਮਾਮਲੇ ਦੀ ਅਗਲੀ ਸੁਣਵਾਈ 27 ਫਰਵਰੀ ’ਤੇ ਪਾ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਿਛਲੇ ਦਿਨੀਂ ਦੋ ਪਟੀਸ਼ਨਾਂ ਪਾਈਆਂ ਗਈਆਂ ਸਨ। ਇਕ ਵਿੱਚ ਪੰਚਕੂਲਾ ਦੇ ਵਸਨੀਕ ਉਦੈ ਪ੍ਰਤਾਪ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ।